ਪੁਲਸ ਅਫਸਰਾਂ ਦੀ ਗ੍ਰਿਫਤਾਰੀ ਵਿਰੁੱਧ ਮਨੋਰੰਜਨ ਕਾਲੀਆ ਨੇ ਖੋਲ੍ਹਿਆ ਮੋਰਚਾ

02/20/2019 10:39:34 AM

ਜਲੰਧਰ (ਖੁਰਾਣਾ)— ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਹਾਲ ਹੀ 'ਚ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਮੋਰਚਾ ਖੋਲ੍ਹਦਿਆਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਅਮਰਿੰਦਰ ਸਰਕਾਰ ਨੂੰ ਅਪੀਲ ਕੀਤੀ ਕਿ ਹੈ ਕਿ ਉਹ ਬਦਲੇ ਦੀ ਰਾਜਨੀਤੀ ਤੋਂ ਪਰਹੇਜ਼ ਕਰਨ।

ਮਨੋਰੰਜਨ ਕਾਲੀਆ ਨੇ ਕਿਹਾ ਕਿ ਬਰਗਾੜੀ ਅਤੇ ਉਸ ਤੋਂ ਬਾਅਦ ਦੀਆਂ ਘਟਨਾਵਾਂ ਨਾਲ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਪਰ ਮੁੱਖ ਮੰਤਰੀ ਅਮਰਿੰਦਰ ਸਰਕਾਰ ਬਦਲੇ ਦੀ ਰਾਜਨੀਤੀ 'ਚ ਜ਼ਿਆਦਾ ਦਿਲਚਸਪੀ ਦਿਖਾ ਰਹੇ ਹਨ। ਪਿਛਲੀਆਂ ਸਰਕਾਰਾਂ ਦੇ ਸਮੇਂ ਜਾਂ ਉਸ ਸਮੇਂ ਤਾਇਨਾਤ ਅਫਸਰਾਂ ਨੂੰ ਕਿਸੇ ਕਮੀ ਪੇਸ਼ੀ ਲਈ ਸਰਕਾਰ ਜ਼ਿੰਮੇਵਾਰ ਠਹਿਰਾਵੇਗੀ ਤਾਂ ਸੂਬੇ ਦਾ ਪ੍ਰਸ਼ਾਸਨ ਕਿਵੇਂ ਚੱਲੇਗਾ। ਉਨ੍ਹਾਂ ਨੇ ਕਿਹਾ ਕਿ ਹਾਲ ਹੀ 'ਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਸ ਦੇ ਅਫਸਰਾਂ ਕਾਰਨ ਪੰਜਾਬ ਪੁਲਸ 'ਚ ਨਮੋਸ਼ੀ ਆਈ ਹੈ। ਇਹ ਉਹੀ ਪੰਜਾਬ ਪੁਲਸ ਹੈ, ਜਿਸ ਨੇ ਅੱਤਵਾਦ ਖਿਲਾਫ ਲੜਾਈ ਲੜੀ ਅਤੇ ਪੰਜਾਬ 'ਚ ਅਮਨ-ਸ਼ਾਂਤੀ ਦੀ ਬਹਾਲੀ ਕੀਤੀ। ਜੇਕਰ ਪੰਜਾਬ ਪੁਲਸ ਹਾਲਤ ਦਾ ਮੁਕਾਬਲਾ ਨਾ ਕਰਦੀ ਤਾਂ ਪੰਜਾਬ 'ਚ ਅਮਨ-ਸ਼ਾਂਤੀ ਦੋਬਾਰਾ ਪਰਤਣੀ ਔਖੀ ਸੀ। ਜੇਕਰ ਸਰਕਾਰੀ ਡਿਊਟੀ ਨਿਭਾਉਂਦੇ ਸਮੇਂ ਕਿਸੇ ਤਰ੍ਹਾਂ ਦੀ ਕਮੀ ਪੇਸ਼ੀ ਰਹਿ ਜਾਂਦੀ ਹੈ ਤਾਂ ਅਫਸਰ 'ਤੇ ਫੌਜਦਾਰੀ ਕਾਰਵਾਈ ਕਰਨ ਦੀ ਬਜਾਏ ਕਿਸੇ ਹੋਰ ਤਰੀਕੇ ਨਾਲ ਸਜ਼ਾ ਦਿੱਤੀ ਜਾ ਸਕਦੀ ਹੈ।

ਕਾਲੀਆ ਨੇ ਕਿਹਾ ਕਿ ਪਾਕਿਸਤਾਨ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ 'ਚ ਵੀ ਗੜਬੜ ਫੈਲਾਉਣ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ। ਅਜਿਹੇ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬ ਪੁਲਸ ਦਾ ਮਨੋਬਲ ਬਣਾਈ ਰੱਖਣ ਅਤੇ ਬਦਲੇ ਦੀ ਰਾਜਨੀਤੀ ਅਤੇ ਦੁਸ਼ਣਬਾਜ਼ੀ ਤੋਂ ਪਰਹੇਜ਼ ਕਰਨ।

shivani attri

This news is Content Editor shivani attri