ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ
Monday, Dec 12, 2022 - 11:51 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ 14 ਮਾਰਚ 2023 ਵਿਚ ਮਨਾਏ ਜਾਣ ਸਬੰਧੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਇਕ ਵਿਸ਼ੇਸ਼ ਮੀਟਿੰਗ ਬੀਤੀ ਰਾਤ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ।
ਇਹ ਖ਼ਬਰ ਵੀ ਪੜ੍ਹੋ - ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਦਸਿਆ ਕਿ ਬੀਤੀ ਰਾਤ ਦੋਵੇਂ ਜਥੇਦਾਰਾਂ ਨੇ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਖਾਲਸਾਈ ਜਾਹੋਜਲਾਲ ਨਾਲ ਮਨਾਉਣ ਲਈ ਗੁਰਮਤਾ ਕੀਤਾ ਕਿ 21 ਜਨਵਰੀ 2023 ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ਾਲ ਪੱਧਰ ਤੇ ਸ਼ਤਾਬਦੀ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। ਜਿਸ ਵਿਚ ਦੇਸ਼ ਭਰ ਤੋਂ ਧਾਰਮਿਕ ਸਖਸ਼ੀਅਤਾਂ ਅਤੇ ਰਾਗੀ, ਢਾਡੀ, ਗੁਰਮਤਿ ਦੇ ਗਿਆਤਾ ਕਥਾਕਾਰ, ਸੰਤ ਮਹਾਂਪੁਰਸ਼, ਸੰਸਥਾਵਾਂ ਦੇ ਮੁੱਖੀ ਵਿਸ਼ੇਸ਼ ਤੋਰ ਤੇ ਸਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਇਹ ਸ਼ਤਾਬਦੀ ਸਮਾਗਮ ਅਰੰਭ ਹੋ ਚੁਕੇ ਹਨ, ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਮਹਾਨ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮ ਏਸੇ ਕੜੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹੁਣ 17-18 ਦਸੰਬਰ ਨੂੰ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੋਰ ਵਿਖੇ ਮਹਾਨ ਸਮਾਗਮ ਕੀਤੇ ਜਾ ਰਹੇ ਹਨ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ “ਮਹਾਨ ਸਿੱਖ ਇਸਤਰੀਆਂ” ਕਿਤਾਬ ਸੰਪਾਦਿਤ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਟ ਕੀਤੀ ਗਈ। ਇਸ ਮੋਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮੇਜਰ ਸਿੰਘ ਤਰਨਾਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।