ਮਨਪ੍ਰੀਤ ਬਾਦਲ ਨੇ ਬਠਿੰਡਾ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ
Monday, Sep 09, 2019 - 10:48 AM (IST)

ਬਠਿੰਡਾ : ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੀ ਤਕਸੀਮ ਕੀਤੇ। ਬਾਦਲ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕੰਮ ਸ਼ੁਰੂ ਕਰਵਾਇਆ ਅਤੇ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਵਿੱਤ ਮੰਤਰੀ ਵੱਲੋਂ ਜਿੱਥੇ ਮੁਹੱਲਾ ਵਾਸੀਆਂ ਦੀ ਮੰਗ 'ਤੇ ਆਰ. ਓ. ਸਿਸਟਮ ਲਾਉਣ ਦਾ ਐਲਾਨ ਕੀਤਾ ਗਿਆ, ਉਥੇ ਹੀ ਉਨ੍ਹਾਂ ਦੀ ਬਿਜਲੀ ਦੀਆਂ ਤਾਰਾਂ ਦੀ ਇੱਕ ਹੋਰ ਮੰਗ 'ਤੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਅਗਰਵਾਲ ਸਟਰੀਟ ਦੀਆਂ ਬਿਜਲੀ ਦੀਆਂ ਤਾਰਾਂ ਅਤੇ ਖੰਭਿਆਂ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਵਿੱਤ ਮੰਤਰੀ ਵਲੋਂ ਇਸ ਉਪਰੰਤ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਰੋਹ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਨਾਲ ਵੀ ਗੱਲਬਾਤ ਕੀਤੀ। ਬਾਦਲ ਵੱਲੋਂ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਦੀ ਮੰਗ 'ਤੇ ਸਕੂਲ ਦੇ ਕਲਾਸਰੂਮਾਂ ਲਈ, ਕੰਪਿਊਟਰਾਂ ਲਈ, ਸਮਾਰਟ ਕਲਾਸਾਂ ਆਦਿ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ ਵਿੱਤੀ ਸਾਲ 'ਚ ਇਸ ਸਕੂਲ ਲਈ 10 ਲੱਖ ਰੁਪਏ ਦੀ ਹੋਰ ਗ੍ਰਾਂਟ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਕੂਲ 'ਚ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤ ਮੁਹੱਈਆ ਕਰਵਾਈ ਜਾ ਸਕੇ।