ਮਾਨਸਿਕ ਪ੍ਰੇਸ਼ਾਨੀ ਕਾਰਨ ਮਾਂ-ਧੀ ਨੇ ਖਾਧੀ ਜ਼ਹਿਰੀਲੀ ਦਵਾਈ, ਧੀ ਦੀ ਮੌਤ
Monday, Aug 20, 2018 - 07:04 AM (IST)

ਮੋਗਾ, (ਆਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਕੋਕਰੀ ਕਲਾਂ ਵਿਖੇ ਮਾਨਸਿਕ ਪ੍ਰੇਸ਼ਾਨੀ ਕਾਰਨ ਮਾਂ-ਧੀ ਨੇ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਧੀ ਦੀ ਮੌਤ ਹੋ ਗਈ, ਜਦਕਿ ਉਸਦੀ ਮਾਂ ਨੂੰ ਜਗਰਾਓਂ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਅਜੀਤਵਾਲ ਦੇ ਮੁੱਖ ਅਫਸਰ ਭੁਪਿੰਦਰ ਕੌਰ ਅਤੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ।
ਇਸ ਸਬੰਧ 'ਚ ਪੁਲਸ ਨੂੰ ਜਾਣਕਾਰੀ ਦਿੰਦਿਆਂ ਇਕਬਾਲ ਸਿੰਘ ਨੇ ਕਿਹਾ ਕਿ ਉਹ ਗ੍ਰੰਥੀ ਹੈ, ਉਸ ਦੀ 18 ਸਾਲਾ ਬੇਟੀ ਨੇ ਬਾਰ੍ਹਵੀਂ ਤੋਂ ਬਾਅਦ ਆਈਲੈਟਸ ਦਾ ਟੈਸਟ ਦਿੱਤਾ ਸੀ ਅਤੇ ਉਸ 'ਚੋਂ 4.5 ਬੈਂਡ ਆਉਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ । ਇਸੇ ਪ੍ਰੇਸ਼ਾਨੀ ਕਾਰਨ ਉਸਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਅਤੇ ਉਸਦੇ ਨਾਲ ਉਸਦੀ ਪਤਨੀ ਚਰਨਜੀਤ ਕੌਰ ਨੇ ਵੀ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਦਾ ਪਤਾ ਅੱਜ ਸਵੇਰੇ ਲੱਗਾ। ਉਕਤ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਦੇ ਬਿਆਨਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਅੱਜ ਸਿਵਲ ਹਸਪਤਾਲ ਮੋਗਾ 'ਚੋਂ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ।