ਮਾਨਸਾ ਪੁਲਸ ਵੱਲੋਂ ਨਾਜਾਇਜ਼ ਅਸਲੇ ਖ਼ਿਲਾਫ਼ ਵੱਡੀ ਕਾਰਵਾਈ, 7 ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
Friday, Nov 20, 2026 - 07:55 PM (IST)
ਮਾਨਸਾ (ਮਿੱਤਲ)– ਜ਼ਿਲ੍ਹਾ ਮਾਨਸਾ ਵਿਚ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਨਸਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਨਾਜਾਇਜ਼ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਦੀ ਇਸ ਕਾਰਵਾਈ ਨੂੰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਆਈ.ਪੀ.ਐੱਸ. ਦੀ ਅਗਵਾਈ ਹੇਠ ਨਸ਼ਿਆਂ, ਨਾਜਾਇਜ਼ ਹਥਿਆਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸੂਬੇ ਭਰ ਵਿਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਮਾਨਸਾ ਪੁਲਸ ਵੱਲੋਂ ਵੀ ਲਗਾਤਾਰ ਚੌਕਸੀ, ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਵੈਭਵ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਸ ਨੂੰ ਨਾਜਾਇਜ਼ ਅਸਲੇ ਦੀ ਬਰਾਮਦਗੀ ਦੇ ਮਾਮਲੇ ਵਿਚ ਅਹਿਮ ਸਫ਼ਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲਸ ਦਾ ਮੁੱਖ ਮਕਸਦ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ, ਅਪਰਾਧਾਂ ਨੂੰ ਰੋਕਣਾ ਅਤੇ ਸਮਾਜ ਵਿੱਚ ਸ਼ਾਂਤੀ ਤੇ ਭਰੋਸੇ ਦਾ ਮਾਹੌਲ ਕਾਇਮ ਰੱਖਣਾ ਹੈ।
ਸੀ.ਆਈ.ਏ. ਸਟਾਫ਼ ਦੀ ਮੁਸਤੈਦੀ ਨਾਲ ਦੋ ਮੁਲਜ਼ਮ ਕਾਬੂ
ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ਕਿ ਕਪਤਾਨ ਪੁਲਿਸ (ਆਪਰੇਸ਼ਨ) ਸ੍ਰੀ ਜਗਵਿੰਦਰ ਸਿੰਘ ਪੀ.ਪੀ.ਐੱਸ. ਅਤੇ ਉਪ ਕਪਤਾਨ ਪੁਲਿਸ (ਡੀ) ਸ੍ਰੀ ਜਸਵਿੰਦਰ ਸਿੰਘ ਪੀ.ਪੀ.ਐੱਸ. ਦੀ ਨਿਗਰਾਨੀ ਹੇਠ ਇੰਸਪੈਕਟਰ ਅਜੈ ਪਰੋਚਾ, ਇੰਚਾਰਜ ਸੀ.ਆਈ.ਏ. ਸਟਾਫ਼ ਮਾਨਸਾ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਬੜੀ ਮੁਸਤੈਦੀ ਨਾਲ ਕਾਰਵਾਈ ਕੀਤੀ ਗਈ।
ਪੁਲਿਸ ਟੀਮ ਗਸ਼ਤ ਦੌਰਾਨ ਪਸ਼ੂ ਮੰਡੀ ਦੇ ਨੇੜੇ ਰਮਦਿੱਤੇਵਾਲਾ ਚੌਕ, ਮਾਨਸਾ ਵਿਖੇ ਮੌਜੂਦ ਸੀ, ਜਿੱਥੇ ਸ਼ੱਕ ਦੇ ਆਧਾਰ ’ਤੇ ਸੁਖਵਿੰਦਰ ਰਾਮ ਉਰਫ਼ ਲੱਲੀ ਪੁੱਤਰ ਸੂਰਜ ਸਿੰਘ ਵਾਸੀ ਨੰਗਲ ਕਲਾਂ ਅਤੇ ਗੁਰਪ੍ਰਤਾਪ ਸਿੰਘ ਉਰਫ਼ ਕੈਂਰੋ ਪੁੱਤਰ ਦਰਸ਼ਨ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕੀਤਾ ਗਿਆ।
ਪੁਲਿਸ ਵੱਲੋਂ ਕੀਤੀ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2 ਪਿਸਤੌਲ .30 ਬੋਰ, 3 ਦੇਸੀ ਪਿਸਤੌਲ .32 ਬੋਰ ਅਤੇ 2 ਦੇਸੀ ਕੱਟੇ .315 ਬੋਰ ਸਮੇਤ ਕੁੱਲ 7 ਹਥਿਆਰ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ 6 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ, ਜਿਨ੍ਹਾਂ ਵਿੱਚ 3 ਕਾਰਤੂਸ .32 ਬੋਰ ਅਤੇ 3 ਕਾਰਤੂਸ .315 ਬੋਰ ਦੇ ਸਨ।
ਇਸ ਸਬੰਧੀ ਥਾਣਾ ਸਿਟੀ-1 ਮਾਨਸਾ ਵਿਖੇ ਮੁਕੱਦਮਾ ਨੰਬਰ 215, ਮਿਤੀ 19 ਨਵੰਬਰ 2026, ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮੁਲਜ਼ਮਾਂ ਤੋਂ ਹੋਰ ਖੁਲਾਸਿਆਂ ਦੀ ਉਮੀਦ
ਐੱਸ.ਐੱਸ.ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਜਲਦ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਕੀਤੇ ਗਏ ਹਥਿਆਰ ਕਿੱਥੋਂ ਲਿਆਂਦੇ ਗਏ ਸਨ, ਇਨ੍ਹਾਂ ਦੀ ਸਪਲਾਈ ਕਰਨ ਵਾਲੇ ਕੌਣ ਸਨ ਅਤੇ ਮੁਲਜ਼ਮਾਂ ਦਾ ਕਿਸੇ ਹੋਰ ਅਪਰਾਧਿਕ ਗਤੀਵਿਧੀ ਜਾਂ ਗਿਰੋਹ ਨਾਲ ਸਬੰਧ ਤਾਂ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਾਂਚ ਦੇ ਹਰ ਪਹਿਲੂ ਨੂੰ ਬਾਰੀਕੀ ਨਾਲ ਘੋਖਿਆ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਅਹਿਮ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ, ਜਿਸ ਦੇ ਆਧਾਰ ’ਤੇ ਅਪਰਾਧਿਕ ਨੈੱਟਵਰਕ ਜਾਂ ਨਾਜਾਇਜ਼ ਅਸਲੇ ਦੀ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਨੌਜਵਾਨਾਂ ਨੂੰ ਅਪਰਾਧ ਤੋਂ ਦੂਰ ਰਹਿ ਕੇ ਉਸਾਰੂ ਰਾਹ ਅਪਣਾਉਣ ਦੀ ਅਪੀਲ
ਇਸ ਕਾਰਵਾਈ ਦੇ ਨਾਲ ਐੱਸ.ਐੱਸ.ਪੀ. ਮਾਨਸਾ ਵੈਭਵ ਚੌਧਰੀ ਆਈ.ਪੀ.ਐੱਸ. ਵੱਲੋਂ ਨੌਜਵਾਨਾਂ ਨੂੰ ਇੱਕ ਅਹਿਮ ਸਮਾਜਿਕ ਸੁਨੇਹਾ ਵੀ ਦਿੱਤਾ ਗਿਆ ਕਿ ਉਹ ਆਪਣੀ ਜ਼ਿੰਦਗੀ ਨੂੰ ਗਲਤ ਰਾਹਾਂ, ਅਪਰਾਧਿਕ ਗਤੀਵਿਧੀਆਂ, ਨਾਜਾਇਜ਼ ਹਥਿਆਰਾਂ ਅਤੇ ਮਾੜੀ ਸੰਗਤ ਤੋਂ ਬਚਾ ਕੇ ਰੱਖਣ। ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਨੂੰ ਆਪਣੀ ਪਹਿਲੀ ਤਰਜੀਹ ਬਣਾਉਣ, ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ, ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਮਿਹਨਤ ਨਾਲ ਕਾਰੋਬਾਰ ਜਾਂ ਰੁਜ਼ਗਾਰ ਦੇ ਖੇਤਰ ਵਿੱਚ ਆਪਣੀ ਪਛਾਣ ਬਣਾਉਣ। ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਅਨੁਸ਼ਾਸਨ, ਸਬਰ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸੇ ਤਰ੍ਹਾਂ ਸਿੱਖਿਆ ਨੌਜਵਾਨਾਂ ਨੂੰ ਸੋਚਣ ਦੀ ਸਮਰੱਥਾ, ਸਹੀ-ਗਲਤ ਦੀ ਪਛਾਣ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦਾ ਰਾਹ ਦਿਖਾਉਂਦੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਕੰਮ ਕਰਨੇ ਚਾਹੀਦੇ ਹਨ, ਜਿਨ੍ਹਾਂ ਨਾਲ ਉਹ ਆਪਣੇ ਮਾਪਿਆਂ ਦਾ ਸਹਾਰਾ ਬਣ ਸਕਣ, ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾ ਸਕਣ ਅਤੇ ਸਮਾਜ ਵਿੱਚ ਇੱਜ਼ਤ ਤੇ ਮਾਣ ਨਾਲ ਜੀਵਨ ਬਤੀਤ ਕਰ ਸਕਣ। ਮਾਪੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਬਹੁਤ ਮਿਹਨਤ ਅਤੇ ਕੁਰਬਾਨੀਆਂ ਕਰਦੇ ਹਨ, ਇਸ ਲਈ ਬੱਚਿਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੀ ਜ਼ਿੰਦਗੀ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣ ਅਤੇ ਆਪਣੇ ਮਾਪਿਆਂ ਦੀਆਂ ਉਮੀਦਾਂ ’ਤੇ ਖਰੇ ਉਤਰਨ।
ਐੱਸ.ਐੱਸ.ਪੀ. ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਗਤੀਵਿਧੀ, ਨਾਜਾਇਜ਼ ਹਥਿਆਰਾਂ ਜਾਂ ਅਪਰਾਧਿਕ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਇੱਕ ਸੁਰੱਖਿਅਤ, ਸ਼ਾਂਤਮਈ ਅਤੇ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਵੀ ਮੌਜੂਦ ਸਨ।
