ਰੰਧਾਵਾ ਖਿਲਾਫ ਕਾਰਵਾਈ ਕਰਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ : ਸਿਰਸਾ

12/29/2019 10:52:20 AM

ਚੰਡੀਗੜ੍ਹ/ਨਵੀਂ ਦਿੱਲੀ (ਅਸ਼ਵਨੀ)— ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ 'ਚ ਮਨਜਿੰਦਰ ਸਿੰਘ ਸਿਰਸਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਰੰਧਾਵਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਿਰਸਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਉਂਦਿਆਂ ਉਨ੍ਹਾਂ ਦੀ ਤੁਲਨਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਨ ਦੇ ਘੋਰ ਅਤੇ ਨਾ-ਮੁਆਫੀਯੋਗ ਅਪਰਾਧ ਲਈ ਉਹ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ ਸਖਤ ਕਾਰਵਾਈ ਕਰਨ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿਰਸਾ ਨੇ ਕਿਹਾ ਕਿ ਦਿੱਲੀ 'ਚ ਇਕ ਫੋਟੋ ਪ੍ਰਦਰਸ਼ਨੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੇਖਦਿਆਂ ਸੁਖਜਿੰਦਰ ਰੰਧਾਵਾ ਵੱਲੋਂ ਗੁਰੂ ਸਾਹਿਬ ਬਾਰੇ ਕੀਤੀਆਂ ਨਿਰਾਦਰ ਭਰੀਆਂ ਟਿੱਪਣੀਆਂ ਬੇਹੱਦ ਨਿੰਦਣਯੋਗ ਹਨ।

ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਕ ਪਾਸੇ ਪੂਰੀ ਦੁਨੀਆ ਵੱਲੋਂ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਮਨਾਉਂਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਪੂਰੇ ਵਿਸ਼ਵ ਅੰਦਰ ਪਹੁੰਚਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਕਾਂਗਰਸੀ ਆਗੂ ਪਹਿਲੀ ਪਾਤਸ਼ਾਹੀ ਬਾਰੇ ਅਪਮਾਨਜਨਕ ਟਿੱਪਣੀਆਂ ਕਰਕੇ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ। ਰੰਧਾਵਾ ਵੱਲੋਂ ਕੀਤੀ ਘਿਨੌਣੀ ਹਰਕਤ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਮਾਰੀ ਹੈ, ਇਸ ਲਈ ਕਾਂਗਰਸੀ ਆਗੂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਿਰਸਾ ਨੇ ਕਿਹਾ ਕਿ ਰੰਧਾਵਾ ਵੱਲੋਂ ਗੁਰੂ ਸਾਹਿਬ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਤੁਲਨਾ ਵਾਲੀ ਹੋਛੀ ਹਰਕਤ ਨੇ ਕਾਂਗਰਸੀਆਂ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇਕ ਵਾਰ ਫਿਰ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਮੁੱਖ ਮੰਤਰੀ ਦੀ ਖੁਸ਼ਾਮਦ ਕਰਨ ਸਮੇਂ ਇੰਨਾ ਥੱਲੇ ਡਿੱਗ ਗਿਆ ਕਿ ਉਸ ਨੂੰ ਗੁਰੂ ਨਾਨਕ ਦੇਵ ਜੀ ਲਈ ਘਟੀਆ ਵਿਸ਼ੇਸ਼ਣ ਇਸਤੇਮਾਲ ਕਰਦਿਆਂ ਬਿਲਕੁਲ ਵੀ ਸ਼ਰਮ ਨਹੀਂ ਆਈ।


shivani attri

Content Editor

Related News