ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਖ਼ਤ ਹਦਾਇਤਾਂ ਜਾਰੀ

Wednesday, Jan 31, 2024 - 06:44 PM (IST)

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ, ਸਖ਼ਤ ਹਦਾਇਤਾਂ ਜਾਰੀ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ’ਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ’ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ’ਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ’ਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ’ਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

PunjabKesari

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ’ਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ’ਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ’ਚ ਸ਼ਾਮਲ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਨੂੰ ਵੱਡਾ ਝਟਕਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ. ਡੀ. ਐੱਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਅਧੀਨ ਨਜ਼ਦੀਕੀ ਸੂਚੀਬੱਧ ਹਸਪਤਾਲ ’ਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਨਿਰਧਾਰਿਤ ਸੀਮਾ/ਦਿਨਾਂ ਤੋਂ ਵੱਧ ਹੋਣ ਵਾਲੇ ਖ਼ਰਚੇ ਦੀ ਬਿਨਾਂ ਕਿਸੇ ਦੇਰੀ ਤੋਂ ਪੜਤਾਲ ਕਰਨ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ’ਚ ਇਸ ਸਕੀਮ ਅਧੀਨ 52 ਪੈਕੇਜ ਨਿਰਧਾਰਤ ਕੀਤੇ ਗਏ ਹਨ ਅਤੇ 495 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ’ਚ ਟੇਲਾਂ ’ਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ।

PunjabKesari

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐੱਸ. ਏ. ਐੱਸ. ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ’ਚ ਸ਼ਾਮਲ ਕਰੇ : ਚੇਤਨ ਸਿੰਘ ਜੌੜਾਮਾਜਰਾ

ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਕੂਲਾਂ ’ਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਲਈ ਸਕੂਲੀ ਵਰਦੀਆਂ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ਿਲਾ ਪੱਧਰ ’ਤੇ ਸਕੂਲੀ ਸਿੱਖਿਆ ਦੇ ਨਿਵੇਕਲੇ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਸਕੂਲ ਕੈਂਪਸ ਦੇ ਅੰਦਰ ਖਤਰਾ ਬਣੇ ਰੁੱਖਾਂ ਅਤੇ ਅਸੁਰੱਖਿਅਤ ਇਮਾਰਤਾਂ ਬਾਰੇ ਐੱਸ. ਓ. ਪੀਜ਼ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਕ ਪਾਸੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਲੋੜਵੰਦਾਂ ਲਈ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ’ਚ ਇਸ ਸਕੀਮ ਅਧੀਨ 308 ਲੱਖ ਦਿਹਾੜੀਆਂ ਪੈਦਾ ਕਰਕੇ 8.17 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖ਼ਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ’ਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ’ਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਕ ਹੋਰ ਮੁੱਦੇ ’ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ’ਚ ਤੇਜ਼ੀ ਲਿਆਉਣ ਲਈ ਕਿਹਾ।

ਇਹ ਵੀ ਪੜ੍ਹੋ : ਹਾਈਕੋਰਟ ਦੇ ਜੱਜ ਦੇ ਸਾਹਮਣੇ ਬੋਲੀ ਬੱਚੀ, ਨਹੀਂ ਰਹਿਣਾ ਚਾਹੁੰਦੀ ਮਾਪਿਆਂ ਨਾਲ

ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ ’ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ’ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ’ਚੋਂ ਲੰਘੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ’ਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ’ਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਹ ਵੀ ਪੜ੍ਹੋ : ਫ਼ੌਜ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਜ਼ਰੂਰੀ ਖ਼ਬਰ, ਜਾਰੀ ਹੋਈਆਂ ਹਿਦਾਇਤਾਂ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News