ਜੇਲ੍ਹ ''ਚ ਭੁੱਖ ਹੜਤਾਲ ''ਤੇ ਬੈਠੇ ਗੈਂਗਸਟਰਾਂ ਦੀ ਕਰਵਾਈ ਮੈਡੀਕਲ ਜਾਂਚ
Monday, Feb 10, 2025 - 04:24 PM (IST)
![ਜੇਲ੍ਹ ''ਚ ਭੁੱਖ ਹੜਤਾਲ ''ਤੇ ਬੈਠੇ ਗੈਂਗਸਟਰਾਂ ਦੀ ਕਰਵਾਈ ਮੈਡੀਕਲ ਜਾਂਚ](https://static.jagbani.com/multimedia/2025_2image_16_24_240414142btdjail.jpg)
ਬਠਿੰਡਾ (ਵਿਜੇ ਵਰਮਾ) : ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਅਤੇ ਗੁਰਪ੍ਰੀਤ ਸਿੰਘ ਜੇਲ੍ਹ 'ਚ ਮੁਰਗਾ ਖਾਣ ਅਤੇ ਮੁਲਾਕਾਤ ਦੀ ਰਿਕਾਰਡਿੰਗ ਨਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ ’ਤੇ ਸਨ। ਉਨ੍ਹਾਂ ਦਾ ਸੋਮਵਾਰ ਨੂੰ ਸਿਵਲ ਹਸਪਤਾਲ ਵਿਖੇ ਮੈਡੀਕਲ ਹੋਇਆ। ਦੋਹਾਂ ਗੈਂਗਸਟਰਾਂ ਨੂੰ ਪੁਲਸ ਸੁਰੱਖਿਆ ਹੇਠ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਦੋਵੇਂ ਗੈਂਗਸਟਰਾਂ ਦੀ ਭੁੱਖ-ਹੜਤਾਲ ਖ਼ਤਮ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਦੱਸ ਦੇਈਏ ਕਿ ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਅਤੇ ਗੁਰਪ੍ਰੀਤ ਸਿੰਘ ਕੇਂਦਰੀ ਜੇਲ੍ਹ ਦੇ ਹਾਈ ਸਕਿਓਰਿਟੀ ਜ਼ੋਨ 'ਚ ਲੰਬੇ ਸਮੇਂ ਤੋਂ ਅਪਰਾਧਿਕ ਮਾਮਲਿਆਂ 'ਚ ਬੰਦ ਸੀ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਖਾਣ ਲਈ ਚਿਕਨ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹੋਈ ਫ਼ੋਨ ਗੱਲਬਾਤ ਨੂੰ ਰਿਕਾਰਡ ਨਾ ਕੀਤਾ ਜਾਵੇ। ਜੇਲ੍ਹ ਪ੍ਰਸ਼ਾਸਨ ਨੇ ਦੋਹਾਂ ਗੈਂਗਸਟਰਾਂ ਦੀਆਂ ਉਪਰੋਕਤ ਮੰਗਾਂ ਸਬੰਧੀ ਆਪਣੇ ਉੱਚ ਅਧਿਕਾਰੀਆਂ ਨੂੰ ਜਾਣੂੰ ਕਰਵਾ ਦਿੱਤਾ ਸੀ ਪਰ 22 ਜਨਵਰੀ ਤੋਂ ਦੋਵੇਂ ਗੈਂਗਸਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਕਾਰਨ ਹੁਣ ਜਦੋਂ 15 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤਾਂ ਜੇਲ੍ਹ ਪ੍ਰਸ਼ਾਸਨ ਵੀ ਦੋਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ ਅਤੇ ਜੇਲ੍ਹ ਹਸਪਤਾਲ ਦੇ ਡਾਕਟਰ ਵੀ ਦੋਹਾਂ ਦੀ ਲਗਾਤਾਰ ਜਾਂਚ ਕਰ ਰਹੇ ਹਨ। ਸੋਮਵਾਰ ਨੂੰ ਜੇਲ੍ਹ ਪ੍ਰਸ਼ਾਸਨ ਨੇ ਦੋਹਾਂ ਗੈਂਗਸਟਰਾਂ ਨੂੰ ਪੁਲਸ ਸੁਰੱਖਿਆ ਹੇਠ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ। ਜਿੱਥੇ ਦੋਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ।