ਤਨਖਾਹੀਆ ਕਰਾਰ ਦਿੱਤੇ ਗੁਰਦੁਆਰਾ ਸਿੰਘ ਸਭਾ ਦਸੂਹਾ ਦੇ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਤੋਂ ਮੰਗਿਆ ਇਕ 'ਮੌਕਾ'

10/19/2023 3:01:41 PM

ਚੰਡੀਗੜ੍ਹ (ਰਮਨਜੀਤ ਸਿੰਘ) : ਦਸੂਹਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਦਾ ਘੱਟ ਤੋਂ ਘੱਟ ਇਕ ਮੌਕਾ ਦੇ ਦੇਣ, ਫਿਰ ਭਾਵੇਂ ਹੀ ਉਨ੍ਹਾਂ ਨੂੰ ਕੋਈ ਸਜ਼ਾ ਸੁਣਾ ਦੇਣ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਅਗਵਾਈ ਵਿਚ ਹੋਈ ਬੈਠਕ 'ਚ ਹੋਰ ਫੈਸਲਿਆਂ ਦੇ ਨਾਲ-ਨਾਲ ਗੁਰਦੁਆਰਾ ਸਿੰਘ ਸਭਾ ਦਸੂਹਾ ਦੇ ਕਮੇਟੀ ਮੈਂਬਰਾਂ ਨੂੰ ਹੁਕਮ ਅਦੂਲੀ ਦੇ ਕਾਰਣ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ :  ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਖ਼ਿਲਾਫ਼ ਵੱਡਾ ਦਾਅ ਖੇਡਣ ਲਈ ਮੈਦਾਨ 'ਚ ਉੱਤਰੀ 'ਆਪ'

ਦਸੂਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਜਗਮੋਹਨ ਸਿੰਘ, ਕਮਲਪ੍ਰੀਤ ਸਿੰਘ ਤੇ ਤਰਸੇਮ ਸਿੰਘ ਖਾਲਸਾ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਸੂਹਾ ਵਿਚ ਸਥਿਤੀ ਉਕਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ 11 ਮੈਂਬਰੀਂ ਸਥਾਨਕ ਸੰਗਤ ਦੀ ਕਮੇਟੀ ਵਲੋਂ ਬਣਵਾਇਆ ਗਿਆ ਸੀ ਤੇ ਕਰੀਬ 1985 ਤੋਂ ਹੀ ਸਥਾਨਕ ਸੇਵਾਦਾਰਾਂ ਦੀ ਕਮੇਟੀ ਹੀ ਹਰ ਸਾਲ ਸਰਬਸੰਮਤੀ ਨਾਲ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕਰਕੇ ਪ੍ਰਬੰਧਨ ਚਲਾ ਰਹੀ ਹੈ। ਉਨ੍ਹਾਂ ਨਾਲ ਮੌਜੂਦ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਜੁੜੇ ਵਕੀਲ ਸਿਮਰਨਜੀਤ ਸਿੰਘ ਨੇ ਕਿਹਾ ਕਿ ਵਿਵਾਦ ਉਸ ਸਮੇਂ ਸ਼ੁਰੂ ਹੋਇਆ, ਜਦ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਸਥਾਨਕ ਨੇਤਾਵਾਂ ਨੇ ਗੁਰਦੁਆਰਾ ਸਾਹਿਬ ਦਾ ਪ੍ਰਬੰਧਨ ਜਬਰਨ ਆਪਣੇ ਅਧੀਨ ਕਰਨ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਕਈ ਕੋਸ਼ਿਸ਼ਾਂ ਤੋਂ ਬਾਅਦ ਤੇ ਦੋ ਵਾਰ ਅਦਾਲਤ ਵਿਚ ਕੇਸ ਹਾਰ ਜਾਣ ਦੇ ਬਾਵਜੂਦ ਵੀ ਜਦ ਉਕਤ ਲੋਕ ਗੁਰਦੁਅਰਾ ਸਾਹਿਬ ਦੇ ਪ੍ਰਬੰਧਨ ’ਤੇ ਆਪਣਾ ਅਧਿਕਾਰ ਨਹੀਂ ਜਤਾ ਸਕੇ ਤਾਂ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੱਥਾਂ ਦਾ ਬਿਓਰਾ ਦੇ ਕੇ ਉਨ੍ਹਾਂ ਖਿਲਾਫ਼ ਹੁਕਮਨਾਮਾ ਜਾਰੀ ਕਰਵਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਪਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਮੇਟੀ ਦੇ ਮੈਂਬਰਾਂ ਨੇ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਚ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਮਣੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇ, ਪਰ ਉਨ੍ਹਾਂ ਦੀ ਅਪੀਲ ਨੂੰ ਅਣਦੇਖਾ ਕਰਕੇ ਤੇ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਖਿਲਾਫ਼ ਹੁਕਮਨਾਮਾ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਹੋਣ ਦੇ ਨਾਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਚ ਵਿਸ਼ਵਾਸ ਰੱਖਦੇ ਹਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਉਨ੍ਹਾਂ ਨੂੰ ਸੁਣਵਾਈ ਦਾ ਇਕ ਮੌਕਾ ਜ਼ਰੂਰ ਦੇਣਗੇ ਤਾਂ ਕਿ ਗੁਰੂ ਮਰਿਆਦਾ ਮੁਤਾਬਿਕ ਇਨਸਾਫ਼ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੱਖ ਰੱਖਣ ਦਾ ਮੌਕਾ ਹੀ ਹਾਸਿਲ ਨਹੀਂ ਹੋਇਆ ਤਾਂ ਦਸੂਹਾ ਗੁਰਦੁਆਰਾ ਸਾਹਿਬ ਵਿਚ ਸਿੱਖ ਸੰਗਠਨਾਂ ਦੀ ਮੌਜੂਦਗੀ ਵਿਚ ਸਿੱਖ ਸੰਗਤ ਦੇ ਸਾਹਮਣੇ ਆਪਣਾ ਪੱਖ ਰੱਖਣਗੇ। ਇਸ ਮੌਕੇ ’ਤੇ ਪ੍ਰਭਜੋਤ ਸਿੰਘ, ਤਰਨਜੀਤ ਸਿੰਘ ਭਾਟੀਆ, ਤਜਿੰਦਰ ਸਿੰਘ ਮਰਵਾਹਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੰਡੀਗੜ੍ਹ ਪ੍ਰਧਾਨ ਗੋਪਾਲ ਸਿੰਘ ਸਿੱਧੂ, ਜੋਗਿੰਦਰ ਸਿੰਘ ਭਾਟੀਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਐਕਸ਼ਨ 'ਚ DGP ਪੰਜਾਬ, ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Harnek Seechewal

This news is Content Editor Harnek Seechewal