ਪਰਮੀਸ਼ ਵਰਮਾ 'ਤੇ ਹੋਏ ਹਮਲੇ ਬਾਰੇ ਬੋਲੇ ਮਨਪ੍ਰੀਤ ਬਾਦਲ

04/14/2018 8:16:52 PM

ਤਲਵੰਡੀ ਸਾਬੋ (ਰਮਨਦੀਪ ਸੋਢੀ) : ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਜਾਨਲੇਵਾ ਹਮਲੇ 'ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਅਤੇ ਸਮਾਜ ਦੇ ਵਿਰੋਧੀਆਂ ਨੂੰ ਕਾਨੂੰਨ ਦੇ ਸ਼ਿਕੰਜੇ 'ਚ ਲਿਆ ਜਾਵੇਗਾ। ਮਨਪ੍ਰੀਤ ਨੇ ਕਿਹਾ ਕਿ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਨੂੰ ਕਾਨੂੰਨ ਅੱਗੇ ਝੁਕਣਾ ਹੀ ਪਵੇਗਾ।
ਦੱਸਣਯੋਗ ਹੈ ਕਿ ਬੀਤੀ ਰਾਤ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਉਸ ਵੇਲੇ ਗੋਲੀ ਮਾਰ ਦਿੱਤੀ ਗਈ ਜਦੋਂ ਉਹ ਵਿਸਾਖੀ ਸੰਬੰਧੀ ਪ੍ਰੋਗਰਾਮ ਤੋਂ ਬਾਅਦ ਦੇਰ ਰਾਤ ਘਰ ਜਾ ਰਹੇ ਸਨ। ਇਸ ਕਾਂਡ ਦੀ ਜ਼ਿੰਮੇਵਾਰੀ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਫੇਸਬੁਕ 'ਤੇ ਲਈ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।