ਮਨਪ੍ਰੀਤ 128 ਵਾਅਦੇ ਪੂਰੇ ਕਰਨ ਦਾ ਦਾਅਵਾ ਕਰ ਕੇ ਪੰਜਾਬੀਆਂ ਨੂੰ ਦੁਬਾਰਾ ਧੋਖਾ ਦੇਣ ਦੀ ਕੋਸ਼ਿਸ਼ ਕਰ ਰਿਹੈ : ਮਜੀਠੀਆ

01/16/2018 7:28:59 AM

ਚੰਡੀਗੜ੍ਹ(ਪਰਾਸ਼ਰ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਮੁਕਤਸਰ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਇਹ ਝੂਠ ਬੋਲਣ ਲਈ ਨਿਖੇਧੀ ਕੀਤੀ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ 428 ਵਾਅਦਿਆਂ 'ਚੋਂ 128 ਪੂਰੇ ਕਰ ਦਿੱਤੇ ਹਨ। ਪਾਰਟੀ ਨੇ ਉਨ੍ਹਾਂ ਨੂੰ ਵਾਅਦੇ ਗਿਣਵਾਉਣ ਲਈ ਆਖਦਿਆਂ ਕਿਹਾ ਕਿ ਇਹ ਵਾਅਦੇ ਸਿਰਫ ਕਾਗਜ਼ਾਂ ਉਤੇ ਪੂਰੇ ਕੀਤੇ ਜਾਪਦੇ ਹਨ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਮਨਪ੍ਰੀਤ ਬਾਦਲ ਨੇ ਸਿੱਖ ਪੰਥ ਲਈ ਆਪਣੀਆਂ ਜਾਨਾਂ ਵਾਰਨ ਵਾਲੇ 40 ਮੁਕਤਿਆਂ ਨੂੰ ਸ਼ਰਧਾਂਜਲੀ ਦੇਣ ਲਈ ਰੱਖੀ ਕਾਨਫਰੰਸ ਮੌਕੇ ਪੰਜਾਬੀਆਂ ਨੂੰ ਧੋਖਾ ਦੇਣ ਅਤੇ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਵਿੱਤ ਮੰਤਰੀ ਨੇ 128 ਦਾ ਅੰਕੜਾ ਕਿੱਥੋਂ ਕੱਢਿਆ ਹੈ। ਜੇਕਰ ਇਨ੍ਹਾਂ ਵਾਅਦਿਆਂ ਦਾ ਪੰਜਾਬੀਆਂ ਨੂੰ ਕੋਈ ਲਾਭ ਹੋਇਆ ਹੈ, ਤਾਂ ਉਨ੍ਹਾਂ ਨੂੰ ਵਿਸਥਾਰ 'ਚ ਦੱਸਣਾ ਚਾਹੀਦਾ ਹੈ, ਜੇਕਰ ਨਹੀਂ ਤਾਂ ਉਨ੍ਹਾਂ ਨੂੰ ਇਕ ਪਵਿੱਤਰ ਦਿਹਾੜੇ 'ਤੇ ਝੂਠ ਬੋਲਣ ਲਈ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਹ ਟਿੱਪਣੀ ਕਰਦਿਆਂ ਕਿ ਮਨਪ੍ਰੀਤ ਬਾਦਲ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ, ਅਕਾਲੀ ਆਗੂ ਨੇ ਕਿਹਾ ਕਿ ਮਨਪ੍ਰੀਤ ਨੇ ਕਾਂਗਰਸ ਪਾਰਟੀ ਦਾ ਚੋਣ ਮਨੋਰਥ-ਪੱਤਰ ਤਿਆਰ ਕੀਤਾ ਸੀ ਅਤੇ ਇਹ ਵੀ ਐਲਾਨ ਕੀਤਾ ਸੀ ਕਿ ਉਸ ਨੇ ਲੋਕਾਂ ਨਾਲ ਕੀਤੇ ਸਾਰੇ 428 ਵਾਅਦਿਆਂ ਨੂੰ ਪੂਰਾ ਕਰਨ ਦੀ ਵੀ ਯੋਜਨਾ ਬਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਅਫਸੋਸ ਦੀ ਗੱਲ ਹੈ ਕਿ ਹੁਣ ਉਹ ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ 128 ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਾਸਤੇ ਵਿੱਤੀ ਇੰਤਜ਼ਾਮਾਂ ਦੀ ਜ਼ਰੂਰਤ ਨਹੀਂ ਹੈ। ਅਸੀਂ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਅਣਜਾਣੇ 'ਚ ਹੀ ਇਹ ਸੱਚ ਦੱਸ ਕੇ ਆਪਣਾ ਪਰਦਾਫਾਸ਼ ਕਰ ਲਿਆ ਹੈ। ਇਸ ਮੁੱਦੇ ਉੱਤੇ ਉਨ੍ਹਾਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਆਪਣਾ ਕੋਈ ਵੀ ਵੱਡਾ ਵਾਅਦਾ ਪੂਰਾ ਕਿਉਂ ਨਹੀਂ ਕਰ ਸਕੇ। ਇਹ ਕਹਿੰਦਿਆਂ ਕਿ ਵਿੱਤ ਮੰਤਰੀ ਵਰਗੇ ਉੱਚੇ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਅਜਿਹਾ ਵਿਵਹਾਰ ਕਰਨਾ ਸ਼ੋਭਾ ਨਹੀਂ ਦਿੰਦਾ, ਅਕਾਲੀ ਆਗੂ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਕਰਜ਼ਾ ਮੁਆਫੀ ਦੇ ਨਾਂ 'ਤੇ ਕਿਸਾਨਾਂ ਨਾਲ ਲਗਾਤਾਰ ਝੂਠ ਬੋਲ ਰਹੀ ਹੈ ਅਤੇ ਰਾਹਤ ਦੇਣ ਤੋਂ ਇਨਕਾਰ ਕਰੀ ਜਾਂਦੀ ਹੈ, ਜਿਸ ਕਰਕੇ ਹਰ ਰੋਜ਼ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਵਾਧਾ ਹੋ ਰਿਹਾ ਹੈ। ਸੱਚਾਈ ਇਹ ਹੈ ਕਿ ਜਿਹੜੀਆਂ ਸਹੂਲਤਾਂ ਗਰੀਬਾਂ ਤੇ ਲੋੜਵੰਦਾਂ ਨੂੰ 1 ਸਾਲ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦਿੱਤੀਆਂ ਜਾ ਰਹੀਆਂ ਸਨ, ਉਹ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਅਤੇ ਉਹ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਝੂਠੇ ਦਾਅਵੇ ਕਿਉਂ ਕਰ ਰਹੇ ਹਨ?


Related News