ਮੱਧ ਪ੍ਰਦੇਸ਼ ''ਚੋਂ ਸਿੱਖਾਂ ਨੂੰ ਜਬਰੀ ਕੱਢੇ ਜਾਣ ਦੇ ਮਾਮਲੇ ''ਚ ਅਮਿਤ ਸ਼ਾਹ ਨੂੰ ਦਖਲ ਦੇਣ ਦੀ ਅਪੀਲ

01/01/2020 2:38:56 PM

ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੱਧ ਪ੍ਰਦੇਸ਼ ਦੇ ਪਿੰਡਾਂ 'ਚੋਂ ਸਿੱਖਾਂ ਨੂੰ ਜਬਰੀ ਕੱਢੇ ਜਾਣ ਦੇ ਮਾਮਲੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ ਅਤੇ ਮੁੱਖ ਮੰਤਰੀ ਕਮਲਨਾਥ ਤੇ ਰਾਜ ਸਰਕਾਰ ਵੱਲੋਂ ਸੂਬੇ 'ਚ ਸਿੱਖਾਂ ਖਿਲਾਫ ਅਜਿਹੀਆਂ ਹਿੰਸਕ ਕਾਰਵਾਈਆਂ ਨੂੰ ਸ਼ਹਿ ਦੇਣ 'ਤੇ ਉਨ੍ਹਾਂ ਖਿਲਾਫ ਕਾਰਵਾਈ ਮੰਗੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ 'ਚ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਜੋ ਕਿ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਹਨ, ਸ਼ਿਓਪੁਰ ਜ਼ਿਲੇ ਦੀ ਕਰਹਲ ਤਹਿਸੀਲ 'ਚ ਪੈਂਦੇ ਪਿੰਡਾਂ ਵਿਚ ਸਿੱਖਾਂ ਖਿਲਾਫ ਅਜਿਹੇ ਹਿੰਸਕ ਮੁਜ਼ਾਹਰਿਆਂ ਨੂੰ ਸ਼ਹਿ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਪੁਲਸ ਸੁਰੱਖਿਆ ਪ੍ਰਦਾਨ ਕੀਤੀ ਗਈ ਅਤੇ ਉਹ ਸ਼ਰੇਆਮ ਸਿੱਖਾਂ ਨੂੰ ਪਿੰਡਾਂ 'ਚੋਂ ਕੱਢਣ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਹੜੱਪਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਸਗੋਂ ਇਹ ਸਿੱਖ ਵਿਰੋਧੀ ਨਾਅਰੇ ਵੀ ਲਾ ਰਹੇ ਹਨ ਅਤੇ ਇਹ ਧਮਕੀਆਂ ਦੇ ਰਹੇ ਹਨ ਕਿ 1984 ਦੇ ਸਿੱਖ ਕਤਲੇਆਮ ਵਾਂਗ ਹੀ ਸਿੱਖਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਤੇ ਉਹੀ ਹਸ਼ਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਦੇਸ਼ 'ਚ ਨਾਗਰਿਕਤਾ ਸੋਧ ਐਕਟ ਪਾਸ ਹੋਇਆ ਹੈ ਅਤੇ ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਭਾਰਤ ਆ ਕੇ ਵਸ ਜਾਣ ਲਈ ਆਖਿਆ ਜਾ ਰਿਹਾ ਹੈ ਤੇ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਹ ਇਥੇ ਸੁਰੱਖਿਆ ਹਨ ਜਦਕਿ ਇਸੇ ਸਮੇਂ ਅਜਿਹੀਆਂ ਘਟਨਾਵਾਂ ਵਾਪਰਨ ਕਾਰਣ ਸਿੱਖ ਭਾਈਚਾਰਾ ਚਿੰਤਤ ਹੈ।

ਉਨ੍ਹਾਂ ਕਿਹਾ ਕਿ ਕਮਲਨਾਥ 1984 ਦੇ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੇ ਸਿੱਖਾਂ ਖਿਲਾਫ ਆਪਣੀ ਸਿਆਸੀ ਕਿੜ ਕੱਢਣੀ ਸ਼ੁਰੂ ਕਰ ਦਿੱਤੀ ਹੈ ਤੇ ਮੱਧ ਪ੍ਰਦੇਸ਼ ਵਿਚ ਮੁੱਖ ਮੰਤਰੀ ਬਣਨ ਮਗਰੋਂ ਲੋਕਾਂ ਨੂੰ ਸਿੱਖਾਂ ਖਿਲਾਫ ਭੜਕਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਸਿੱਖ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਇਕ ਵਫਦ ਜਲਦ ਹੀ ਪ੍ਰਭਾਵਿਤ ਪਰਿਵਾਰਾਂ ਕੋਲ ਜਾਵੇਗਾ ਅਤੇ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਨੇ ਕਮਲਨਾਥ ਨੂੰ ਚਿਤਾਵਨੀ ਦਿੱਤੀ ਕਿ ਉਹ ਸਿੱਖਾਂ ਖਿਲਾਫ ਅਜਿਹੀਆਂ ਕਾਰਵਾਈਆਂ ਤੋਂ ਬਾਜ਼ ਆ ਜਾਵੇ ਨਹੀਂ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ।

Anuradha

This news is Content Editor Anuradha