ਸੁਖਬੀਰ ਤੇ ਹਰਸਿਮਰਤ ਨੂੰ ਨਾ ਭੁੱਲਣ ਵਾਲਾ ਵੱਡਾ ਸਬਕ ਸਿਖਾਉਣ ਦਾ ਵੇਲਾ : ਕੈਪਟਨ ਅਮਰਿੰਦਰ

Thursday, May 09, 2019 - 10:03 AM (IST)

ਸੁਖਬੀਰ ਤੇ ਹਰਸਿਮਰਤ ਨੂੰ ਨਾ ਭੁੱਲਣ ਵਾਲਾ ਵੱਡਾ ਸਬਕ ਸਿਖਾਉਣ ਦਾ ਵੇਲਾ : ਕੈਪਟਨ ਅਮਰਿੰਦਰ

ਸਰਦੂਲਗੜ੍ਹ/ਮਾਨਸਾ(ਸੰਦੀਪ ਮਿੱਤਲ) : ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ 'ਚ ਬੁੱਧਵਾਰ ਨੂੰ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਭਰਵੀਂ ਰੈਲੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਹਿੱਤਾਂ ਵਾਸਤੇ ਭਾਰਤ ਦੀਆਂ ਧਰਮ ਨਿਰਪੱਖ ਤੰਦਾਂ ਨੂੰ ਤਬਾਹ ਕਰਨ ਲਈ ਮੋਦੀ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੱਤਾ ਦੇ ਭੁੱਖੇ ਸੁਖਬੀਰ ਤੇ ਹਰਸਿਮਰਤ ਵਲੋਂ ਸੂਬੇ ਨੂੰ ਫਿਰਕੂ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕਰਨ ਲਈ ਹੁਣ ਵੇਲਾ ਆ ਗਿਆ ਹੈ ਕਿ ਇਨ੍ਹਾਂ ਚੋਣਾਂ 'ਚ ਉਨ੍ਹਾਂ ਨੂੰ ਨਾ ਭੁੱਲਣ ਵਾਲਾ ਵੱਡਾ ਸਬਕ ਸਿਖਾਇਆ ਜਾਵੇ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਲੰਬੇ ਸਮੇਂ ਤੋਂ ਸੱਤਾ ਨੂੰ ਸੂਬੇ ਦੀ ਭਲਾਈ ਦੀ ਥਾਂ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਬਾਦਲ ਅਤੇ ਮਜੀਠੀਏ ਵਰਗੇ ਹੋਰ ਅਕਾਲੀ ਇਹ ਸੋਚਦੇ ਹਨ ਕਿ ਕਾਂਗਰਸੀਆਂ ਨੂੰ ਡਰਾ-ਧਮਕਾ ਕੇ ਅਕਾਲੀ ਦਲ ਨੂੰ ਵੋਟਾਂ ਪਵਾ ਸਕਦੇ ਹਨ ਤਾਂ ਉਹ ਉਨ੍ਹਾਂ ਦੀ ਵੱਡੀ ਭੁੱਲ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਝਵਾਨ ਵੋਟਰ ਅਕਾਲੀ ਦਲ ਦੀ ਇਹ ਭੁੱਲ ਨੂੰ ਇਨ੍ਹਾਂ ਚੋਣਾਂ 'ਚ ਕੱਢ ਦੇਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਕਿਸੇ ਨੂੰ ਵੀ ਸਜ਼ਾ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੰਘੇ ਸਮੇਂ ਦੌਰਾਨ ਪੰਜਾਬ ਬੁਰੇ ਦੌਰ 'ਚੋਂ ਦੀ ਲੰਘਿਆ ਹੈ ਤੇ ਬਾਦਲਾਂ ਨੇ ਹਮੇਸ਼ਾ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਪੰਜਾਬ ਅਤੇ ਮੁਲਕ ਦੀ ਤਰੱਕੀ ਨੂੰ ਯਕੀਨੀ ਬਣਾ ਸਕਦੀ ਹੈ। ਜਦਕਿ ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ 'ਚ ਹੀ ਅੱਠ ਲੱਖ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ 'ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੂਜਾ ਜਨਰਲ ਡਾਇਰ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੁਲਕ ਦੀ ਧਰਮ ਨਿਰਪੱਖ ਵਿਚਾਰਧਾਰਾ ਨੂੰ ਕਿਸੇ ਵੀ ਕੀਮਤ 'ਤੇ ਤਬਾਹ ਨਹੀਂ ਹੋਣ ਦੇਵੇਗੀ। ਇਸ ਮੌਕੇ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰੀਸ਼ ਚੌਧਰੀ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਕਾਂਗਰਸ ਦੇ ਜ਼ਿਲਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਆਦਿ ਹਾਜ਼ਰ ਸਨ।


author

cherry

Content Editor

Related News