ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦਾ ਨਾਂ ਬਾਲ ਦਿਵਸ ਨਹੀਂ ਸ਼ਹਾਦਤ ਦਿਵਸ ਰੱਖੇ ਭਾਰਤ ਸਰਕਾਰ : SGPC

Tuesday, Oct 11, 2022 - 06:19 PM (IST)

ਅੰਮ੍ਰਿਤਸਰ (ਬਿਊਰੋ, ਸਾਗਰ, ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ’ ਗਠਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਬੋਰਡ ਵੱਖ-ਵੱਖ ਦੇਸ਼ਾਂ ਦੇ ਸਿੱਖ ਨੁਮਾਇੰਦਿਆਂ ’ਤੇ ਅਧਾਰਿਤ ਹੋਵੇਗਾ, ਜੋ ਵਿਦੇਸ਼ਾਂ ’ਚ ਵੱਸਦੇ ਸਿੱਖਾਂ ਦੇ ਮਸਲਿਆਂ ਅਤੇ ਮੁਸ਼ਕਲਾਂ ਦੇ ਹੱਲ ਲਈ ਯਤਨ ਕਰੇਗਾ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਦਾ ਧਰਮ ਪ੍ਰਚਾਰ ਲਈ ਵੀ ਸਹਿਯੋਗ ਕਰੇਗਾ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਸਾਲ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਜੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਹੈ। ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੇ ਸਝਾਅ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਨਾਂ ਬਦਲਣ ਲਈ ਆਖੇਗੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਪੂਰੀ ਦੁਨੀਆਂ ਵਿਚ ਵੱਸੇ ਹੋਏ ਹਨ ਅਤੇ ਇਹ ਰੁਝਾਨ ਹੋਰ ਤੇਜ਼ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਿਸ਼ਵ ਵਿਆਪੀ ਸਿੱਖ ਮਸਲਿਆਂ ਦੀ ਬੇਹਤਰ ਪੈਰਵਾਈ ਲਈ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਸਥਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਆਪਣੇ ਦਫ਼ਤਰ ਵੀ ਬਣਾਏਗੀ, ਤਾਂ ਜੋ ਸਥਾਨਕ ਪੱਧਰ ’ਤੇ ਸਿੱਖ ਸੰਗਤਾਂ ਨਾਲ ਸਿੱਧੇ ਤੌਰ ’ਤੇ ਸੌਖਿਆਂ ਰਾਬਤਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਵੱਖ-ਵੱਖ ਦੇਸ਼ਾਂ ਅੰਦਰ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਸਥਾਪਤ ਕਰਕੇ ਉਨ੍ਹਾਂ ’ਚ ਉੱਪ ਦਫ਼ਤਰ ਬਣਾਏਗੀ। ਸ਼੍ਰੋਮਣੀ ਕਮੇਟੀ ਨੇ ਬੀਤੇ ਸਮੇਂ ’ਚ ਯੂਬਾ ਸਿਟੀ ਅਮਰੀਕਾ ’ਚ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ, ਜਿਸ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹੋਰਨਾਂ ਦੇਸ਼ਾਂ ’ਚ ਉੱਪ ਦਫ਼ਤਰ ਸਥਾਪਤ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ : 2 ਧੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰਨ ਮਗਰੋਂ ਮਾਂ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅੰਦਰ ਵੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬ ਬਣਾ ਕੇ ਉਥੇ ਉੱਪ ਦਫ਼ਤਰ ਖੋਲ੍ਹੇਗੀ। ਹਾਲ ਦੀ ਘੜੀ ’ਚ ਦਿੱਲੀ ਅੰਦਰ ਇਕ ਗੁਰਦੁਆਰਾ ਸਾਹਿਬ ਬਣਾਇਆ ਜਾਵੇਗਾ, ਜਿਸ ਵਿਚ ਸਰਾਂਵਾਂ ਦਾ ਵੀ ਪ੍ਰਬੰਧ ਹੋਵੇਗਾ। ਦਿੱਲੀ ਅੰਦਰ ਸਿੱਖ ਮਸਲਿਆਂ ਨੂੰ ਕੇਂਦਰ ਸਰਕਾਰ ਤੱਕ ਪੁਖਤਗੀ ਨਾਲ ਪਹੁੰਚਾਉਣ ਲਈ ਸਥਾਨਕ ਪੱਧਰ ’ਤੇ ਬਣਾਇਆ ਜਾਣ ਵਾਲਾ ਦਫ਼ਤਰ ਸੇਵਾਵਾਂ ਦੇਵੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਸਿੱਖ ਮਿਸ਼ਨ ਕਾਰਜਸ਼ੀਲ ਹੈ, ਜੋ ਸਿੱਖੀ ਪ੍ਰਚਾਰ ਦੇ ਕਾਰਜ ਕਰ ਰਿਹਾ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਜਿਥੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਅਦਾਰਿਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ, ਉਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ. ਪਾਲ ਸਿੰਘ ਪੁਰੇਵਾਲ ਅਤੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਸਪਾਈਸ ਜੈੱਟ ਦੀ ਫਲਾਈਟ 'ਚੋਂ ਕਈ ਯਾਤਰੀਆਂ ਦਾ ਸਾਮਾਨ ਗਾਇਬ, ਹੋਇਆ ਹੰਗਾਮਾ

ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਤੇ ਦਿਨ ਕੱਥੂਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਨੇ ਸਥਾਨਕ ਪੁਲਸ ਥਾਣੇ ਵਿਚ ਐੱਫ.ਆਈ.ਆਰ. ਦਰਜ ਕਰਵਾ ਦਿੱਤੀ ਹੈ, ਜਿਸ ਤਹਿਤ ਪੁਲਸ ਪ੍ਰਸ਼ਾਸਨ ਨੂੰ ਕਾਰਵਾਈ ਕਰਦਿਆਂ ਬੇਅਦਬੀ ਦੇ ਯਤਨ ਕਰਨ ਵਾਲੇ ਲੋਕਾਂ ਖ਼ਿਲਾਫ਼ ਕਰੜੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕੰਮ ਕਰਦੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਸ. ਸਰਵਣ ਸਿੰਘ ਕੁਲਾਰ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News