ਤੇਜ਼ ਰਫਤਾਰ ਮਰਸੀਡੀਜ਼ ਦਾ ਕਹਿਰ, ਨੌਜਵਾਨ ਨੂੰ ਦਰੜਿਆ
Sunday, Oct 13, 2019 - 06:17 PM (IST)

ਮੋਹਾਲੀ (ਜੱਸੋਵਾਲ) : ਐਤਵਾਰ ਸਵੇਰੇ ਮੋਹਾਲੀ ਦੇ ਚੀਮਾ ਚੌਕ 'ਚ ਤੇਜ਼ ਰਫਤਾਰ ਮਰਸੀਡੀਜ਼ ਵਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਗਈ, ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਰਲੀ ਸਿੰਘ (25) ਵਜੋਂ ਹੋਈ ਹੈ। ਮੁਰਲੀ ਸਵਿਗੀ ਕੰਪਨੀ 'ਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਜਿੱਥੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ, ਉਥੇ ਹੀ ਮਰਸੀਡੀਜ਼ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮਰਸੀਡੀਜ਼ ਦੀ ਰਫਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਸੂਤਰਾਂ ਮੁਤਾਬਕ ਘਟਨਾ ਤੋਂ ਬਾਅਦ ਕਿਸੇ ਰਾਹਗਿਰ ਵਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਜਦੋਂ ਮੌਕੇ 'ਤੇ ਪਹੁੰਚੀ ਪੁਲਸ ਨੇ ਮੋਟਰਸਾਈਕਲ ਸਵਾਰ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਧਰ ਪੁਲਸ ਵਲੋਂ ਮਾਮਲੇ 'ਚ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।