ਸਾਰੇ ਸੂਬੇ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ਲਈ ਪਾਬੰਦ : ਖੱਟੜ

01/06/2020 2:17:32 PM

ਜਲੰਧਰ (ਯੂ. ਐੱਨ. ਆਈ., ਰਾਹੁਲ, ਕਮਲੇਸ਼) : ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਕਿਸਤਾਨੀ ਸ਼ਰਨਾਰਥੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲਾਗੂ ਕਰਨ ਲਈ ਕਾਂਗਰਸ ਸ਼ਾਸਤ ਸੂਬਿਆਂ ਸਮੇਤ ਸਾਰੇ ਸੂਬੇ ਪਾਬੰਦ ਹਨ। ਨਾਗਰਿਕਤਾ ਸੋਧ ਕਾਨੂੰਨ-2019 ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਖੱਟੜ ਨੇ ਜਲੰਧਰ ਦੇ ਦੀਨ ਦਿਆਲ ਉਪਾਧਿਆਏ ਨਗਰ 'ਚ ਜਨ ਜਾਗਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਕੇ. ਡੀ. ਭੰਡਾਰੀ, ਸੂਬਾ ਉਪ-ਪ੍ਰਧਾਨ ਮਹਿੰਦਰ ਭਗਤ, ਜ਼ਿਲਾ ਪ੍ਰਧਾਨ ਰਮਨ ਪੱਬੀ, ਸੁਭਾਸ਼ ਸੂਦ, ਸੂਬਾ ਪ੍ਰਧਾਨ ਸੰਨੀ ਸ਼ਰਮਾ ਅਤੇ ਹੋਰ ਪਤਵੰਤੇ ਮੌਜੂਦ ਸਨ।

ਕਾਂਗਰਸ ਵਲੋਂ ਲੋਕਾਂ ਨੂੰ ਨਾਗਰਿਕਤਾ ਕਾਨੂੰਨ ਸਬੰਧੀ ਗੁੰਮਰਾਹ ਕਰਨ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਖੱਟੜ ਨੇ ਦੱਸਿਆ ਕਿ ਨਾਗਰਿਕਤਾ ਕਾਨੂੰਨ 1955 'ਚ ਬਣਿਆ ਸੀ ਅਤੇ ਸਮੇਂ-ਸਮੇਂ 'ਤੇ ਇਸ 'ਚ ਕਈ ਵਾਰ ਸੋਧ ਕੀਤੀ ਜਾ ਚੁੱਕੀ ਹੈ। ਖੱਟੜ ਨੇ ਕਿਹਾ ਕਿ ਪਾਕਿਸਤਾਨ 'ਚ ਗੁਰਦੁਆਰਾ ਨਨਕਾਣਾ ਸਾਹਿਬ ਦੇ ਗ੍ਰੰਥੀ ਦੀ ਬੇਟੀ ਦਾ ਜ਼ਬਰਦਸਤੀ ਧਰਮ ਤਬਦੀਲ ਕੀਤਾ ਗਿਆ ਅਤੇ ਵਿਰੋਧ ਕਰਨ 'ਤੇ ਗੁਰਦੁਆਰੇ 'ਤੇ ਹਮਲਾ ਕਰ ਦਿੱਤਾ ਗਿਆ। ਭਾਰਤ ਜੇਕਰ ਅਜਿਹੇ ਸਤਾਏ ਹੋਏ ਲੋਕਾਂ ਨੂੰ ਨਾਗਰਿਕਤਾ ਦੇਣਾ ਚਾਹੁੰਦਾ ਹੈ ਤਾਂ ਸਾਰੇ ਦਲਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਅਕਾਲੀ ਦਲ ਦੇ ਵਿਰੋਧ ਦੇ ਸਬੰਧ 'ਚ ਉਨ੍ਹਾਂ ਕਿਹਾ ਕਿ ਭਾਜਪਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਨਾਲ ਇਸ ਮਾਮਲੇ 'ਤੇ ਗੱਲ ਕਰੇਗੀ।

Anuradha

This news is Content Editor Anuradha