ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ ਸੀਲ, ਲਗਾਇਆ ਚਿਤਾਵਨੀ ਭਰਿਆ ਬੋਰਡ

Tuesday, Feb 13, 2024 - 07:04 PM (IST)

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ ਸੀਲ, ਲਗਾਇਆ ਚਿਤਾਵਨੀ ਭਰਿਆ ਬੋਰਡ

ਮਾਨਸਾ (ਪ੍ਰਦੀਪ)- ਕਿਸਾਨਾਂ ਵੱਲੋਂ ਇਕ ਵਾਰ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ 'ਤੇ ਵੀ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਪੁਲਸ ਨੇ ਕਿਸਾਨਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਮਾਨਸਾ ਰਤੀਆ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉੱਥੇ ਇਕ ਚਿਤਾਵਨੀ ਬੋਰਡ ਵੀ ਲਗਾਇਆ ਗਿਆ ਹੈ, ਜਿਸ 'ਤੇ ਸਾਫ਼ ਲਿਖਿਆ ਹੈ ਕਿ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਣ ਵਾਲੇ ਪ੍ਰੋਗਰਾਮ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਇਹ ਸੁਰੱਖਿਆ ਲਗਾਈ ਹੈ। ਜੇਕਰ ਕੋਈ ਅੱਗੇ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਸ ਪ੍ਰਸ਼ਾਸਨ ਨੇ ਨਾਕੇ ਲਗਾ ਕੇ ਅਤੇ ਵੱਡੇ-ਵੱਡੇ ਟੋਏ ਬਣਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੀ ਵੱਡੇ ਕਾਫ਼ਲੇ ਨਾਲ ਦਿੱਲੀ ਰਵਾਨਾ ਹੋਏ ਕਿਸਾਨ, ਕਿਹਾ-ਹੁਣ ਨਹੀਂ ਹੱਟਾਂਗੇ ਪਿੱਛੇ

ਬੇਸਿੱਟਾ ਰਹੀ ਕਿਸਾਨਾਂ ਦੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ 10 ਵਜੇ ‘ਦਿੱਲੀ ਕੂਚ’ ਕਰਨਗੇ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ BSF ਹੈੱਡਕੁਆਰਟਰ ਪੁੱਜੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕਿਸਾਨ ਅੰਦੋਲਨ 'ਤੇ ਕਹੀਆਂ ਅਹਿਮ ਗੱਲਾਂ

ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ। 

PunjabKesariਤੀਜੇ ਗੇੜ ਦੀ ਮੀਟਿੰਗ ਲਈ ਕਿਸਾਨਾਂ ਨੂੰ ਦਿੱਤਾ ਗਿਆ ਸੱਦਾ 
ਉਥੇ ਹੀ ਸਰਕਾਰ ਨੇ ਮੁੜ ਕਿਸਾਨਾਂ ਨੂੰ ਤੀਜੇ ਗੇੜ ਦੀ ਬੈਠਕ ਲਈ ਬੁਲਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਤੀਜੇ ਗੇੜ ਦੀ ਬੈਠਕ 'ਚ ਗੱਲ ਬਣੇਗੀ ਜਾਂ ਨਹੀਂ। ਉੱਥੇ ਹੀ ਦਿੱਲੀ ਬਾਰਡਰ 'ਤੇ ਭਾਰੀ ਜਾਮ ਲੱਗਾ ਹੋਇਆ ਹੈ। ਦੱਸਣਯੋਗ ਹੈ ਕਿ 12 ਫਰਵਰੀ ਦੀ ਰਾਤ ਚੰਡੀਗੜ੍ਹ 'ਚ ਸਾਢੇ 5 ਘੰਟੇ ਚੱਲੀ ਮੀਟਿੰਗ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਗਾਰੰਟੀ ਕਾਨੂੰਨ ਅਤੇ ਕਰਜ਼ ਮੁਆਫ਼ੀ 'ਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ,''ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੀਰੀਅਸ ਨਹੀਂ ਹੈ। ਉਨ੍ਹਾਂ ਦੇ ਮਨ 'ਚ ਖੋਟ ਹੈ। ਉਹ ਸਿਰਫ਼ ਟਾਈਮ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ ਪਰ ਅੰਦੋਲਨ 'ਤੇ ਕਾਇਮ ਹਾਂ।''
PunjabKesari

ਕੀ ਹਨ ਮੰਗਾਂ
ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

PunjabKesari

PunjabKesari

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News