ਵੱਡੀ ਖ਼ਬਰ : ਡਿਪੂ ਹੋਲਡਰਾਂ ਦੀ ਮਾਰਜਨ ਮਨੀ ਕੀਤੀ ਗਈ ਦੁੱਗਣੀ

Tuesday, Dec 31, 2024 - 11:34 AM (IST)

ਵੱਡੀ ਖ਼ਬਰ : ਡਿਪੂ ਹੋਲਡਰਾਂ ਦੀ ਮਾਰਜਨ ਮਨੀ ਕੀਤੀ ਗਈ ਦੁੱਗਣੀ

ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਈ-ਪੋਸ ਮਸ਼ੀਨਾਂ ਅਤੇ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਸੁਚੱਜੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ 5 ਸਾਲਾਂ ਦੀ ਮਿਆਦ ਲਈ ਟੈਂਡਰ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ, ਹਰੇਕ ਰਾਸ਼ਨ ਡਿਪੂ ਨੂੰ ਇਕ ਈ-ਪੋਸ ਕਿੱਟ ਪ੍ਰਦਾਨ ਕੀਤੀ ਗਈ ਹੈ ਅਤੇ ਇਨ੍ਹਾਂ ਡਿਪੂਆਂ ਵਿਚ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਸਥਾਪਤ ਕਰਨਾ ਵੀ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਦੇ ਸਕੂਲਾਂ 'ਚ ਫਿਰ ਲਗਾਤਾਰ ਦੋ ਛੁੱਟੀਆਂ

ਉਨ੍ਹਾਂ ਅੱਗੇ ਦੱਸਿਆ ਕਿ 2016 ਵਿਚ ਡਿਪੂ ਹੋਲਡਰਾਂ ਦੀ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹਾੜੀ ਸੀਜ਼ਨ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਦਿਆਂ ਕੇਂਦਰੀ ਪੂਲ ਲਈ 124.57 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਕਣਕ ਦੀ ਖਰੀਦ ਕੀਤੀ ਗਈ ਅਤੇ 9 ਲੱਖ ਕਿਸਾਨਾਂ ਦੇ ਖਾਤਿਆਂ ਵਿਚ 28,340.95 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸੇ ਤਰ੍ਹਾਂ, ਸਾਉਣੀ ਸੀਜ਼ਨ ਦੌਰਾਨ, ਵਿਭਾਗ ਵੱਲੋਂ 172.93 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿਚ 40,119.76 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਤੰਬਰ 2024 ਤੱਕ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐੱਨ.ਐੱਫ.ਐੱਸ.ਏ.) ਤਹਿਤ ਲਾਭਪਾਤਰੀਆਂ ਨੂੰ 44,20,826 ਕੁਇੰਟਲ ਕਣਕ ਮੁਫ਼ਤ ਵੰਡੀ ਗਈ ਹੈ।

ਇਹ ਵੀ ਪੜ੍ਹੋ : ਬੰਦ ਦੌਰਾਨ ਪੰਜਾਬ ਦੇ ਘਰ 'ਚ ਹੋਇਆ ਧਮਾਕਾ, ਦਹਿਲ ਗਏ ਸਭ

ਖ਼ਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸਖ਼ਤ ਕਦਮ ਚੁੱਕਦਿਆਂ, ਲੀਗਲ ਮੈਟਰੋਲੋਜੀ ਵਿੰਗ ਵੱਲੋਂ ਸਹੀ ਵਜ਼ਨ ਅਤੇ ਮਾਤਰਾ ਵਿਚ ਸਮਾਨ ਵੇਚਣ ਦੇ ਸਿਧਾਂਤ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਕੇ 18.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੂਬੇ ਵਿਚ 100 ਫੀਸਦੀ ਆਧਾਰ ਰਜਿਸਟਰੇਸ਼ਨ ਯਕੀਨੀ ਬਣਾਈ ਗਈ ਹੈ ਅਤੇ 11 ਨਵੰਬਰ, 2024 ਦੀ ਯੂ.ਆਈ.ਡੀ.ਏ.ਆਈ. ਦੀ ਆਧਾਰ ਸੈਚੁਰੇਸ਼ਨ ਰਿਪੋਰਟ ਮੁਤਾਬਕ ਪੰਜਾਬ ਪੂਰੇ ਦੇਸ਼ ਦੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚੋਂ 7ਵੇਂ ਸਥਾਨ 'ਤੇ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ :  ਪੰਜਾਬ ਦੇ ਸਕੂਲਾਂ ਵਿਚ ਵੱਧਣਗੀਆਂ ਛੁੱਟੀਆਂ! ਲਿਆ ਜਾ ਸਕਦੈ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News