ਵਿਧਾਇਕ ਇਆਲੀ ਵੱਲੋਂ ਖ਼ੁਦਕੁਸ਼ੀ ਕਰਨ ਵਾਲੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਮਦਦ
Friday, Jun 25, 2021 - 04:07 PM (IST)
ਮੁੱਲਾਂਪੁਰ ਦਾਖਾ (ਕਾਲੀਆ) : ਕਰਜ਼ੇ ਦੀ ਭਾਰੀ ਪੰਡ ਤੋਂ ਦੁਖ਼ੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਰੁੜਕਾ ਦੇ ਕਿਸਾਨ ਬੇਅੰਤ ਸਿੰਘ ਪੁੱਤਰ ਭਜਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਪੀੜਤ ਪਰਿਵਾਰ ਦੇ ਘਰ ਜਾ ਕੇ ਆਪਣੀ ਨਿੱਜੀ ਜੇਬ ਵਿੱਚੋਂ 50 ਰੁਪਏ ਦੀ ਨਕਦੀ ਸਹਾਇਤ ਰਾਸ਼ੀ ਦਿੱਤੀ ਗਈ। ਇਸ ਦੇ ਨਾਲ ਹੀ ਵਿਧਾਇਕ ਵੱਲੋਂ ਭਵਿੱਖ 'ਚ ਵੀ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਸਮੁੱਚੇ ਵੋਟਰ ਮੇਰੇ ਪਰਿਵਾਰ ਦਾ ਹਿੱਸਾ ਹਨ।
ਵਿਧਾਇਕ ਇਆਲੀ ਨੇ ਸੂਬੇ ਅੰਦਰ ਹੋ ਰਹੀਆਂ ਕਿਸਾਨੀ ਖ਼ੁਦਕੁਸ਼ੀਆਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਮੁੱਚਾ ਕਿਸਾਨੀ ਕਰਜ਼ਾ ਖ਼ਤਮ ਕਰਨ ਦੇ ਸਬਜ਼ਬਾਗ ਦਿਖਾ ਕੇ ਵੋਟਾਂ ਤਾਂ ਲੈ ਲਈਆਂ ਪਰ ਕਿਸਾਨਾਂ ਦੀ ਕਰਜ਼ੇ ਵਾਲੀ ਵੱਡੀ ਮੁਸ਼ਕਲ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਵੱਲੋਂ ਕਰਜ਼ਾ ਮੁਆਫ਼ ਹੋਣ ਦੀ ਉਮੀਦ ਕਾਰਨ ਕਰਜ਼ੇ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਗਿਆ ਅਤੇ ਬੈਂਕਾਂ ਵੱਲੋਂ ਕਿਸਾਨਾਂ ਨੂੰ ਡਿਫਾਲਟਰ ਕਰਾਰ ਦੇਣਾ ਸ਼ੁਰੂ ਕਰ ਦਿੱਤਾ ਗਿਆ, ਜਿਸ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਦਾ ਰਾਹ ਚੁਣ ਲਿਆ ਗਿਆ।
ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਕਿਸਾਨੀ ਕਰਜ਼ੇ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਾਅਦੇ ਪੂਰੇ ਕਰਨੇ ਤਾਂ ਦੂਰ ਕਿਸਾਨੀ ਲਈ ਬਣਦਾ ਆਪਣਾ ਫ਼ਰਜ਼ ਵੀ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਸੈਕਟਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਵੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਆਪਸੀ ਕਾਟੋ-ਕਲੇਸ਼ ਵਿੱਚ ਉਲਝੀ ਕਾਂਗਰਸ ਪਾਰਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਵਿੱਚ ਉੱਠ ਰਹੀ ਬਗਾਵਤ ਨੂੰ ਰੋਕਣ ਅਤੇ ਆਪਣੀ ਕੁਰਸੀ ਨੂੰ ਬਚਾਉਣ ਵਿੱਚ ਹੀ ਆਪਣੀ ਪੂਰੀ ਤਾਕਤ ਝੋਕ ਦਿੱਤੀ ਪਰ ਮੌਜੂਦਾ ਸਮੇਂ ਕਿਸਾਨਾਂ ਨੂੰ ਮੋਟਰਾਂ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਦੀ ਖਰੀਦ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ ਗਿਆ, ਜਿਸ ਕਾਰਨ ਬਿਜਲੀ ਦੀ ਪੈਦਾ ਹੋਈ ਘਾਟ ਕਾਰਨ ਵਾਰ-ਵਾਰ ਪਾਵਰਕੱਟ ਲੱਗ ਰਹੇ ਹਨ ਅਤੇ ਕਿਸਾਨਾਂ ਨੂੰ ਫਸਲ ਦੀ ਲਵਾਈ ਲਈ ਵੱਡੀਆਂ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ।
ਵਿਧਾਇਕ ਇਆਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਸੱਤਾ ਦਾ ਕਰੀਬ 6 ਮਹੀਨੇ ਸਮਾਂ ਰਹਿ ਗਿਆ ਹੈ ਅਤੇ 2022 ਵਿਚ ਸੂਬੇ ਅੰਦਰ ਅਕਾਲੀ-ਬਸਪਾ ਗਠਜੋੜ ਸਰਕਾਰ ਬਣਨ 'ਤੇ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨੀਤੀਆਂ ਤਿਆਰ ਕੀਤੀਆਂ ਜਾਣਗੀਆਂ, ਤਾਂ ਜੋ ਕੋਈ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਨਾ ਹੋਵੇ। ਇਸ ਮੌਕੇ ਸਵ. ਬੇਅੰਤ ਸਿੰਘ ਗਰੇਵਾਲ ਸਪੁੱਤਰ ਹਰਭਜਨ ਸਿੰਘ ਰੁੜਕਾ, ਸਾਬਕਾ ਸਰਪੰਚ ਦਲਜੀਤ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਜਗਜੀਤ ਸਿੰਘ, ਗੋਰਾ, ਸੁਖਵਿੰਦਰ ਸਿੰਘ ਮੈਂਬਰ ਪੰਚਾਇਤ, ਪ੍ਰਮਾਤਮਾ ਸਿੰਘ, ਗੁਰਵਿੰਦਰ ਸਿੰਘ ਮੈਂਬਰ, ਗੁਰਪ੍ਰੀਤ ਗੁਰੀ, ਹਰਜੀਤ ਸਿੰਘ, ਕਰਮਜੀਤ ਸਿੰਘ ਆਦਿ ਮੌਜੂਦ ਸਨ।