ਮਾਨ ਸਰਕਾਰ ਹੜ੍ਹ ਪ੍ਰਬੰਧਨ ਲਈ ਪੂਰੀ ਤਰ੍ਹਾਂ ਤਿਆਰ, ਹੈਲਪਲਾਈਨ ਨੰਬਰ ਜਾਰੀ

Monday, Aug 25, 2025 - 11:10 PM (IST)

ਮਾਨ ਸਰਕਾਰ ਹੜ੍ਹ ਪ੍ਰਬੰਧਨ ਲਈ ਪੂਰੀ ਤਰ੍ਹਾਂ ਤਿਆਰ, ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ – ਪੰਜਾਬ ਵਿੱਚ ਹੜ੍ਹ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਮਾਨ ਸਰਕਾਰ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕਰ ਲਈਆਂ ਹਨ। ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸਦੀ ਕਮਾਨ ਮੰਤਰੀ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਇਸ ਕੰਟਰੋਲ ਰੂਮ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 0181-2240064 ਜਾਰੀ ਕੀਤਾ ਹੈ, ਜਿਸ ‘ਤੇ ਪ੍ਰਭਾਵਿਤ ਲੋਕ 24 ਘੰਟੇ ਸੰਪਰਕ ਕਰ ਸਕਦੇ ਹਨ।

ਸੱਭਿਆਚਾਰ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਲ ਕੰਟਰੋਲ ਰੂਮ ਤੋਂ ਹਾਲਾਤ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ, ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆ ਅਤੇ ਬਰਿੰਦਰ ਕੁਮਾਰ ਗੋਇਲ ਨੂੰ ਪੂਰੇ ਪੰਜਾਬ ਵਿੱਚ ਹੜ੍ਹ ਸਥਿਤੀ ‘ਤੇ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ।

ਜ਼ਿਲ੍ਹਾ ਪੱਧਰ ‘ਤੇ ਵੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਕਪੂਰਥਲਾ ਵਿੱਚ ਮੰਤਰੀ ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ, ਜਦਕਿ ਫਾਜ਼ਿਲਕਾ ਵਿੱਚ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਧ ਨੂੰ ਹੜ੍ਹ ਸਥਿਤੀ ਦੀ ਨਿਗਰਾਨੀ ਲਈ ਇੰਚਾਰਜ ਬਣਾਇਆ ਗਿਆ ਹੈ।

ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ, ਰਾਹਤ ਅਤੇ ਸਹਾਇਤਾ ਲਈ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਰਾਹਤ ਟੀਮਾਂ ਨੂੰ ਜ਼ਮੀਨੀ ਪੱਧਰ ‘ਤੇ ਤੈਨਾਤ ਕੀਤਾ ਗਿਆ ਹੈ ਅਤੇ ਹਾਲਾਤਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ।


author

Inder Prajapati

Content Editor

Related News