ਮੀਤ ਹੇਅਰ ਨੇ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Wednesday, Nov 15, 2023 - 05:36 PM (IST)

ਮੀਤ ਹੇਅਰ ਨੇ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। 

ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

 


author

Gurminder Singh

Content Editor

Related News