ਸਿੱਖ ਵਿਰੋਧੀ ਹਲਫੀਆ ਬਿਆਨ ਦਾਇਰ ਕਰਨਾ ਘਟੀਆ ਤੇ ਘਿਨੌਣੀ ਹਰਕਤ : ਸਿਰਸਾ

02/20/2020 2:41:04 PM

ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਸਿੱਖ ਬੱਚਿਆਂ ਨੂੰ ਕੱਕਾਰ ਸਮੇਤ ਪ੍ਰੀਖਿਆਵਾਂ 'ਚ ਬੈਠਣ ਦੇ ਵਿਰੋਧ ਵਿਚ ਹਲਫੀਆ ਬਿਆਨ ਦਾਇਰ ਕਰਨਾ ਘਟੀਆ ਅਤੇ ਘਿਨੌਣੀ ਹਰਕਤ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਨੇ ਦੱਸਿਆ ਕਿ ਕੱਕਾਰ ਧਾਰਨ ਕਰਨ ਵਾਲੇ ਬੱਚਿਆਂ ਨੂੰ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੇ ਮਾਮਲੇ 'ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਕੇਸ ਦੀ ਅੱਜ ਸੁਣਵਾਈ ਸੀ, ਜਿਸ ਦੌਰਾਨ ਕੇਜਰੀਵਾਲ ਸਰਕਾਰ ਨੇ ਹਲਫੀਆ ਬਿਆਨ ਦਾਇਰ ਕੀਤਾ ਹੈ ਕਿ ਕੱਕਾਰ ਕਿਉਂਕਿ ਮੈਟਲ ਦੀਆਂ ਵਸਤਾਂ ਹਨ, ਇਸ ਲਈ ਇਨ੍ਹਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਇਨ੍ਹਾਂ ਨਾਲ ਨਕਲ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੱਤਰ ਲਿਖ ਕੇ ਕੱਕਾਰ ਧਾਰਨ ਕਰਨ ਵਾਲੇ ਬੱਚਿਆਂ ਨੂੰ ਪ੍ਰੀਖਿਆਵਾਂ ਵਿਚ ਬੈਠਣ ਦੀ ਆਗਿਆ ਦੇਣ ਦੀ ਗੱਲ ਕਰ ਰਹੇ ਹਨ ਜਦਕਿ ਦੂਜੇ ਪਾਸੇ ਅਜਿਹਾ ਹਲਫੀਆ ਬਿਆਨ ਦਾਇਰ ਕੀਤਾ ਗਿਆ ਹੈ ਜਦਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਿੱਖ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕੱਕਾਰ ਸਮੇਤ ਪ੍ਰੀਖਿਆਵਾਂ 'ਚ ਬੈਠਣ ਦੀ ਆਗਿਆ ਦੇਣ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਸ ਹਲਫੀਆ ਬਿਆਨ ਨੇ ਕੇਜਰੀਵਾਲ ਸਰਕਾਰ ਦੀ ਦੋਗਲੀ ਨੀਤੀ ਅਤੇ ਸਿੱਖ ਵਿਰੋਧੀ ਮਾਨਸਿਕਤਾ ਉਜਾਗਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਧਾਰੀ ਬੱਚਿਆਂ ਨੂੰ ਪ੍ਰੀਖਿਆਵਾਂ 'ਚ ਬੈਠਣ ਨਾ ਦਿੱਤਾ ਗਿਆ ਤਾਂ ਉਨ੍ਹਾਂ ਦਾ ਭਵਿੱਖ ਖਰਾਬ ਹੋਵੇਗਾ ਅਤੇ ਹੋਰ ਬੱਚੇ ਵੀ ਅੰਮ੍ਰਿਤ ਛਕਣ ਤੋਂ ਗੁਰੇਜ਼ ਕਰਨ ਲੱਗ ਜਾਣਗੇ। ਇਹੀ ਘਟੀਆ ਸੋਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ।

ਅਗਲੀ ਸੁਣਵਾਈ 5 ਮਈ ਨੂੰ ਹੋਵੇਗੀ
ਇਸ ਦੌਰਾਨ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 5 ਮਈ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਦਾਲਤੀ ਲੜਾਈ ਲੜ ਕੇ ਆਪਣਾ ਹੱਕ ਲੈ ਕੇ ਰਹੇਗੀ ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਜਰੀਵਾਲ ਸਰਕਾਰ ਦੀ ਦਲੀਲ ਹੈ ਕਿ ਹਵਾਈ ਜਹਾਜ਼ਾਂ ਵਿਚ ਉਚ ਸਕਿਓਰਿਟੀ ਵਾਲੇ ਯੰਤਰਾਂ ਕਾਰਣ ਕੱਕਾਰਾਂ ਦੀ ਛੋਟ ਦਿੱਤੀ ਜਾਂਦੀ ਹੈ ਜਦਕਿ ਸਰਕਾਰ ਖੁਦ ਆਪਣੀ ਕਮਜ਼ੋਰੀ ਛੁਪਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਹਲਫੀਆ ਬਿਆਨ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ ਤੇ ਆਪਣੇ ਅਧਿਕਾਰਾਂ ਦੀ ਲੜਾਈ ਲੜ ਕੇ ਹੱਕ ਲੈ ਕੇ ਰਹਾਂਗੇ।


Anuradha

Content Editor

Related News