ਮਨਪ੍ਰੀਤ ਬਾਦਲ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਕੀਤਾ ਦੁੱਖ ਸਾਂਝਾ
Friday, May 15, 2020 - 12:14 PM (IST)
            
            ਬੁਢਲਾਡਾ (ਮਨਜੀਤ): ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ਪਿਛਲੀ ਰਾਤ ਅਕਾਲੀ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਪਰਿਵਾਰ ਨਾਲ ਪ੍ਰੈੱਸ ਕਾਨਫਰੰਸ ਰਾਹੀਂ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਪੰਜਾਬ ਪ੍ਰਦੇਸ਼ ਕਾਂਗਰਸੀ ਦੀ ਸਕੱਤਰ ਗੁਰਪ੍ਰੀਤ ਕੌਰ ਗਾਗੋਵਾਲ, ਕਾਂਗਰਸੀ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਦੁੱਖ ਸਾਂਝਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਸੰਕਟ ਦੀ ਘੜੀ 'ਚ ਪ੍ਰਮਾਤਮਾ ਬਾਦਲ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਦੱਸਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਗੁਰਦਾਸ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ। ਕਰੀਬ ਡੇਢ ਮਹੀਨਾ ਪਹਿਲਾਂ ਹੀ ਗੁਰਦਾਸ ਬਾਦਲ ਦੀ ਪਤਨੀ ਹਰਮਿੰਦਰ ਕੌਰ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਗੁਰਦਾਸ ਬਾਦਲ ਨੂੰ ਆਪਣੇ ਜੀਵਨ ਸਾਥੀ ਦੇ ਚਲੇ ਜਾਣ ਦਾ ਵੱਡਾ ਸਦਮਾ ਲੱਗਾ। ਗੁਰਦਾਸ ਬਾਦਲ ਦੀ ਪਹਿਲਾਂ ਵੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਅਪ੍ਰੈਲ ਦੇ ਮਹੀਨੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
