ਪੰਜਾਬ ਸਰਕਾਰ ਵਲੋਂ 460 ਮੈਡੀਕਲ ਅਫਸਰਾਂ ਦੀ ਭਰਤੀ ਦਾ ਐਲਾਨ

Wednesday, Oct 23, 2019 - 08:56 AM (IST)

ਪੰਜਾਬ ਸਰਕਾਰ ਵਲੋਂ 460 ਮੈਡੀਕਲ ਅਫਸਰਾਂ ਦੀ ਭਰਤੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇੱਥੇ ਜਾਰੀ ਬਿਆਨ 'ਚ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 460 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਵਿਭਾਗ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨੂੰ ਜਲਦ ਪੂਰੀ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਦਵਾਈਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 48.30 ਲੱਖ ਰੁਪਏ ਤੋਂ ਵੱਧ ਦੀਆਂ ਦਵਾਈਆਂ ਦੀ ਖਰੀਦ ਕਰਕੇ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਭੇਜ ਦਿੱਤੀਆਂ ਗਈਆਂ ਹਨ।
ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਡਿਸਪੈਂਸਰੀਆਂ ਵਿਚ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਡਿਸਪੈਂਸਰੀਆਂ ਦਾ ਸਟਾਫ ਸਮੇਂ ਸਿਰ ਡਿਊਟੀ 'ਤੇ ਆਪਣੀ ਹਾਜ਼ਰੀ ਯਕੀਨੀ ਬਣਾਏ ਅਤੇ ਮਰੀਜ਼ਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।ਇਸ ਦੇ ਨਾਲ ਹੀ ਉਨ੍ਹਾਂ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਨੁਹਾਰ ਬਦਲਣ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਪ੍ਰਾਜੈਕਟ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੇਂਡੂ ਡਿਸਪੈਂਸਰੀਆਂ 'ਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।


author

Babita

Content Editor

Related News