ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਦੀ ਤਾਜਪੋਸ਼ੀ ਮੌਕੇ ਪ੍ਰਤਾਪ ਬਾਜਵਾ ਦਾ ਐਲਾਨ, ਲੜ੍ਹਾਂਗਾ ਵਿਧਾਨ ਸਭਾ ਚੋਣ

Tuesday, Aug 31, 2021 - 05:34 PM (IST)

ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਦੀ ਤਾਜਪੋਸ਼ੀ ਮੌਕੇ ਪ੍ਰਤਾਪ ਬਾਜਵਾ ਦਾ ਐਲਾਨ, ਲੜ੍ਹਾਂਗਾ ਵਿਧਾਨ ਸਭਾ ਚੋਣ

ਗੁਰਦਾਸਪੁਰ (ਹਰਮਨ, ਬੇਰੀ) - ਮਾਰਕੀਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਗੁਰਿੰਦਰ ਸਿੰਘ ਚੀਕੂ ਨੇ ਅੱਜ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਗੁਰਿੰਦਰ ਸਿੰਘ ਚੀਕੂ ਨੂੰ ਵਧਾਈ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਪੁਰਾਣੇ ਸਾਥੀ ਨੂੰ ਇਹ ਮਾਣ ਦਿੱਤਾ ਹੈ, ਜਿਸ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਚੇਅਰਮੈਨ ਗੁਰਿੰਦਰ ਸਿੰਘ ਇਮਾਨਦਾਰ ਅਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਨਵੀਆਂ ਬੁਲੰਦੀਆਂ ਨੂੰ ਹਾਸਲ ਕਰੇਗੀ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਵੇਂ ਚੇਅਰਮੈਨ ਸਾਹਿਬ ਦੀ ਅਗਵਾਈ ਵਿੱਚ ਮੰਡੀ ਆਏ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।

PunjabKesari

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਦੇ ਸੱਚੇ ਹਿਮਾਇਤੀ ਹਨ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਬਾਜਵਾ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਦੇ ਨਾਲ ਹਨ ਅਤੇ ਉਹ ਰਾਜ ਸਭਾ ਵਿੱਚ ਆਪਣੇ ਕਿਸਾਨ ਭਰਾਵਾਂ ਦੀ ਡਟ ਕੇ ਵਕਾਲਤ ਕਰ ਰਹੇ ਹਨ। ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਜੋਗਿੰਦਰਪਾਲ, ਐੱਸ.ਐੱਸ.ਐੱਸ. ਬੋਰਡ ਦੇ ਚੇਅਰਮੈਨ ਰਮਨ ਬਹਿਲ, ਭੁਪਿੰਦਰਪਾਲ ਸਿੰਘ ਭਗਤੂਪੁਰ, ਜਾਟ ਮਹਾਂ ਸਭਾ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ, ਮਨੋਹਰ ਲਾਲ ਸ਼ਰਮਾਂ, ਕੰਵਰ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਪਹੁੰਚੇ ਹੋਏ ਸਨ। 

PunjabKesari

ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਦੇ ਕਿਸੇ ਇਕ ਵਿਧਾਨ ਸਭਾ ਹਲਕੇ ਤੋਂ ਚੋਣ ਲੜ੍ਹਨਗੇ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹੋ ਕੇ ਆਪਣੇ ਸੂਬੇ ਦੀ ਸੇਵਾ ਕਰਨਗੇ। ਚੋਣ ਹਲਕੇ ਦਾ ਫ਼ੈਸਲਾ ਵਰਕਰਾਂ ਦੀ ਰਾਇ ਅਨੁਸਾਰ ਪਾਰਟੀ ਹਾਈ ਕਮਾਨ ਕਰੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ ਪੀ.ਪੀ.ਪੀ. ਮੋਡ 'ਤੇ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਨਾਲ ਗੱਲ ਕਰ ਲਈ ਹੈ। ਇਸ ਕਾਲਜ ਦੀ ਜ਼ਮੀਨ ਸੰਬੰਧੀ ਕਾਰਵਾਈ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਇੱਕਜੁਟ ਹੈ ਅਤੇ 2022 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੁਬਾਰਾ ਸਰਕਾਰ ਬਣਾਵੇਗੀ।

PunjabKesari


author

rajwinder kaur

Content Editor

Related News