ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ’ਚ ਪੰਜਾਬ ਪੁਲਸ ਮੁਲਾਜ਼ਮਾਂ ’ਤੇ ਵੱਡੀ ਕਾਰਵਾਈ
Sunday, Oct 02, 2022 - 05:25 PM (IST)
ਚੰਡੀਗੜ੍ਹ/ਮਾਨਸਾ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਾਸਮ-ਖ਼ਾਸ ਖ਼ਤਰਨਾਕ ਗੈਂਗਸਟਰ ਦੀਪਕ ਟੀਨੂੰ ਦੇ ਮਾਨਸਾ ਪੁਲਸ ਦੀ ਹਿਰਾਸਤ ’ਚੋਂ ਫਰਾਰ ਹੋਣ ਤੋਂ ਬਾਅਦ ਮੁਲਜ਼ਮ ਪੁਲਸ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਮਾਨਸਾ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਨੂੰ ਅਣਗਹਿਲੀ ਵਰਤਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ 'ਚ ਮਾਨਸਾ CIA ਦੇ ਇੰਚਾਰਜ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਧਾਰਾ 311 ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗੈਂਗਸਟਰ ਦੀਪਕ ਦੇ ਪੁਲਸ ਹਿਰਾਸਤ 'ਚੋਂ ਫਰਾਰ ਹੋਣ 'ਤੇ ਚੁਫੇਰਿਓਂ ਘਿਰੀ ਪੰਜਾਬ ਸਰਕਾਰ, ਭਾਜਪਾ ਨੇ ਚੁੱਕੇ ਵੱਡੇ ਸਵਾਲ
ਇਸ ਤੋਂ ਇਲਾਵਾ ਮੁਲਜ਼ਮਾਂ ਖ਼ਿਲਾਫ਼ 222,224,225 A,120-B ਆਈ. ਪੀ. ਸੀ. ਦੀ ਧਾਰਾ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਟੀਮਾਂ ਨੂੰ ਮੂਸਤੈਦੀ ਵਰਤਣ ਲਈ ਕਿਹਾ ਗਿਆ ਹੈ ਅਤੇ ਮੁਲਜ਼ਮ ਦੀ ਮੁੜ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾ ਰਿਹਾ ਗੈਂਗਸਟਰ ਦੀਪਕ ਟੀਨੂੰ ਸ਼ਨੀਵਾਰ ਰਾਤ ਮਾਨਸਾ ਪੁਲਸ ਦੀ ਹਿਰਾਸਤ 'ਚੋਂ ਫ਼ਰਾਰ ਹੋ ਗਿਆ ਸੀ। ਸੂਤਰਾਂ ਮੁਤਾਬਕ ਮਾਨਸਾ ਪੁਲਸ ਉਸ ਨੂੰ ਬੀਤੀ ਰਾਤ ਕਪੂਰਥਲਾ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾ ਰਹੀ ਸੀ, ਇਸ ਦੌਰਾਨ ਉਹ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ 'ਤੇ ਲਗਾਤਾਰ ਵਿਰੋਧੀ ਧਿਰਾਂ ਵੱਲੋਂ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਇਸ ਤਰ੍ਹਾਂ ਕਿਸੇ ਗੈਂਗਸਟਰ ਦਾ ਪੁਲਸ ਹਿਰਾਸਤ 'ਚੋਂ ਫ਼ਰਾਰ ਹੋ ਜਾਣਾ ਪੰਜਾਬ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਿਹਾ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।