ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਿੰਨੀ ਪਾਰਲੀਮੈਂਟ, ਜਿਸ ''ਤੇ ਸਭ ਨੂੰ ਮਾਣ ਹੈ : ਸਿਰਸਾ

Saturday, Feb 01, 2020 - 01:26 PM (IST)

ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਿੰਨੀ ਪਾਰਲੀਮੈਂਟ, ਜਿਸ ''ਤੇ ਸਭ ਨੂੰ ਮਾਣ ਹੈ : ਸਿਰਸਾ

ਜਲੰਧਰ/ਨਵੀਂ ਦਿੱਲੀ (ਚਾਵਲਾ)— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ, ਜਿਸ 'ਤੇ ਸਾਰਿਆਂ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਹਰਿਆਣਾ ਦੀ ਵੱਖਰੀ ਕਮੇਟੀ ਦੇ ਹੱਕ 'ਚ ਹਲਫੀਆ ਬਿਆਨ ਸੁਪਰੀਮ ਕੋਰਟ 'ਚ ਦਾਇਰ ਕਰਨ ਦੇ ਯਤਨ ਸ੍ਰੀ ਅਕਾਲ ਤਖਤ ਸਾਹਿਬ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਉਣ ਦਾ ਯਤਨ ਹਨ, ਜੋ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਅਹਿਮਦਸ਼ਾਹ ਅਬਦਾਲੀ ਤੋਂ ਲੈ ਕੇ ਕਈ ਹੁਕਮਰਾਨਾ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹ ਲਾਉਣ ਦੇ ਯਤਨ ਕੀਤੇ ਹਨ ਪਰ ਹਮੇਸ਼ਾ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਯਤਨ ਵੀ ਮੂਧੇ ਮੂੰਹ ਡਿੱਗੇਗਾ ਕਿਉਂਕਿ ਦੁਨੀਆ ਭਰ ਦੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ 'ਤੇ ਮਾਣ ਹੈ, ਜੋ ਕਿ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਕਾਇਮ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੇ ਦੁਸ਼ਮਣ ਸਿੱਖਾਂ ਨੂੰ ਛੋਟੀਆਂ-ਛੋਟੀਆਂ ਕਮੇਟੀਆਂ 'ਚ ਵੰਡਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਵੱਖ-ਵੱਖ ਸੂਬਿਆਂ ਨੂੰ ਜੋੜ ਕੇ ਦੇਸ਼ ਬਣਾਉਣ ਵਾਲੇ ਪਟੇਲ ਦੀ ਸ਼ਲਾਘਾ ਹੋ ਰਹੀ ਹੈ ਜਦਕਿ ਦੂਜੇ ਪਾਸੇ ਸਿੱਖਾਂ ਨੂੰ ਛੋਟੇ-ਛੋਟੇ ਹਿੱਸਿਆਂ 'ਚ ਵੰਡਣ ਦੇ ਯਤਨ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਹਰਿਆਣਾ 'ਚ ਵੱਖਰੀ ਕਮੇਟੀ ਬਣਾਉਣ ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦਾ ਵਿਰੋਧ ਕੀਤਾ ਗਿਆ ਸੀ ਤੇ ਇਹ ਯਤਨ ਠੱਪ ਕੀਤੇ ਗਏ ਸਨ ਅਤੇ ਹੁਣ ਵੀ ਢੁੱਕਵਾਂ ਸਮਾਂ ਹੈ ਕਿ ਉਹ ਹਾਅ ਦਾ ਨਾਅਰਾ ਮਾਰਨ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਯਤਨ ਤੁਰੰਤ ਬੰਦ ਕਰਨ ਦੀ ਹਦਾਇਤ ਕਰਨ।
ਸਿਰਸਾ ਨੇ ਕਿਹਾ ਕਿ ਸਿੱਖ ਕਦੇ ਵੀ ਆਪਣੀ ਮਿੰਨੀ ਪਾਰਲੀਮੈਂਟ ਨੂੰ ਤੋੜਨ ਦੇ ਯਤਨ ਬਰਦਾਸ਼ਤ ਨਹੀਂ ਕਰਨਗੇ ਅਤੇ ਸਿੱਖਾਂ ਨੂੰ ਛੋਟੇ-ਛੋਟੇ ਹਿੱਸਿਆਂ 'ਚ ਵੰਡਣ ਦੇ ਯਤਨਾਂ ਨੂੰ ਹਰ ਹੀਲੇ ਅਸਫਲ ਕੀਤਾ ਜਾਵੇਗਾ।


author

shivani attri

Content Editor

Related News