ਮਨਪ੍ਰੀਤ ਇਆਲੀ ਨੇ ''ਅਕਾਲੀ ਦਲ ਵਾਰਿਸ ਪੰਜਾਬ ਦੇ'' ਰਜਿਸਟ੍ਰੇਸ਼ਨ ''ਚ ਦੇਰੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
Tuesday, Oct 27, 2026 - 03:19 PM (IST)
ਚੰਡੀਗੜ੍ਹ (ਵੈੱਬ ਡੈਸਕ, ਅਨਿਲ ਸ਼ਰਮਾ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਜ਼ੀਰੋ ਆਵਰ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਰਜਿਸਟ੍ਰੇਸ਼ਨ 'ਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਗ੍ਰਹਿ ਵਿਭਾਗ ਤੋਂ ਇਸ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਇਤਰਾਜ਼ ਬਾਰੇ ਰਿਪੋਰਟ ਮੰਗੀ ਗਈ ਸੀ, ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵਿਭਾਗ ਵੱਲੋਂ ਜਵਾਬ ਨਹੀਂ ਦਿੱਤਾ ਗਿਆ। ਮਨਪ੍ਰੀਤ ਇਆਲੀ ਨੇ ਸਪੀਕਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਵੀ ਉਨ੍ਹਾਂ ਨੇ ਜ਼ੀਰੋ ਆਵਰ ਦੌਰਾਨ ਐੱਸ. ਆਈ. ਆਰ. ਦੇ ਮੁੱਦੇ ’ਤੇ ਗੱਲਬਾਤ ਕਰਦਿਆਂ ਇਸ ਜੱਥੇਬੰਦੀ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਕੋਲ ਚੋਣ ਕਮਿਸ਼ਨ ਦੇ ਦੋ ਪੱਤਰ ਹਨ, ਜਿਨ੍ਹਾਂ ਵਿੱਚੋਂ ਇੱਕ 14 ਜੁਲਾਈ ਅਤੇ ਦੂਜਾ 13 ਅਕਤੂਬਰ ਦਾ ਹੈ।
ਉਨ੍ਹਾਂ ਅਨੁਸਾਰ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਹੀਂ ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਤੋਂ ਪੁੱਛਿਆ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਰਜਿਸਟਰ ਕਰਨ ’ਤੇ ਸਰਕਾਰ ਨੂੰ ਕੋਈ ਇਤਰਾਜ਼ ਹੈ ਜਾਂ ਨਹੀਂ। ਇਆਲੀ ਨੇ ਕਿਹਾ ਕਿ ਪਹਿਲਾ ਪੱਤਰ ਭੇਜੇ ਜਾਣ ਤੋਂ ਬਾਅਦ ਵੀ ਕਾਫ਼ੀ ਸਮਾਂ ਲੰਘ ਗਿਆ ਅਤੇ ਬਾਅਦ ਵਿੱਚ ਯਾਦ-ਪੱਤਰ ਭੇਜੇ ਜਾਣ ਦੇ ਬਾਵਜੂਦ ਵਿਭਾਗ ਵੱਲੋਂ ਲੋੜੀਂਦਾ ਜਵਾਬ ਨਹੀਂ ਦਿੱਤਾ ਗਿਆ। ਵਿਧਾਇਕ ਨੇ ਦੋਸ਼ ਲਾਇਆ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 'ਚ ਹੋ ਰਹੀ ਦੇਰੀ ਕਾਰਨ ਪਾਰਟੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਹੁਣ ਘੱਟ ਸਮਾਂ ਰਹਿ ਗਿਆ ਹੈ ਅਤੇ ਅਜਿਹੇ ਵਿੱਚ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਫ਼ੈਸਲਾ ਜਲਦੀ ਹੋਣਾ ਚਾਹੀਦਾ ਹੈ।
ਮਨਪ੍ਰੀਤ ਇਆਲੀ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੰਜਾਬ ਵਿੱਚ ਆਧਾਰ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਦੋ ਸੰਸਦ ਮੈਂਬਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੱਧਰ ’ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਦੇਰੀ ਹੋ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਗ੍ਰਹਿ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਤੁਰੰਤ ਰਿਪੋਰਟ ਭੇਜੀ ਜਾਵੇ, ਤਾਂ ਜੋ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ।
