ਦਿੱਲੀ ਗੁਰਦੁਆਰਾ ਕਮੇਟੀ ਨੇ ਦਰਜ ਕਰਵਾਇਆ ਫੌਜਦਾਰੀ ਮੁਕੱਦਮਾ

09/25/2019 12:13:52 PM

ਜਲੰਧਰ (ਬਿਊਰੋ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨ ਅੰਮ੍ਰਿਤਧਾਰੀ ਨੌਜਵਾਨ ਹਰਮੀਤ ਸਿੰਘ ਨੂੰ ਦਿੱਲੀ ਅਧੀਨ ਸੇਵਾਵਾਂ ਬੋਰਡ ਦੀ ਪ੍ਰੀਖਿਆ ਦੇਣ ਤੋਂ ਰੋਕਣ 'ਤੇ ਫੌਜਦਾਰੀ ਮੁਕੱਦਮਾ ਦਰਜ ਕਰਵਾਇਆ ਹੈ ਅਤੇ ਬੁੱਧਵਾਰ ਨੂੰ ਇਸ ਮਾਮਲੇ 'ਤੇ ਦਿੱਲੀ ਹਾਈ ਕੋਰਟ 'ਚ ਕੇਸ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ 'ਚ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਹਰਮੀਤ ਸਿੰਘ, ਜੋ ਕਿ ਅੰਮ੍ਰਿਤਧਾਰੀ ਸਿੱਖ ਹੈ, ਨੂੰ ਡੀ. ਐੱਸ. ਐੱਸ. ਬੀ. ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ ਕਿਉਂਕਿ ਉਸ ਨੇ 5 ਕੱਕਾਰ ਧਾਰਨ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਨੂੰ ਇਹ ਆਖਿਆ ਗਿਆ ਕਿ ਉਹ ਕੱਕਾਰਾਂ ਦੇ ਨਾਲ ਪ੍ਰੀਖਿਆ ਨਹੀਂ ਦੇ ਸਕਦਾ।

ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਸਭ ਵਿਤਕਰਾ ਉਦੋਂ ਕੀਤਾ ਗਿਆ ਜਦੋਂ ਮੌਕੇ 'ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਕਮੇਟੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਹਾਈ ਕੋਰਟ ਦੇ ਹੁਕਮ ਹਨ ਕਿ ਕਿਸੇ ਸਿੱਖ ਨੂੰ ਕੱਕਾਰਾਂ ਕਾਰਣ ਪ੍ਰੀਖਿਆ ਦੇਣ ਤੋਂ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਮੌਕੇ 'ਤੇ ਮੌਜੂਦ ਸਤੀਸ਼ ਕਨੌਜੀਆ ਨਾਮ ਦੇ ਅਧਿਕਾਰੀ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਰਵਾਹ ਕੀਤੇ ਬਗੈਰ ਲਿਖਤੀ ਜਵਾਬ ਦਿੱਤਾ ਕਿ ਉਸ ਨੇ ਡਿਪਟੀ ਸੈਕਟਰੀ ਏ. ਪੀ. ਸ਼ਰਮਾ ਨਾਲ ਗੱਲ ਕਰ ਲਈ ਹੈ, ਜਿਨ੍ਹਾਂ ਨੇ ਕਹਿ ਦਿੱਤਾ ਹੈ ਕਿ ਕੱਕਾਰਾਂ ਨਾਲ ਪ੍ਰੀਖਿਆ ਵਿਚ ਨਾ ਬੈਠਣ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਧਾਰਮਿਕ ਵਿਤਕਰਾ ਬਹੁਤ ਵੱਡਾ ਅਪਰਾਧ ਹੈ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੱਕ ਥੱਲੇ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ 4 ਸਿੱਖ ਵਿਧਾਇਕ ਹਨ ਅਤੇ ਉਨ੍ਹਾਂ ਤੱਕ ਵੀ ਮਾਮਲਾ ਪਹੁੰਚਿਆ ਪਰ ਉਨ੍ਹਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਕੇਜਰੀਵਾਲ ਸਰਕਾਰ ਦੇ ਰਾਜ ਵਿਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਪ੍ਰੀਖਿਆ ਦੇਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਧਾਰਮਿਕ ਵਿਤਕਰੇ ਖਿਲਾਫ ਫੌਜਦਾਰੀ ਕੇਸ ਦਰਜ ਕਰਵਾ ਦਿੱਤਾ ਹੈ ਅਤੇ ਅੱਜ ਅਸੀਂ ਦਿੱਲੀ ਹਾਈ ਕੋਰਟ 'ਚ ਕੇਸ ਦਾਇਰ ਕਰ ਰਹੇ ਹਾਂ। ਸਿਰਸਾ ਨੇ ਕਿਹਾ ਕਿ ਇਹ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਅਤੇ ਅਦਾਲਤ ਦੀ ਤੌਹੀਨ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਧਿਕਾਰੀ ਇਸ ਮਾਮਲੇ ਵਿਚ ਕਸੂਰਵਾਰ ਹਨ ਉਨ੍ਹਾਂ ਖਿਲਾਫ ਅਸੀਂ ਕਾਰਵਾਈ ਦੀ ਮੰਗ ਕਰਾਂਗੇ ਤੇ ਉਨ੍ਹਾਂ ਨੂੰ ਨੌਕਰੀ ਤੋਂ ਚਲਦਾ ਕਰਨ ਦੀ ਵੀ ਮੰਗ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿਚ ਧਾਰਮਿਕ ਵਿਤਕਰਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

shivani attri

This news is Content Editor shivani attri