ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸੁਆਹ
Tuesday, Nov 03, 2026 - 01:58 AM (IST)
ਲੁਧਿਆਣਾ (ਗੌਤਮ/ਰਿਸ਼ੀ) : ਜੱਸੀਆਂ ਰੋਡ ਸਥਿਤ ਪ੍ਰੇਮ ਵਿਹਾਰ ਵਿਚ ਸੋਮਵਾਰ ਦੇਰ ਰਾਤ ਕਬਾੜ ਦੇ ਗੋਦਾਮ ਵਿਚ ਲੱਗੀ ਅੱਗ ਨੇ ਨਾਲ ਲੱਗਦੀਆਂ ਝੁੱਗੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਕਰੀਬ ਦਰਜਨ ਝੁੱਗੀਆਂ ਜਲ ਕੇ ਰਾਖ ਹੋ ਗਈਆਂ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ।
ਜਾਣਕਾਰੀ ਦਿੰਦਿਆਂ ਫਾਇਰ ਅਫਸਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਗ ਰਾਤ ਕਰੀਬ 10:50 ਵਜੇ ਲੱਗੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਇੰਨੀ ਭਿਆਨਕ ਸੀ ਕਿ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਅਸਮਾਨ ਨੂੰ ਛੂਹਦੀਆਂ ਅੱਗ ਦੀਆਂ ਲਪਟਾਂ ਬਹੁਤ ਹੀ ਭਿਆਨਕ ਦਿਖਾਈ ਦੇ ਰਹੀਆਂ ਸਨ। ਮੌਕੇ 'ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਦੱਸਿਆ ਕਿ ਪਾਣੀ ਵਾਲੀਆਂ 6 ਗੱਡੀਆਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਅਫਸਰ ਨੇ ਦੱਸਿਆ ਕਿ ਫਿਲਹਾਲ ਇਹ ਦੱਸਣਾ ਮੁਸ਼ਕਲ ਹੈ ਕਿ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ, ਕਿਉਂਕਿ ਇਸ ਪਲਾਟ ਵਿੱਚ ਕਬਾੜ ਦੇ ਨਾਲ-ਨਾਲ ਕਈ ਝੁੱਗੀਆਂ ਵੀ ਹਨ। ਇਨ੍ਹਾਂ ਝੁੱਗੀਆਂ ਵਿੱਚ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ, ਜੋ ਕੂੜਾ-ਕਰਕਟ ਅਤੇ ਕਬਾੜ ਇਕੱਠਾ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ।
ਸਥਾਨਕ ਲੋਕਾਂ ਅਨੁਸਾਰ ਇਹ ਥਾਂ ਨਿਰੰਜਨ ਸਿੰਘ ਨਾਮੀ ਵਿਅਕਤੀ ਦੀ ਹੈ, ਜਿਸ ਨੇ ਕਬਾੜ ਦੇ ਗੋਦਾਮ ਲਈ ਕਿਰਾਏ ’ਤੇ ਦਿੱਤੀ ਹੋਈ ਸੀ। ਗੋਦਾਮ ਦੀ ਆੜ ਵਿਚ ਇਥੇ ਕਰੀਬ 40 ਝੁੱਗੀਆਂ ਬਣੀਆਂ ਹੋਈਆਂ ਸਨ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਲੋਕਾਂ ਦਾ ਸਾਰਾ ਸਾਮਾਨ ਸੜ ਗਿਆ ਪਰ ਖ਼ੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
