ਘੱਟਗਿਣਤੀ ਵਰਗ ਦੇ ਲੋਕਾਂ ਦੀ ਭਲਾਈ ਲਈ ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ

Friday, Feb 10, 2023 - 02:55 AM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟਗਿਣਤੀ ਵਰਗ ਦੇ ਗ਼ਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ’ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਘੱਟਗਿਣਤੀ ਵਰਗ ਦੇ ਗ਼ਰੀਬ ਲੋਕਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਐੱਨ.ਐੱਮ.ਡੀ.ਐੱਫ.ਸੀ. ਤੋਂ ਟਰਮ ਲੋਨ (ਮਿਆਦੀ ਕਰਜ਼ਾ) ਲੈਣ ਸਬੰਧੀ ਆਪਣੇ ਹਿੱਸੇ ਵਜੋਂ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ੍ਰੇਸ਼ਨ ਦੋਸਤ’ : ਤੁਰਕੀ ’ਚ ਭਾਰਤੀ ਫ਼ੌਜ ਦੇ ‘ਫੀਲਡ’ ਹਸਪਤਾਲ ਨੇ ਕੰਮ ਕਰਨਾ ਕੀਤਾ ਸ਼ੁਰੂ

ਰਾਸ਼ਟਰੀ ਕਾਰਪੋਰੇਸ਼ਨ ਐੱਨ.ਐੱਮ.ਡੀ.ਐੱਫ.ਸੀ. ਵੱਲੋਂ ਇਸ ਸਕੀਮ ਅਧੀਨ 18.00  ਕਰੋੜ ਰੁਪਏ ਦੀ ਰਾਸ਼ੀ ਮਿਲਾ ਕੇ ਪੰਜਾਬ ਸੂਬੇ ਦੇ ਘੱਟਗਿਣਤੀ ਵਰਗ ਦੇ ਵਿਅਕਤੀਆਂ ਨੂੰ 19.00 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਨਿਗਮ ਵੱਲੋਂ ਯੋਗ ਵਿਅਕਤੀਆਂ ਨੂੰ ਕਰਜ਼ੇ ਵੰਡਣ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ’ਤੇ ਅਵੇਅਰਨੈੱਸ ਕੈਂਪ ਵੀ ਲਗਾਏ ਜਾਣਗੇ। ਯੋਗ ਵਿਅਕਤੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਸਵੈ-ਰੋਜ਼ਗਾਰ ਦੇ ਧੰਦੇ ਸ਼ੁਰੂ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਟਾਂਡਾ ਉੜਮੁੜ ਵਿਖੇ ਪੁਲਸ ਮੁਲਾਜ਼ਮ ਦੇ ਸਿਰ 'ਚ ਲੱਗੀ ਗੋਲ਼ੀ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿਛਲੇ 5 ਸਾਲਾਂ ’ਚ ਸਾਲ 2020-21 ਦੌਰਾਨ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ। ਇਸ ਸਕੀਮ ਅਧੀਨ ਪੰਜਾਬ ਦੇ ਘੱਟਗਿਣਤੀ ਵਰਗ (ਸਿੱਖ, ਕ੍ਰਿਸ਼ਚੀਅਨ, ਮੁਸਲਮਾਨ, ਪਾਰਸੀ, ਬੋਧੀ ਅਤੇ ਜੈਨੀ) ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸਵੈ-ਰੋਜਗਾਰ ਸਕੀਮ ਅਧੀਨ ਪੰਜ ਲੱਖ ਰੁਪਏ ਦੇ ਕਰਜ਼ੇ 6-8%  ਸਾਲਾਨਾ ਵਿਆਜ ਦੀ ਦਰ ’ਤੇ ਦਿੱਤੇ ਜਾਣਗੇ।  ਇਸ ਤੋਂ ਇਲਾਵਾ ਪੰਜਾਬ ਦੇ ਘੱਟਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਪ੍ਰੋਫੈਸ਼ਨਲ ਅਤੇ ਟੈਕਨੀਕਲ ਐਜੂਕੇਸ਼ਨ ਗ੍ਰੈਜੂਏਟ ਅਤੇ ਇਸ ਤੋਂ ਅੱਗੇ ਪੜ੍ਹਾਈ ਕਰਨ ਲਈ ਐਜੂਕੇਸ਼ਨ ਲੋਨ ਸਕੀਮ ਤਹਿਤ 3% ਸਾਲਾਨਾ ਵਿਆਜ ਦੀ ਦਰ ’ਤੇ ਕਰਜ਼ਾ ਦਿੱਤਾ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਿਨੈਕਾਰ ਭਾਰਤ ਸਰਕਾਰ ਵੱਲੋਂ ਐਲਾਨੇ ਘੱਟਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ।  ਕਰਜ਼ਾ ਲੈਣ ਦੇ ਚਾਹਵਾਨ ਬਿਨੈਕਾਰ ਦੀ ਸਾਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ’ਚ 98,000/- ਰੁਪਏ ਅਤੇ ਸ਼ਹਿਰੀ ਇਲਾਕਿਆਂ ’ਚ 1,20,000/- ਰੁਪਏ ਤੱਕ ਹੋਣੀ ਚਾਹੀਦੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ, ਸਬਜ਼ੀਆਂ ਉਗਾਉਣ, ਸ਼ਹਿਦ ਦੀਆਂ ਮੱਖੀਆਂ ਪਾਲਣ,  ਕਾਰਪੈਂਟਰੀ, ਫਰਨੀਚਰ, ਲੁਹਾਰਾ ਕੰਮ, ਆਟਾ ਚੱਕੀ, ਕੋਹਲੂ, ਆਟੋ ਰਿਕਸ਼ਾ (ਪੈਸੰਜਰ, ਢੋਆ ਢੁਆਈ), ਜਨਰਲ ਸਟੋਰ (ਕਰਿਆਨਾ, ਕੈਟਲ ਫੀਡ, ਪੋਲਟਰੀ ਫੀਡ), ਹਾਰਡਵੇਅਰ ਸਟੋਰ (ਮੈਨਟਰੀ ਅਤੇ ਬਿਲਡਿੰਗ ਮੈਟੀਰੀਅਲ ਲੋਹਾ) ਆਦਿ ਲਈ ਦਿੱਤਾ ਜਾਂਦਾ ਹੈ। ਇਹ ਕਰਜ਼ਾ ਕੱਪੜਾ, ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ, ਸਟੇਸ਼ਨਰੀ ਦੀ ਦੁਕਾਨ, ਸਾਈਕਲ ਸੇਲ ਤੇ ਰਿਪੇਅਰ, ਫੋਟੋਸਟੇਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ),  ਆਟੋ ਮੋਬਾਇਲ ਰਿਪੇਅਰ, ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ, ਹੌਜ਼ਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਾਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ, ਢਾਬਾ, ਬਿਊਟੀ ਪਾਰਲਰ ਲਈ ਵੀ ਦਿੱਤਾ ਜਾਂਦਾ ਹੈ।


Manoj

Content Editor

Related News