ਬੰਦੀ ਸਿੱਖਾਂ ਦੀ ਰਿਹਾਈ ਲਈ ਅਕਾਲੀ ਦਲ ਵੱਲੋਂ ਲਾਏ ਧਰਨੇ 'ਚੋਂ ਮਨਪ੍ਰੀਤ ਇਯਾਲੀ ਗੈਰ-ਹਾਜ਼ਰ

07/20/2022 3:51:48 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਵਿਖੇ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ ਪਰ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਇਸ ਧਰਨੇ 'ਚੋਂ ਗੈਰ-ਹਾਜ਼ਰ ਰਹੇ। ਇਸ ਨੂੰ ਅਕਾਲੀ ਦਲ 'ਚ ਉੱਠ ਰਹੀ ਬਗਾਵਤ ਵੱਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ 'ਚ ਅਕਾਲੀ ਦਲ ਦਾ ਧਰਨਾ, ਸੁਖਬੀਰ ਬਾਦਲ ਨੇ ਆਖੀਆਂ ਵੱਡੀਆਂ ਗੱਲਾਂ

ਮਨਪ੍ਰੀਤ ਇਯਾਲੀ ਨੇ ਇਸ ਧਰਨੇ 'ਚ ਨਾ ਪਹੁੰਚ ਕੇ ਹੀ ਆਪਣਾ ਰੋਸ ਜ਼ਾਹਰ ਨਹੀਂ ਕੀਤਾ, ਸਗੋਂ ਇਸ ਤੋਂ ਪਹਿਲਾਂ ਵੀ ਉਹ ਅਕਾਲੀ ਦਲ ਨਾਲ ਨਾਰਾਜ਼ਗੀ ਦਿਖਾ ਚੁੱਕੇ ਹਨ। ਉਨ੍ਹਾਂ ਨੇ ਹਾਲ ਹੀ 'ਚ ਹੋਈ ਰਾਸ਼ਟਰਪਤੀ ਚੋਣ ਦਾ ਵੀ ਬਾਈਕਾਟ ਕੀਤਾ ਸੀ ਅਤੇ ਉਨ੍ਹਾਂ ਨੇ ਵੋਟ ਨਹੀਂ ਪਾਈ ਸੀ। ਉਦੋਂ ਮਨਪ੍ਰੀਤ ਇਯਾਲੀ ਨੇ ਪਾਰਟੀ ਲੀਡਰਸ਼ਿਪ 'ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਐੱਨ. ਡੀ. ਏ. ਨੂੰ ਸਮਰਥਨ ਦੇਣ ਤੋਂ ਪਹਿਲਾਂ ਉਨ੍ਹਾਂ ਨਾਲ ਇਕ ਵਾਰ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਕੀ ਪਾਕਸ' ਨੂੰ ਲੈ ਕੇ ਹਦਾਇਤਾਂ ਜਾਰੀ, ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਧਿਆਨ ਰੱਖਣ ਦੀ ਸਲਾਹ

ਉਨ੍ਹਾਂ ਨੇ ਕਿਹਾ ਸੀ ਕਿ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਵੀ ਸਾਡੇ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸਾਡੀ ਲੀਡਰਸ਼ਿਪ (ਅਕਾਲੀ ਦਲ) ਵੀ ਜ਼ਿੰਮੇਵਾਰ ਹਨ। ਹੁਣ ਅਕਾਲੀ ਦਲ ਦੇ ਧਰਨੇ 'ਚ ਸ਼ਾਮਲ ਨਾ ਹੋ ਕੇ ਉਨ੍ਹਾਂ ਨੇ ਇਕ ਵਾਰ ਫਿਰ ਆਪਣੀ ਨਾਰਾਜ਼ਗੀ ਜ਼ਾਹਰ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਵਿਖੇ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਦੌਰਾਨ ਅਕਾਲੀ ਦਲ ਦੀ ਸਾਰੀ ਲੀਡਰਸ਼ਿਪ ਅਤੇ ਵਰਕਰ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita