ਸਿਰਸਾ ਵਲੋਂ ਕੈਪਟਨ ''ਤੇ ਜਵਾਬੀ ਹਮਲਾ, ਸਰਕਾਰ ਦੇ ਕਹਿਣ ''ਤੇ ਨਹੀਂ ਰੁਕਣਗੇ ਧਾਰਮਿਕ ਆਯੋਜਨ

Monday, Sep 09, 2019 - 02:45 PM (IST)

ਸਿਰਸਾ ਵਲੋਂ ਕੈਪਟਨ ''ਤੇ ਜਵਾਬੀ ਹਮਲਾ, ਸਰਕਾਰ ਦੇ ਕਹਿਣ ''ਤੇ ਨਹੀਂ ਰੁਕਣਗੇ ਧਾਰਮਿਕ ਆਯੋਜਨ

ਜਲੰਧਰ/ਚੰਡੀਗੜ੍ਹ (ਚਾਵਲਾ, ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਜਵਾਬੀ ਹਮਲਾ ਕੀਤਾ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝਾ ਸਮਾਗਮ ਆਯੋਜਿਤ ਕਰਨ ਲਈ ਯਤਨ ਨਾ ਕਰਨ ਦਾ ਭਾਂਡਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਸਿਰ ਭੰਨਣ ਦੇ ਯਤਨ ਦਾ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅਸਲੀਅਤ ਇਹ ਹੈ ਕਿ ਕੈਪਟਨ ਅਤੇ ਉਨ੍ਹਾਂ ਦੇ ਸਾਥੀ ਇਸ ਪਵਿੱਤਰ ਅਤੇ ਇਤਿਹਾਸਕ ਮੌਕੇ 'ਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਨੂੰ ਰੋਕਣਾ ਚਾਹੁੰਦੇ ਹਨ। ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਾਰ-ਵਾਰ ਅਪੀਲ ਕਰਨ, ਲਿਖਤੀ ਚਿੱਠੀਆਂ ਭੇਜਣ ਅਤੇ ਖੁਦ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਮੈਂਬਰਾਂ ਦੇ ਨਾਂ ਨਹੀਂ ਭੇਜੇ ਅਤੇ ਚੁੱਪੀ ਧਾਰ ਕੇ ਰੱਖੀ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਹੈ ਜਿਸ ਅਨੁਸਾਰ ਪੀਰੀ ਅਧਿਆਤਮਕ ਅਤੇ ਰੂਹਾਨੀ ਸ਼ਕਤੀ ਹੋਣ ਦੇ ਨਾਤੇ ਸਰਵਉਚ ਹੈ। ਉਨ੍ਹਾਂ ਕਿਹਾ ਕਿ ਮੀਰੀ ਕਦੇ ਵੀ ਪੀਰੀ 'ਤੇ ਹੁਕਮ ਨਹੀਂ ਚਲਾ ਸਕਦੀ ਅਤੇ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਪੀਰੀ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਨੇ ਇਸ ਅਨੁਸਾਰ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਗਮਾਂ ਦੀ ਯੋਜਨਾ ਉਲੀਕੀ ਹੈ ਅਤੇ ਇਕ ਸਿੱਖ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਅਜਿਹੀ ਗਲਤ ਪਿਰਤ ਨਾ ਪਾਉਣ, ਜਿਸ 'ਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਣੌਤੀ ਮਿਲਦੀ ਹੋਵੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੀ ਸਿਆਸੀ ਸ਼ਕਤੀ ਦੀ ਵਰਤੋਂ ਕਰ ਕੇ ਇਸ ਪਵਿੱਤਰ ਮੌਕੇ 'ਤੇ ਕਾਂਗਰਸ ਦੇ ਸਮਾਗਮ ਆਯੋਜਿਤ ਨਾ ਕਰਨ ਕਿਉਂਕਿ ਅਜਿਹਾ ਕਰਨ ਨਾਲ ਸਮੁੱਚੇ ਵਿਸ਼ਵ ਭਰ ਵਿਚ ਬੈਠੇ ਸਿੱਖ ਭਾਈਚਾਰੇ ਵਿਚ ਗਲਤ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਫਿਰ ਅਪੀਲ ਕੀਤੀ ਕਿ ਉਹ ਸਿਆਸੀ ਲੀਹਾਂ ਤੋਂ ਉਪਰ ਉਠ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਦੋ ਅਧਿਕਾਰੀ ਨਾਮਜ਼ਦ ਕਰਨ ਅਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਸਮਾਗਮਾਂ ਦੇ ਸਫਲ ਆਯੋਜਨ ਲਈ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੂੰ ਸਹਿਯੋਗ ਦੇਣ।


author

Anuradha

Content Editor

Related News