''ਆਪ'' ਆਗੂ ਮਨਜਿੰਦਰ ਸਿੱਧੂ ਖਿਲਾਫ 295-ਏ ਦਾ ਅਪਰਾਧਿਕ ਮਾਮਲਾ ਦਰਜ ਕਰਾਵੇ : ਪ੍ਰੋ. ਬਡੂੰਗਰ

Saturday, Apr 20, 2019 - 09:48 AM (IST)

''ਆਪ'' ਆਗੂ ਮਨਜਿੰਦਰ ਸਿੱਧੂ ਖਿਲਾਫ 295-ਏ ਦਾ ਅਪਰਾਧਿਕ ਮਾਮਲਾ ਦਰਜ ਕਰਾਵੇ : ਪ੍ਰੋ. ਬਡੂੰਗਰ

ਫ਼ਤਿਹਗੜ੍ਹ ਸਾਹਿਬ/ਪਟਿਆਲਾ (ਜਗਦੇਵ, ਰਾਣਾ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਤੁਲਨਾ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ ਮਨਜਿੰਦਰ ਸਿੰਘ ਸਿੱਧੂ 'ਤੇ ਧਾਰਮਕ ਭਾਵਨਾਵਾਂ ਭੜਕਾਉਣ ਦੇ ਕਥਿਤ ਦੋਸ਼ 'ਚ ਧਾਰਾ 295-ਏ ਤਹਿਤ ਅਪਰਾਧਿਕ ਮਾਮਲਾ ਦਰਜ ਕਰਵਾਇਆ ਜਾਵੇ।

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮਨਜਿੰਦਰ ਸਿੰਘ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨਾ ਚਾਹੀਦਾ ਹੈ ਤੇ ਇਸ ਖਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿੱਧੂ ਜੋ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਹਨ ਵੱਲੋਂ ਆਪਣੀ ਫੇਸਬੁੱਕ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਦਰਸਾਉਣ ਦੀ ਪੋਸਟ ਵਾਇਰਲ ਕੀਤੀ ਗਈ ਹੈ, ਜਿਸ ਦੀ ਸਿੱਖ ਹਲਕਿਆਂ ਵੱਲੋਂ ਕਾਫੀ ਨਿਖੇਧੀ ਕੀਤੀ ਜਾ ਰਹੀ ਹੈ।


author

Shyna

Content Editor

Related News