ਜਨਤਾ ਦੇ ਸਹਿਯੋਗ ਨਾਲ ਹੀ ਖਤਮ ਹੋ ਸਕਦੀ ਹੈ ਨਸ਼ੇ ਵਰਗੀ ਸਮਾਜਿਕ ਬੁਰਾਈ: ਰਾਜਪਾਲ ਗੁਲਾਬ ਚੰਦ ਕਟਾਰੀਆ

Thursday, Dec 18, 2025 - 10:42 PM (IST)

ਜਨਤਾ ਦੇ ਸਹਿਯੋਗ ਨਾਲ ਹੀ ਖਤਮ ਹੋ ਸਕਦੀ ਹੈ ਨਸ਼ੇ ਵਰਗੀ ਸਮਾਜਿਕ ਬੁਰਾਈ: ਰਾਜਪਾਲ ਗੁਲਾਬ ਚੰਦ ਕਟਾਰੀਆ

ਫਾਜ਼ਿਲਕਾ (ਨਾਗਪਾਲ, ਥਿੰਦ) - ਨਸ਼ੇ ਦੇ ਖਾਤਮੇ ਦੇ ਮਕਸਦ ਨਾਲ ਭਾਰਤੀ ਰੈੱਡ ਕਰਾਸ ਸੋਸਾਇਟੀ ਅਤੇ ਕਰਣ ਗਿਲਹੋਤਰਾ ਫਾਊਂਡੇਸ਼ਨ ਵੱਲੋਂ ਕਰਵਾਏ ਪ੍ਰੋਗਰਾਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਨਲਾਈਨ ਹਿੱਸਾ ਲਿਆ ਅਤੇ ਪ੍ਰੋਗਰਾਮ ਵਿਚ ਹਾਜ਼ਰ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਨ ਦਾ ਸੰਦੇਸ਼ ਦਿੱਤਾ।

ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮੌਸਮ ਦੀ ਖਰਾਬੀ ਅਤੇ ਕੁਝ ਤਕਨੀਕੀ ਕਾਰਨਾਂ ਕਾਰਨ ਹੈਲੀਕਾਪਟਰ ਦੀ ਉਡਾਣ ਸੰਭਵ ਨਹੀਂ ਹੋ ਸਕੀ, ਇਸ ਲਈ ਉਹ ਨਿੱਜੀ ਤੌਰ ’ਤੇ ਇਸ ਸਮਾਗਮ ਵਿਚ ਸ਼ਾਮਲ ਨਹੀਂ ਹੋ ਸਕੇ ਅਤੇ ਆਨਲਾਈਨ ਮਾਧਿਅਮ ਰਾਹੀਂ ਪ੍ਰੋਗਰਾਮ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਆਉਣ ਵਾਲੇ ਮਹੀਨਿਆਂ ਵਿਚ ਫਾਜ਼ਿਲਕਾ ਦਾ ਮੁੜ ਦੌਰਾ ਕਰਨ ਦੀ ਇੱਛਾ ਵੀ ਪ੍ਰਗਟ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਫਕੀਰਾਂ, ਨਾਇਕਾਂ ਅਤੇ ਯੋਧਿਆਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਬਹਾਦਰੀ ਨਾਲ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕੀਤਾ ਹੈ ਅਤੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ੇ ਵਰਗੀ ਖਤਰਨਾਕ ਬੁਰਾਈ ਤੋਂ ਆਪਣੇ ਦੇਸ਼ ਨੂੰ ਬਚਾਈਏ।

ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜਨਤਾ ਦਾ ਸਮੂਹਿਕ ਜਨਤਕ ਸਹਿਯੋਗ ਅਤੀ ਜ਼ਰੂਰੀ ਹੈ, ਤਾਂ ਹੀ ਇਸ ਸਮਾਜਿਕ ਬੁਰਾਈ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਸੱਦਾ ਦਿੱਤਾ ਕਿ ਅਾਓ, ਅਾਪਣੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੀਏ ਅਤੇ ਦੇਸ਼ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਈਏ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਨਸ਼ਿਆਂ ਵਿਰੁੱਧ ਸੱਭਿਆਚਾਰਕ ਪ੍ਰੋਗਰਾਮ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ।

ਇਸ ਤੋਂ ਬਾਅਦ ਸੰਜੀਵ ਪੈਲੇਸ, ਫਾਜ਼ਿਲਕਾ ਤੋਂ ਘੰਟਾਘਰ ਚੌਕ ਤੱਕ ਨਸ਼ਿਆਂ ਵਿਰੁੱਧ ਪੈਦਲ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਸਮਾਜਸੇਵੀ ਕਰਣ ਗਿਲਹੋਤਰਾ, ਜ਼ਿਲਾ ਪੁਲਸ ਮੁਖੀ ਗੁਰਮੀਤ ਸਿੰਘ ਨੇ ਕੀਤੀ। ਇਸ ਪੈਦਲ ਮਾਰਚ ਦੌਰਾਨ ਉਨ੍ਹਾਂ ਨੇ ਧਾਰਮਿਕ ਸਥਾਨਾਂ ’ਤੇ ਜਾ ਕੇ ਮੱਥਾ ਟੇਕਿਆ ਅਤੇ ਗਊਸ਼ਾਲਾ ਵਿਖੇ ਗਊ ਮਾਤਾ ਦਾ ਆਸ਼ੀਰਵਾਦ ਵੀ ਲਿਆ।

ਇਸ ਦੌਰਾਨ ਸਮਾਜਸੇਵੀ ਕਰਣ ਗਿਲਹੋਤਰਾ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਵਿਚ ਸਮਾਜ ਦੇ ਹਰ ਵਰਗ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸ਼ਹੀਦੀ ਯਾਦਗਾਰ ਆਸਫਵਾਲਾ ਵਿਖੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਕਰਣ ਗਿਲਹੋਤਰਾ ਫਾਊਂਡੇਸ਼ਨ ਦੇ ਅਹੁਦੇਦਾਰ, ਸ਼ਿਵਦੁਲਾਰ ਸਿੰਘ ਢਿੱਲੋਂ (ਸੇਵਾਮੁਕਤ ਆਈ. ਏ. ਐੱਸ.), ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਐੱਸ. ਡੀ. ਐੱਮ. ਫਾਜ਼ਿਲਕਾ ਅਮਨਦੀਪ ਸਿੰਘ ਮਾਵੀ, ਐੱਸ. ਡੀ. ਐੱਮ. ਅਬੋਹਰ ਕ੍ਰਿਸ਼ਨਪਾਲ ਰਾਜਪੂਤ ਅਤੇ ਹੋਰ ਵੀ ਹਾਜ਼ਰ ਸਨ।


author

Inder Prajapati

Content Editor

Related News