ਹੁਣ ''ਖਜ਼ਾਨਾ ਮੰਤਰੀ'' ਖ਼ਿਲਾਫ਼ ਕਾਂਗਰਸੀ ਆਗੂਆਂ ਨੇ ਖੋਲ੍ਹਿਆ ਮੋਰਚਾ, ਕਹਿ ਦਿੱਤੀ ਇਹ ਵੱਡੀ ਗੱਲ
Saturday, May 29, 2021 - 09:41 AM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਕਾਂਗਰਸ ਵਿਚ ਊਠਕ-ਬੈਠਕ ਦਾ ਦੌਰ ਜਾਰੀ ਹੈ। ਸ਼ੁੱਕਰਵਾਰ ਨੂੰ ਬਠਿੰਡਾ ਤੋਂ ਚੰਡੀਗੜ੍ਹ ਪਹੁੰਚੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਬਠਿੰਡਾ ਦਿਹਾਤੀ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਰਵਿੰਦਰ ਸਿੰਘ ਲਾਡੀ ਨੇ ਦੋਸ਼ ਲਾਇਆ ਕਿ ਮਨਪ੍ਰੀਤ ਬਾਦਲ ਦੀ ਸ਼ਹਿ ’ਤੇ ਬਠਿੰਡਾ ਦਿਹਾਤੀ ਵਿਧਾਨ ਸਭਾ ਖੇਤਰ ਦੇ ਕਾਂਗਰਸੀ ਵਰਕਰਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਾਜੀਮਾਜਰਾ 'ਚ ਮਮਤਾ ਸ਼ਰਮਸਾਰ, ਗੰਦੇ ਨਾਲੇ 'ਚੋਂ ਮਿਲੀ ਮ੍ਰਿਤਕ ਨਵਜੰਮੀ ਬੱਚੀ
ਇਸ ਖੇਤਰ ਵਿਚ ਕਾਂਗਰਸੀ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਇਸ ਲਈ ਉਹ ਮੁੱਖ ਮੰਤਰੀ ਨਿਵਾਸ ’ਤੇ ਮੰਗ ਪੱਤਰ ਲੈ ਕੇ ਪਹੁੰਚੇ ਹਨ ਕਿ ਮਨਪ੍ਰੀਤ ਬਾਦਲ ਦੀ ਬਠਿੰਡਾ ਦਿਹਾਤੀ ਵਿਧਾਨ ਸਭਾ ਖੇਤਰ ਵਿਚ ਦਖਲ ਅੰਦਾਜ਼ੀ ਨੂੰ ਬੰਦ ਕੀਤਾ ਜਾਵੇ। ਲਾਡੀ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੇ ਖੇਤਰ ਵਿਚ ਕਾਰੋਬਾਰੀ ਇਲਾਕਾ ਹੈ ਪਰ ਮਨਪ੍ਰੀਤ ਬਾਦਲ ਕਿਸੇ ਲਾਲਚਵਸ ਇਸ ਇਲਾਕੇ ਵਿਚ ਦਖਲ ਅੰਦਾਜ਼ੀ ਕਰ ਰਹੇ ਹਨ। ਇੱਥੋਂ ਤੱਕ ਕਿ ਤਾਇਨਾਤ ਕੀਤੇ ਜਾਣ ਵਾਲੇ ਅਫ਼ਸਰ ਤੱਕ ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ ’ਤੇ ਤਾਇਨਾਤ ਕੀਤੇ ਜਾਂਦੇ ਹਨ। ਲਾਡੀ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਅਣਸੁਣਿਆ ਕੀਤਾ ਗਿਆ ਤਾਂ ਉਹ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਲਾਉਣਗੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਗਰਮੀ ਦਿਖਾ ਰਹੀ ਪੂਰੇ ਰੰਗ, 'ਲੂ' ਨਾਲ ਝੁਲਸਣ ਲੱਗੇ ਲੋਕ
ਮਨਪ੍ਰੀਤ 'ਤੇ ਕਰਾਂਗਾਂ ਖ਼ੁਲਾਸੇ
ਲਾਡੀ ਨੇ ਇਹ ਵੀ ਕਿਹਾ ਕਿ ਉਹ ਛੇਤੀ ਹੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕਈ ਅਹਿਮ ਖ਼ੁਲਾਸੇ ਕਰਨਗੇ। ਹੋ ਸਕਦਾ ਹੈ ਕਿ ਇਨ੍ਹਾਂ ਖ਼ੁਲਾਸਿਆਂ ਤੋਂ ਬਾਅਦ ਮਨਪ੍ਰੀਤ ਬਾਦਲ ਨੂੰ ਖਜ਼ਾਨਾ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਤੱਕ ਦੇਣਾ ਪੈ ਜਾਵੇ। ਉੱਥੇ ਹੀ, ਲਾਡੀ ਦੇ ਨਾਲ ਆਏ ਸਮਰਥਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਖੇਤਰ ਵਿਚ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀ ਹੀ ਸੁਣਵਾਈ ਹੁੰਦੀ ਹੈ। ਕਾਂਗਰਸੀ ਵਰਕਰ ਖੜ੍ਹੇ ਰਹਿੰਦੇ ਹਨ, ਜਦੋਂ ਕਿ ਅਕਾਲੀ ਦਲ ਦੇ ਆਗੂ ਅਤੇ ਵਰਕਰ ਕੁਰਸੀਆਂ ’ਤੇ ਬੈਠ ਕੇ ਅਫ਼ਸਰਾਂ ਤੋਂ ਕੰਮ ਕਰਵਾਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਇਕ ਹੋਰ ਬਗਾਵਤ ਲਈ ਬੈਠਕਾਂ ਸ਼ੁਰੂ, ਕਈ ਆਗੂ ਹੋਏ ਖ਼ਫਾ
ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਸੰਦੀਪ ਸੰਧੂ ਅਤੇ ਵਿਧਾਇਕ ਰਾਜਾ ਵੜਿੰਗ ਨੂੰ ਦਿੱਤਾ ਮੰਗ ਪੱਤਰ
ਲਾਡੀ ਨੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਸੰਦੀਪ ਸੰਧੂ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਸੰਦੀਪ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੰਗ ਪਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਹੁਕਮ ’ਤੇ ਲੈ ਲਿਆ ਹੈ ਅਤੇ ਛੇਤੀ ਤੋਂ ਛੇਤੀ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਸੰਦੀਪ ਸੰਧੂ ਨੇ ਵਿਧਾਇਕ ਪਰਗਟ ਸਿੰਘ ਮਾਮਲੇ ’ਤੇ ਕੋਈ ਟਿੱਪਣੀ ਕਰਨ ਤੋਂ ਮਨ੍ਹਾ ਕਰ ਦਿੱਤਾ। ਉੱਧਰ, ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇੱਕ ਪਰਿਵਾਰ ਦੀ ਤਰ੍ਹਾਂ ਹੈ ਅਤੇ ਪਰਿਵਾਰ ਦੇ ਸਾਰੇ ਮਸਲੇ ਘਰ ਵਿਚ ਹੀ ਨਿੱਪਟਾਏ ਜਾਂਦੇ ਰਹੇ ਹਨ ਅਤੇ ਅੱਗੇ ਵੀ ਨਿੱਪਟਾਏ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ