ਮਨਪ੍ਰੀਤ ਬਾਦਲ ਨੇ ਮਾਨਸਾ ''ਚ ਲਹਿਰਾਇਆ ਤਿਰੰਗਾ, ਕਿਸਾਨਾਂ ਲਈ ਕੀਤੇ ਵੱਡੇ ਐਲਾਨ

08/15/2017 4:44:49 PM

ਮਾਨਸਾ, 15 ਅਗਸਤ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ 'ਚ ਜ਼ਿਲ੍ਹਾ ਪੱਧਰੀ 71ਵਾਂ ਆਜ਼ਾਦੀ ਦਿਵਸ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਨੂੰ ਇਸ ਮਹਾਨ ਦਿਹਾੜੇ 'ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ, ਜਿਸ ਕਾਰਨ ਅੱਜ ਅਸੀਂ ਆਜ਼ਾਦ ਫਿਜ਼ਾ 'ਚ ਸਾਹ ਲੈ ਰਹੇ ਹਾਂ। 
ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ 5 ਸਾਲਾਂ ਲਈ ਕਿਸੇ ਮੰਤਵ ਲਈ ਚੁਣਿਆ ਹੈ ਅਤੇ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਭ ਤੋਂ ਪਹਿਲਾ ਅਤੇ ਵੱਡਾ ਕੰਮ ਸੂਬੇ ਅੰਦਰ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਭਾਵੇਂ ਪੜ੍ਹਿਆਂ-ਲਿਖਿਆਂ ਦੀ ਹੈ ਜਾਂ ਅਨਪੜ੍ਹਾਂ ਦੀ, ਹਰੇਕ ਵਿਅਕਤੀ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਕਿਸਾਨਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁੱੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ। ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 5 ਏਕੜ ਤੱਕ ਛੋਟੇ ਤੇ ਦਰਮਿਆਨੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।