ਕਰਜ਼ੇ ਮੁਆਫੀ ਸਬੰਧੀ ਡੀ. ਸੀ. ਦੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Saturday, Jan 06, 2018 - 05:25 PM (IST)


ਫਾਜ਼ਿਲਕਾ (ਨਾਗਪਾਲ, ਲੀਲਾਧਰ) - ਰਾਜ ਸਰਕਾਰ ਵੱਲੋਂ ਕਿਸਾਨਾਂ ਦੇ ਫਸਲੀ ਕਰਜ਼ੇ ਪੜ੍ਹਾਅ ਵਾਰ ਤਰੀਕੇ ਨਾਲ ਮੁਆਫ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਪਹਿਲੇ ਪੜ੍ਹਾਅ ਵਿਚ ਸਿਰਫ ਢਾਈ ਏਕੜ ਤੋਂ ਘੱਟ ਜ਼ਮੀਨ ਮਾਲਕੀ ਵਾਲੇ ਉਹੀ ਕਿਸਾਨ ਵਿਚਾਰੇ ਗਏ ਹਨ, ਜਿਨ੍ਹਾਂ ਨੇ ਸਹਿਕਾਰੀ ਬੈਂਕਾਂ ਤੋਂ ਫਸਲੀ ਕਰਜ਼ਾ ਲਿਆ ਸੀ। 
ਇਸ ਸਬੰਧੀ ਜਾਣਕਾਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਪੂਰੀ ਕਰ ਲੈਣ ਤੋਂ ਬਾਅਦ ਢਾਈ ਏਕੜ ਤੋਂ ਵੱਧ ਜ਼ਮੀਨ ਵਾਲੇ ਅਤੇ ਵਪਾਰਕ ਬੈਂਕਾਂ ਤੋਂ ਫਸਲੀ ਕਰਜ਼ਾ ਲੈਣ ਵਾਲੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਸਕੀਮ ਦਾ ਲਾਭ ਦਿੱਤਾ ਜਾਵੇਗਾ। ਇਸ ਸਕੀਮ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਲਾਭਪਾਤਰੀਆਂ ਦੀਆਂ ਸੂਚੀਆਂ ਜਨਤਕ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪ੍ਰਾਪਤ ਹੋਣ ਵਾਲੇ ਦਾਅਵਿਆਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਵਿਚ ਆਮ ਇਜਲਾਸ ਕਰਕੇ ਵੀ ਦਾਅਵੇ ਤੇ ਇਤਰਾਜ਼ ਲਏ ਜਾ ਰਹੇ ਹਨ ਅਤੇ ਕਿਸਾਨ ਮੌਕੇ 'ਤੇ ਵੀ ਆਪਣੇ ਦਾਅਵੇ ਤੇ ਇਤਰਾਜ਼ ਦੇ ਸਕਦੇ ਹਨ। ਢਾਈ ਏਕੜ ਤੋਂ ਵੱਧ ਜ਼ਮੀਨ ਵਾਲੇ ਅਤੇ ਵਪਾਰਕ ਬੈਂਕਾਂ ਤੋਂ ਕਰਜ਼ ਲੈਣ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਜਾਰੀ ਕੀਤੀਆਂ ਜਾਣਗੀਆਂ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ. ਅਬੋਹਰ ਮਿਸ ਪੂਨਮ ਸਿੰਘ, ਐੱਸ. ਡੀ. ਐੱਮ. ਜਲਾਲਾਬਾਦ ਪ੍ਰਿਥੀ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਹਿਗਲ, ਸਹਾਇਕ ਕਮਿਸ਼ਨ (ਅੰਡਰ ਟ੍ਰੇਨਿੰਗ) ਰਣਦੀਪ ਸਿੰਘ ਅਹੀਰ, ਜ਼ਿਲਾ ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਬੇਅੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਵੀ ਹਾਜ਼ਰ ਸਨ।


Related News