ਮਾਨ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਕੀਤਾ ਐਲਾਨ
Sunday, Aug 14, 2022 - 04:34 PM (IST)
ਚੰਡੀਗੜ੍ਹ (ਬਿਊਰੋ) : ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਹੋਣ ਦੇ ਸੁਭਾਗੇ ਮੌਕੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ’ਚ ਹਿੱਸੇਦਾਰ ਬਣਾਉਣ, ਨੌਜਵਾਨ ਸ਼ਕਤੀ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਪਿਛਲੇ ਸਮੇਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਅਤੇ ਪੁਨਰ-ਸੁਰਜੀਤੀ ਕੀਤੀ ਜਾ ਰਹੀ ਹੈ। ਇਹ ਖ਼ੁਲਾਸਾ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੈਕਟਰ-42 ਸਥਿਤ ਯੁਵਕ ਸੇਵਾਵਾਂ ਦੇ ਡਾਇਰੈਕਟੋਰੇਟ ਯੁਵਾ ਭਵਨ ਵਿਖੇ ਕੀਤੀ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਪੁਰਸਕਾਰ ’ਚ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜ਼ਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੀ ਨਵੀਂ ਐਡਵਾਈਜ਼ਰੀ
ਮੀਤ ਹੇਅਰ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਦੇ ਦੋ ਨੌਜਵਾਨਾਂ, ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦਿੱਤਾ ਜਾਂਦਾ ਹੈ ਪਰ ਇਹ ਐਵਾਰਡ ਪਿਛਲੇ ਸਮੇਂ ਤੋਂ ਨਹੀਂ ਦਿੱਤਾ ਗਿਆ। ਪੰਜਾਬ ਸਰਕਾਰ ਨੌਜਵਾਨਾਂ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਇਸ ਐਵਾਰਡ ਨੂੰ ਮੁੜ ਸ਼ੁਰੂ ਕਰਨ ਜਾ ਰਹੀ ਹੈ, ਜਿਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਯੁਵਕ ਭਲਾਈ ਗਤੀਵਿਧੀਆਂ, ਐੱਨ. ਸੀ. ਸੀ., ਐੱਨ. ਐੱਸ. ਐੱਸ., ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ’ਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।
ਇਹ ਖਬਰ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’
ਯੁਵਕ ਸੇਵਾਵਾਂ ਮੰਤਰੀ ਨੇ ਚੰਡੀਗੜ੍ਹ ਵਿਖੇ ਯੁਵਾ ਭਵਨ ਇਮਾਰਤ ਦੇ ਨਵੀਨੀਕਰਨ ਅਤੇ ਪੁਨਰ ਸੁਰਜੀਤੀ ਲਈ ਵੀ ਆਖਿਆ ਹੈ, ਜਿਸ ਉੱਤੇ ਤਕਰੀਬਨ 3 ਕਰੋੜ ਰੁਪਏ ਖਰਚ ਆਉਣਗੇ। ਨੌਜਵਾਨਾਂ ਲਈ ‘ਸੈਂਟਰ ਆਫ ਐਕਸੀਲੈਂਸ’ ਵਜੋਂ ਬਣਾਏ ਜਾਣ ਵਾਲੇ ਇਸ ਯੁਵਾ ਭਵਨ ਦਾ ਉਦੇਸ਼ ਨੌਜਵਾਨਾਂ ਲਈ ਸਰਕਾਰ ਦੀਆਂ ਗਤੀਵਿਧੀਆਂ, ਪ੍ਰੋਗਰਾਮਾਂ ਨੂੰ ਵਧਾਉਣਾ ਹੈ। ਇਸ ਤੋਂ ਇਲਾਵਾ ਯੁਵਕ ਮੇਲੇ ਕਰਵਾਉਣ ਲਈ ਵੀ ਕਿਹਾ ਗਿਆ, ਜਿਸ ’ਚ ਨੌਜਵਾਨ ਵੱਡੇ ਪੱਧਰ ਉੱਤੇ ਹਿੱਸਾ ਲੈਣਗੇ। ਮੀਟਿੰਗ ’ਚ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ : ‘ਇਕ ਵਿਧਾਇਕ-ਇਕ ਪੈਨਸ਼ਨ’ ਨਾਲ 5 ਸਾਲਾਂ ’ਚ ਪੰਜਾਬ ਦੇ ਟੈਕਸਦਾਤਾਵਾਂ ਦੇ ਬਚਣਗੇ 100 ਕਰੋੜ ਰੁਪਏ : ‘ਆਪ’