SGPC ਨੇ ਕਰਵਾਇਆ ਮਾਤਾ ਭਾਗ ਕੌਰ ਗੁਰਮਤਿ ਸੰਮੇਲਨ

Thursday, Jan 14, 2021 - 12:28 AM (IST)

SGPC ਨੇ ਕਰਵਾਇਆ ਮਾਤਾ ਭਾਗ ਕੌਰ ਗੁਰਮਤਿ ਸੰਮੇਲਨ

ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, (ਪਵਨ ਤਨੇਜਾ, ਖ਼ੁਰਾਣਾ. ਦੀਪਕ )- ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਇਤਿਹਾਸ ਦੇ 40 ਮੁਕਤਿਆਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਮਾਘੀ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਇੱਥੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰੂ ਘਰਾਂ ਅੰਦਰ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਮਾਤਾ ਭਾਗ ਕੌਰ ਜੀ ਗੁਰਮਤਿ ਸੰਮੇਲਨ ਕਰਵਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜਵਾਨਾਂ ਅੰਦਰ ਸਿੱਖ ਸਰੋਕਾਰਾਂ ਨੂੰ ਦ੍ਰਿੜ੍ਹ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਰਹਿਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਬੀਬੀ ਜਗੀਰ ਕੌਰ ਨੂੰ ਜ਼ਿਲਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਪਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਬੀਬੀਆਂ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਅੰਤਿਰੰਗ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਐੱਸ.ਜੀ.ਪੀ.ਸੀ. ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਗੁਰਿੰਦਰ ਕੌਰ, ਡਾਇਰੈਕਟਰ ਸਿੱਖਿਆ ਡਾ. ਤੇਜਿੰਦਰ ਕੌਰ ਧਾਲੀਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਸਮੇਤ ਸਟਾਫ ਵੀ ਹਾਜ਼ਰ ਸੀ।


author

Bharat Thapa

Content Editor

Related News