ਮੈਂਬਰ ਪਾਰਲੀਮੈਂਟ ਡਿੰਪਾ ਤੇ ਵਿਧਾਇਕ ਭੁੱਲਰ ਦਾ ਕਿਸਾਨ ਸੰਘਰਸ਼ ਕਮੇਟੀ ਨੇ ਕੀਤਾ ਘਿਰਾਓ

07/12/2021 7:59:00 PM

ਵਲਟੋਹਾ(ਗੁਰਮੀਤ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਾਨ ਵਿਖੇ ਅੱਜ ਕਿਸਾਨ ਸੰਘਰਸ਼ ਕਮੇਟੀ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਅਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਕਾਫਲੇ ਨੂੰ ਘੇਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ’ਤੇ ਕਿਸਾਨਾਂ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪਿੱਟ ਸਿਆਪਾ ਕੀਤਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੇਹਰ ਸਿੰਘ ਤਲਵੰਡੀ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਸਾਢੇ ਸੱਤ ਮਹੀਨੇ ਤੋਂ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ ਅਤੇ ਹੁਣ ਜਦੋਂ ਵਿਧਾਨ ਸਭਾ ਚੋਣਾਂ ਨਜ਼ਦੀਕ ਆਈਆਂ ਹਨ ਤਾਂ ਇਹ ਸਿਆਸੀ ਪਾਰਟੀਆਂ ਦੇ ਲੀਡਰ ਪਿੰਡ-ਪਿੰਡ ਜਾ ਕੇ ਸਿਆਸੀ ਮੀਟਿੰਗਾਂ ਕਰਨ ਵਿਚ ਲੱਗ ਪਏ ਹਨ। ਜਿਸ ਨੂੰ ਲੈ ਕੇ ਅੱਜ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਘਿਰਾਓ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਕਾਲਜ ਰੋਡ ’ਤੇ ਸਥਿਤ ਇਕ ਹੋਟਲ ਦੀ ਪਹਿਲੀ ਮੰਜ਼ਿਲ ’ਚ ਲੱਗੀ ਭਿਆਨਕ ਅੱਗ
ਉਨ੍ਹਾਂ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੂੰ ਪਹਿਲਾਂ ਹੀ ਕਿਸਾਨਾਂ ਵਲੋਂ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਪਿੰਡਾਂ ਵਿਚ ਸਿਆਸੀ ਮੀਟਿੰਗਾਂ ਨਾ ਕਰਨ ਨਹੀਂ ਤਾਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ ਪਰ ਫਿਰ ਵੀ ਇਨ੍ਹਾਂ ਵਲੋਂ ਸਿਆਸੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਵਿਧਾਇਕ ਭੁੱਲਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਦ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਹ ਓਨਾ ਚਿਰ ਸਿਆਸੀ ਮੀਟਿੰਗਾਂ ਨਹੀਂ ਕਰਨਗੇ। ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਮਸਲੇ ਨੂੰ ਸੁਲਝਾਉਂਦੇ ਹੋਏ ਕਿਸਾਨਾਂ ਨੂੰ ਸ਼ਾਂਤ ਕੀਤਾ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਡਿੰਪਾ ਅਤੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੂੰ ਕਿਸਾਨਾਂ ਦੇ ਘੇਰੇ ਵਿਚੋਂ ਕੱਢਿਆ।


Bharat Thapa

Content Editor

Related News