ਅਧਿਆਪਕਾਂ ’ਤੇ ਹੋਏ ਲਾਠੀਚਾਰਜ ’ਤੇ ਬੋਲੇ ਮਨਪ੍ਰੀਤ ਇਯਾਲੀ, ਕਿਹਾ, ਕਾਂਗਰਸ ਨੇ ਲੋਕਤੰਤਰ ਦਾ ਜਨਾਜ਼ਾ ਕੱਢਿਆ
Wednesday, Jun 09, 2021 - 04:33 PM (IST)
ਮੁੱਲਾਂਪੁਰ ਦਾਖਾ (ਕਾਲੀਆ) : ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਗਏ ਪੁਲੀਸ ਤਸ਼ੱਦਦ ’ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਇਤਰਾਜ਼ ਪ੍ਰਗਟ ਕੀਤਾ ਹੈ। ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਵਿਰੋਧ ਕਰਨ ਦਾ ਹੱਕ ਦਿੰਦਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਜਿਸ ਤਰ੍ਹਾਂ ਬੇਰੁਜ਼ਗਾਰ ਅਧਿਆਪਕ ਮੁੰਡੇ ਕੁੜੀਆਂ ’ਤੇ ਤਸ਼ੱਦਦ ਕੀਤਾ ਗਿਆ ਹੈ, ਉਸ ਨੇ ਲੋਕਤੰਤਰ ਦਾ ਜਨਾਜ਼ਾ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂ /ਵਰਕਰਾਂ ਵੱਲੋਂ ਪਿੰਡ-ਪਿੰਡ ਜਾ ਕੇ ਨੌਕਰੀਆਂ ਦੇਣ ਦੇ ਫਾਰਮ ਭਰੇ ਸਨ ਅਤੇ ਸਰਕਾਰ ਬਣਨ ਸਾਰ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਅੱਜ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੈਪਟਨ ਸਰਕਾਰ ਆਪਣੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਇਆਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਇਕ ਪਾਸੇ ਆਪਣੇ ਸਿਆਸੀ ਮੁਫ਼ਾਦਾਂ ਲਈ ਧਨਾਢ ਕਾਂਗਰਸੀ ਪਰਿਵਾਰਾਂ ਦੇ ਬੱਚਿਆਂ ਨੂੰ ਰਿਉੜੀਆਂ ਵਾਂਗ ਨੌਕਰੀਆਂ ਦੇ ਰਹੀ ਹੈ, ਉੱਥੇ ਦੂਜੇ ਪਾਸੇ ਆਪਣੇ ਹੱਕ ਮੰਗਦੇ ਆਮ ਬੇਰੋਜ਼ਗਾਰ ਨੌਜਵਾਨਾਂ ਨੂੰ ਪੁਲਸੀਆ ਡੰਡੇ ਨਾਲ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਜਨਾਲਾ ’ਚ ਆਪ ਦੇ ਹਲਕਾ ਇੰਚਾਰਜ ਦੇ ਖ਼ਿਲਾਫ਼ ਉਠੇ ਬਗਾਵਤੀ ਸੁਰ
ਉਨ੍ਹਾਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਾ ਕੀਤੇ ਜਾ ਸਕਣ ਬਾਰੇ ਦਿੱਤੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕਦੀ ਤਾਂ ਸੱਤਾ ਛੱਡ ਕੇ ਲਾਂਭੇ ਹੋ ਜਾਵੇ । ਵਿਧਾਇਕ ਇਯਾਲੀ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਲਈ ਹਰ ਗੱਲ ’ਤੇ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦੇ ਗੁਟਕਾ ਸਾਹਿਬ ਨੂੰ ਹੱਥ ਵਿੱਚ ਚੁੱਕ ਕੇ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਜਿੱਥੇ ਪੰਜਾਬ ਦੇ ਲੋਕਾਂ ਵਿੱਚ ਝੂਠੇ ਸਾਬਤ ਹੋਏ ਹਨ, ਉਥੇ ਗੁਰੂ ਦੀ ਕਚਹਿਰੀ ਵਿੱਚ ਵੀ ਦੋਸ਼ੀ ਬਣ ਗਏ ਹਨ, ਜਿਸ ਦਾ ਹਿਸਾਬ ਜ਼ਰੂਰ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਯੋਗਤਾ ਅਨੁਸਾਰ ਨੌਕਰੀ ਮੰਗਣਾ ਬੇਰੁਜ਼ਗਾਰਾਂ ਦਾ ਅਧਿਕਾਰ ਹੈ ਏਤੇ ਨੌਕਰੀ ਦੇਣਾ ਸਰਕਾਰਾਂ ਦਾ ਫਰਜ਼ ਹੁੰਦਾ ਹੈ ਅਤੇ ਜੇਕਰ ਸਰਕਾਰ ਲੋਕ ਮੁਸ਼ਕਲਾਂ ਦਾ ਹੱਲ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ : ਜ਼ਿਆਦਾ ਵਿਦਿਆਰਥੀ ਦਾਖਲ ਕਰਨ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਧਾਇਆ ਜੁਰਮਾਨਾ, ਨੋਟਿਸ ਜਾਰੀ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ