ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ : ਅਨਮੋਲ ਗਗਨ ਮਾਨ

Monday, Aug 15, 2022 - 11:14 PM (IST)

ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ : ਅਨਮੋਲ ਗਗਨ ਮਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਕਿਰਤ, ਯਾਤਰਾ, ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਡੀ. ਸੀ. ਐੱਨ. ਪੀ. ਐੱਸ. ਰੰਧਾਵਾ ਅਤੇ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਣਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਉਨ੍ਹਾਂ ਇਸ ਮੌਕੇ ਦੇਸ਼ ਦੀ ਆਜ਼ਾਦੀ ’ਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਪੰਜਾਬ ਨਾਲ ਸਬੰਧਤ ਅਜਿਹੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਅਨਮੋਲ ਗਗਨ ਮਾਨ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਮਿੱਟੀ ’ਚੋਂ ਅੱਜ ਵੀ ਸ਼ਹਾਦਤ ਦੀ ਖੁਸ਼ਬੂ ਆਉਂਦੀ ਹੈ ਅਤੇ ਦੇਸ਼ ਲਈ ਮਰ ਮਿਟਣ ਦੀ ਪ੍ਰੇਰਨਾ ਮਿਲਦੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਅਹਿਮ ਵਾਅਦੇ ਜਿਵੇਂ ਕਿ ਇਕ ਵਿਧਾਇਕ ਇਕ ਪੈਨਸ਼ਨ, ਆਮ ਆਦਮੀ ਕਲੀਨਿਕ ਅਤੇ 600 ਯੂਨਿਟ ਤੱਕ ਘਰੇਲੂ ਬਿਜਲੀ ਸਪਲਾਈ ਮੁਫ਼ਤ ਪਹਿਲੇ ਪੰਜ ਮਹੀਨਿਆਂ ’ਚ ਹੀ ਲਾਗੂ ਕਰ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : HC ’ਚ ਜੱਜਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਈ ਹੈਰਾਨੀ, PMO ਨੂੰ ਕੀਤੀ ਇਹ ਅਪੀਲ

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਦਫ਼ਤਰਾਂ ’ਚੋਂ ਰਾਜਨੀਤਕ ਤਸਵੀਰਾਂ ਲਾਉਣ ਦੀ ਪ੍ਰਥਾ ਨੂੰ ਖਤਮ ਕਰਦਿਆਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਬੀ. ਆਰ. ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਤਾਂ ਜੋ ਉਹ ਸਾਨੂੰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਦੀ ਸੇਧ ਅਤੇ ਪ੍ਰੇਰਨਾ ਦੇ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜ਼ੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ’ਚ ਨਾਮਣਾ ਖੱਟ ਰਿਹਾ ਹੈ। ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੂੰ ਪੰਜਾਬ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦਾ ਸਭ ਤੋਂ ਵੱਡਾ ਨਾਗਰਿਕ ਅਧਿਕਾਰ ਕਰਾਰ ਦਿੱਤਾ। ਨਸ਼ਿਆਂ ਖ਼ਿਲਾਫ਼ ਜੰਗ, ਐਂਟੀ-ਗੈਂਗਸਟਰ ਟਾਸਕ ਫ਼ੋਰਸ, ਨੌਜਵਾਨਾਂ ਲਈ ਤਕਨੀਕੀ ਸਿਖਲਾਈ ਸੰਸਥਾਵਾਂ ਦੀ ਸਥਾਪਤੀ, ਕਾਗਜ਼ੀ ਸਟੈਂਪ ਪੇਪਰਾਂ ਦੀ ਥਾਂ ’ਤੇ ਈ-ਸਟੈਂਪ ਦੀ ਸ਼ੁਰੂਆਤ, ਕਿਸਾਨਾਂ ਨੂੰ ਬਦਲਵੀਂਆਂ ਫ਼ਸਲਾਂ ਲਈ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਬਚਾਉਣ ਲਈ ਮੂੰਗੀ ਦਾ ਐੱਮ. ਐੱਸ. ਪੀ. ਦੇਣ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਨੂੰ ਪੰਜਾਬ ਸਰਕਾਰ ਦੀ ਰਾਜ ਅਤੇ ਲੋਕਾਂ ਪ੍ਰਤੀ ਸੰਜੀਦਗੀ ਅਤੇ ਸੁਹਿਰਦਤਾ ਆਖਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ : ਆਜ਼ਾਦੀ ਦਿਹਾੜੇ ’ਤੇ ਬਿਲ ਗੇਟਸ ਵੱਲੋਂ PM ਮੋਦੀ ਦੀ ਤਾਰੀਫ਼, 200 ਕਰੋੜ ਟੀਕਾਕਰਨ ਦੀ ਪ੍ਰਾਪਤੀ ’ਤੇ ਦਿੱਤੀ ਵਧਾਈ

ਕਿਰਤ ਮੰਤਰੀ ਨੇ ਅੱਗੇ ਕਿਹਾ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਦੇ ਲਾਭਪਾਤਰੀਆਂ ਨੂੰ ਕਣਕ ਦੀ ਥਾਂ ਆਟਾ ਸਪਲਾਈ ਕਰਨ, ਦੇਸ਼ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਂਦਾ ਮਾਣਭੱਤਾ ਵਧਾ ਕੇ ਇਕ ਕਰੋੜ ਕਰਨ, ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਾਅਦੇ ਤਹਿਤ 26 ਹਜ਼ਾਰ ਸਰਕਾਰੀ ਅਸਾਮੀਆਂ ’ਤੇ ਭਰਤੀ, ਨੌਜਵਾਨਾਂ ਨੂੰ ਖੇਡਾਂ ’ਚ ਉਤਸ਼ਾਹ ਦੇਣ ਲਈ ਸੂਬੇ ਭਰ ’ਚ 29 ਜੁਲਾਈ ਤੋਂ ਖੇਡ ਮੁਕਾਬਲਿਆਂ ਦੀ ਆਰੰਭਤਾ ਭਗਵੰਤ ਮਾਨ ਸਰਕਾਰ ਦੀ ਸੂਬੇ ਦੇ ਲੋਕਾਂ ਪ੍ਰਤੀ ਸੁਹਿਰਦ ਸੋਚ ਦਾ ਪ੍ਰਗਟਾਵਾ ਹੈ। ਸੂਬੇ ਦੇ ਲੋਕਾਂ ਨੂੰ ਵਾਜਬ ਦਰਾਂ ’ਤੇੇ ਨਿਰਮਾਣ ਸਮੱਗਰੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ, 2021 ’ਚ ਸੋਧ ਨੂੰ ਆਮ ਆਦਮੀ ਲਈ ਉਨ੍ਹਾਂ ਵੱਡੀ ਰਾਹਤ ਕਰਾਰ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਰਤ, ਯਾਤਰਾ ਤੇ ਸੱਭਿਆਚਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਸਿਫ਼ਾਰਸ਼ ’ਤੇ ਸਕੂਲਾਂ ’ਚ 16 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ। 


author

Manoj

Content Editor

Related News