ਮਾਨਸਾ : ਚਿੱਟੀ ਮੱਖੀ ਦੇ ਹਮਲੇ ਕਾਰਨ ਹੋਏ ਨੁਕਸਾਨ ਦਾ ਦੌਰਾ ਕਰਨਗੇ ਮੁੱਖ ਮੰਤਰੀ

Thursday, Aug 10, 2017 - 09:00 PM (IST)

ਮਾਨਸਾ : ਚਿੱਟੀ ਮੱਖੀ ਦੇ ਹਮਲੇ ਕਾਰਨ ਹੋਏ ਨੁਕਸਾਨ ਦਾ ਦੌਰਾ ਕਰਨਗੇ ਮੁੱਖ ਮੰਤਰੀ

ਚੰਡੀਗੜ— ਚਿੱਟੀ ਮੱਖੀ ਦੇ ਹਮਲੇ ਕਾਰਨ ਕਿਸਾਨਾਂ ਵੱਲੋਂ ਆਪਣੇ ਨਰਮੇਂ ਦੀ ਫਸਲ ਵਾਹੁਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਟੀ ਮੱਖੀ ਦੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦਾ ਅਨੁਮਾਨ ਲਾਉਣ ਲਈ ਸ਼ੁੱਕਰਵਾਰ ਨੂੰ ਖੁਦ ਮਾਨਸਾ ਦਾ ਦੌਰਾ ਕਰਨਗੇ।
ਵੀਰਵਾਰ ਨੂੰ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸੀਨੀਅਰ ਅਧਿਕਾਰੀ ਵੀ ਹੋਣਗੇ ਅਤੇ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਇਸ ਸਬੰਧ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।ਚਿੱਟੀ ਮੱਖੀ ਕਾਰਨ ਨਰਮੇ ਦੀ ਫਸਲ ਨੂੰ ਹੋ ਰਹੇ ਨੁਕਸਾਨ ਸਬੰਧੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਖੁਦ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਕਿਸਾਨੀ ਭਾਈਚਾਰੇ 'ਤੇ ਪਏ ਪ੍ਰਭਾਵ ਅਤੇ ਨਰਮੇ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਦਾ ਫੈਸਲਾ ਕੀਤਾ ਹੈ। ਬੁਲਾਰੇ ਅਨੁਸਾਰ ਉਹ ਇਸ ਨੁਕਸਾਨ ਦੇ ਸਬੰਧ ਵਿੱਚ ਵਿਸਤ੍ਰਿਤ ਸਰਵੇਖਣ ਵੀ ਕਰਵਾਉਣਾ ਚਾਹੁੰਦੇ ਹਨ।
ਇਸੇ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਅਤੇ ਪੁਲਸ ਅਥਾਰਟੀ ਨੂੰ ਜਾਅਲੀ ਕੀਟਨਾਸ਼ਕਾਂ ਦੇ ਵਿਕਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ, ਜਿਸ ਦੇ ਕਾਰਨ ਇਹ ਸਥਿਤੀ ਪੈਦਾ ਹੋਈ ਹੈ ਕਿਉਂਕਿ ਕਿਸਾਨਾਂ ਵਲੋਂ ਕੀਟਨਾਸ਼ਕਾਂ ਦਾ ਛਿੜਕ ਕੀਤੇ ਜਾਣ ਦੇ ਬਾਵਜੂਦ ਚਿੱਟੀ ਮੱਖੀ ਨੇ ਫਸਲ ਨੂੰ ਪ੍ਰਭਾਵਿਤ ਕੀਤਾ ਹੈ।ਉਨ੍ਹਾਂ ਨੇ ਕਿਸਾਨਾਂ ਨੂੰ ਜਾਇਜ਼ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਚਿੱਟੀ ਮੱਖੀ 'ਤੇ ਕਾਬੂ ਪਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮਿਆਰੀ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਵਿਭਾਗਾਂ ਨੂੰ ਆਖਿਆ ਹੈ ਕਿਉਂਕਿ ਇਹ ਕਿਸਾਨ ਆਪਣੇ ਕਿੱਤੇ ਨੂੰ ਬਣਾਈ ਰੱਖਣ ਲਈ ਤਿੱਖਾ ਸੰਘਰਸ਼ ਕਰ ਰਹੇ ਹਨ ਅਤੇ ਵੱਡੇ ਕਰਜ਼ੇ ਹੇਠ ਰੀਂਘ ਰਹੇ ਹਨ। ਉਨ੍ਹਾਂ ਨੇ ਨਰਮਾ ਪੱਟੀ 'ਚ ਕਪਾਹ ਦੀ ਰੱਖਿਆ ਲਈ ਕਿਸਾਨਾਂ ਨੂੰ ਢੰਗ ਤਰੀਕਿਆਂ ਬਾਰੇ ਜਾਣੂੰ ਕਰਾਉਣ ਵਾਸਤੇ ਜਾਗਰੂਕਤਾ ਕੈਂਪ ਲਾਉਣ ਦਾ ਵੀ ਸੁਝਾਅ ਦਿੱਤਾ ਹੈ।


Related News