ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਵੱਡਾ ਫੈਸਲਾ
Thursday, Mar 19, 2020 - 11:01 AM (IST)
ਜਲੰਧਰ/ਨਵੀਂ ਦਿੱਲੀ— ਵਿਸ਼ਵ ਭਰ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਕਮੇਟੀ ਨੇ ਗੁਰਧਾਮਾਂ 'ਚ ਪਹਿਲਾਂ ਹੀ ਅਹਿਤਿਆਤ ਵਜੋਂ ਕਦਮ ਚੁੱਕੇ ਹਨ ਅਤੇ ਗੁਰਧਾਮਾਂ 'ਚ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੇ ਹੱਥ ਸੈਨੇਟਾਈਜ਼ਰ ਨਾਲ ਸ਼ੁੱਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਇਹ ਫੈਸਲਾ ਲਿਆ ਹੈ ਕਿ ਕੋਈ ਵੀ ਸੈਲਾਨੀ ਜੋ ਵਿਦੇਸ਼ ਤੋਂ ਆਇਆ ਹੋਵੇਗਾ, ਉਹ 15 ਦਿਨਾਂ ਦੇ ਗੈਪ ਤੋਂ ਬਾਅਦ ਹੀ ਗੁਰਦੁਆਰਾ ਸਾਹਿਬ 'ਚ ਦਰਸ਼ਨ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਉਂਦੇ ਉਹੀ ਸੈਲਾਨੀ ਦਰਸ਼ਨ ਕਰਨਗੇ , ਜੋ 15 ਦਿਨਾਂ ਤੋਂ ਵੱਧ ਸਮੇਂ ਤੋਂ ਭਾਰਤ 'ਚ ਠਹਿਰੇ ਹੋਏ ਹਨ। ਇਸ ਤੋਂ ਪਹਿਲਾਂ ਉਹ ਗੁਰਦੁਆਰਾ ਸਹਿਬ 'ਚ ਦਰਸ਼ਨ ਨਹੀਂ ਕਰ ਸਕੇਗਾ।
ਇਸ ਤੋਂ ਇਲਾਵਾ ਜੋ ਪਟਕੇ ਸਿਰ 'ਤੇ ਬੰਨ੍ਹਣ ਲਈ ਦਿੱਤੇ ਜਾਂਦੇ ਹਨ, ਉਨ੍ਹਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਸੰਗਤ ਨੂੰ ਕਿਹਾ ਗਿਆ ਹੈ ਕਿ ਸੰਗਤ ਆਪਣੇ ਹੀ ਰੁਮਾਲੇ ਲੈ ਕੇ ਆਉਣ ਤਾਂਕਿ ਇਨਫੈਕਸ਼ਨ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜੋ ਸੈਲਾਨੀ ਬਾਹਰ ਤੋਂ ਆ ਰਹੇ ਹਨ ਤਾਂ ਉਨ੍ਹਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾਵੇ ਤਾਂਕਿ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਗੁਰਦੁਆਰਾ ਸਾਹਿਬ 'ਚ ਨਾ ਆ ਸਕੇ। ਸਾਰੇ ਸਟਾਫ ਨੂੰ ਹਦਾਇਤ ਦਿੱਤੀ ਗਈ ਕਿ ਹਰ ਇਕ ਘੰਟੇ ਬਾਅਦ 20 ਸੈਕਿੰਡ ਲਈ ਸਟਾਫ ਆਪਣੇ ਹੱਥ ਸਾਬਣ ਧੋਣ। ਇਸ ਤੋਂ ਇਲਾਵਾ ਲੰਗਰ ਘਰ 'ਚ ਬਾਹਰੋਂ ਕੋਈ ਵੀ ਚੀਜ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀ ਇਸ ਮਹਾਮਾਰੀ ਦੇ ਸੰਕਟ ਦੇ ਸਮੇਂ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਨਾਲ ਹਰ ਤਰ੍ਹਾਂ ਦਾ ਸਹਿਯੋਗ ਕਰਨ ਵਾਸਤੇ ਤਿਆਰ ਬਰ ਤਿਆਰ ਹੈ ਤਾਂ ਜੋ ਦੇਸ਼ ਦੇ ਨਾਗਰਿਕਾਂ ਖਾਸ ਤੌਰ 'ਤੇ ਦਿੱਲੀ ਵਾਸੀਆਂ ਨੂੰ ਇਸ ਬੀਮਾਰੀ ਦੀ ਲਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਨੂੰ ਕੀਤੀ ਇਹ ਅਪੀਲ
ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
* ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
* ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
* ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
* ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
* ਟਿਸ਼ੂ ਨਹੀਂ ਹੈ ਤਾਂ ਛਿੱਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
* ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
* ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
* ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
* ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ