ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ''ਤੇ ਹੋਏ ਹਮਲੇ ਦੇ ਮਾਮਲੇ ''ਚ ਸਿੱਧੂ ਚੁੱਪ ਕਿਉਂ : ਮਨੋਰੰਜਨ ਕਾਲੀਆ
Sunday, Jan 05, 2020 - 02:18 PM (IST)
ਜਲੰਧਰ (ਗੁਲਸ਼ਨ)— ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਪਾਕਿਸਤਾਨ 'ਚ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹੋਏ ਹਮਲੇ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਗੁਰਦੁਆਰੇ ਦੇ ਗ੍ਰੰਥੀ ਦੀ ਲੜਕੀ ਨੂੰ ਜ਼ਬਰਦਸਤੀ ਇਸਲਾਮ ਧਾਰਨ ਕਰਵਾਉਣ ਤੋਂ ਬਾਅਦ ਉਸ ਦਾ ਵਿਆਹ ਮੁਸਲਮਾਨ ਨਾਲ ਕਰਵਾਉਣ ਦੇ ਦੋਸ਼ ਹੇਠ ਗ੍ਰਿਫਤਾਰ ਲੋਕਾਂ ਨੂੰ ਛੁਡਵਾਉਣ ਲਈ ਗੁਰਦੁਆਰਾ ਨਨਕਾਣਾ ਸਾਹਿਬ ਦਾ ਘਿਰਾਓ ਅਤੇ ਪੱਥਰਬਾਜ਼ੀ ਦੀ ਘਟਨਾ ਬੇਹੱਦ ਨਿੰਦਣਯੋਗ ਹੈ।
ਕਾਲੀਆ ਨੇ ਸਵਾਲ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ 'ਚ ਅਜੇ ਤੱਕ ਚੁੱਪੀ ਕਿਉਂ ਧਾਰੀ ਹੋਈ ਹੈ ਅਤੇ ਉਨ੍ਹਾਂ ਆਪਣੇ ਮਿੱਤਰ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਸ਼ੀਆਂ 'ਤੇ ਫੌਜਦਾਰੀ ਮੁਕੱਦਮਾ ਦਰਜ ਕਰਵਾਉਣ ਲਈ ਕਿਉਂ ਨਹੀਂ ਕਿਹਾ। ਕਾਲੀਆ ਨੇ ਕਿਹਾ ਕਿ ਇਨ੍ਹਾਂ ਕਾਰਣਾਂ ਕਰ ਕੇ ਹੀ ਪਾਕਿਸਤਾਨ, ਬੰਗਲਾਦੇਸ਼, ਅਫਗਾਨਿਸਤਾਨ ਦੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਲਈ ਨਾਗਰਿਕਤਾ (ਸੋਧ) ਕਾਨੂੰਨ ਬਣਾਇਆ ਗਿਆ ਹੈ।
ਦੂਜੇ ਪਾਸੇ ਕਾਲੀਆ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਲਿਖੀ ਇਕ ਚਿੱਠੀ 'ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਬਿਨਾਂ ਵਜ੍ਹਾ ਬਾਤ ਦਾ ਬਤੰਗੜ ਬਣਾ ਰਹੇ ਹਨ ਕਿ ਐੱਨ. ਆਰ. ਸੀ. ਲਾਗੂ ਹੋਣ ਨਾਲ ਭਾਰਤੀ ਮੁਸਲਮਾਨਾਂ ਦੀ ਨਾਗਰਿਕਤਾ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੁੱਦੇ 'ਤੇ ਕਈ ਵਾਰ ਭਰੋਸਾ ਦਿਵਾਇਆ ਜਾ ਚੁੱਕਾ ਹੈ ਕਿ ਸੀ. ਏ. ਏ. ਅਤੇ ਐੱਨ. ਆਰ. ਸੀ. ਲਾਗੂ ਹੋਣ ਨਾਲ ਭਾਰਤ 'ਚ ਕਿਸੇ ਵੀ ਭਾਰਤੀ ਦੀ ਨਾਗਰਿਕਤਾ ਖੋਹੀ ਨਹੀਂ ਜਾਵੇਗੀ, ਭਾਵੇਂ ਉਹ ਕਿਸੇ ਵੀ ਫਿਰਕੇ ਨਾਲ ਸਬੰਧਤ ਕਿਉਂ ਨਾ ਹੋਵੇ।