ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕਰਵਟ ਬਦਲਣ ਦੀ ਤਿਆਰੀ ’ਚ ਮੌਸਮ, ਯੈਲੋ ਅਲਰਟ ਜਾਰੀ

11/09/2022 6:24:43 PM

ਚੰਡੀਗੜ੍ਹ : ਪੰਜਾਬ ਵਿਚ ਮੌਸਮ ਕਰਵਟ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਮਾਝਾ, ਮਾਲਵਾ ਅਤੇ ਦੋਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ ਦੇ ਨਾਲ ਕਿਤੇ-ਕਿਤੇ ਮੀਂਹ ਵੀ ਪੈ ਸਕਦਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਦਰਅਸਲ ਪਾਕਿਸਤਾਨ ਵਾਲੇ ਪਾਸੇ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਸਿੱਟੇ ਵਜੋਂ ਉਤਰੀ ਪਾਕਿਸਤਾਨ ਵਾਲੇ ਪਾਸਿਓਂ ਪਰਾਲੀ ਦੇ ਚੜ੍ਹੇ ਗੁਬਾਰ ਤੋਂ ਰਾਹਤ ਮਿਲਣ ਦੀ ਵੀ ਉਮੀਦ ਹੈ। ਮੀਂਹ ਕਾਰਣ ਠੰਡ ਦਾ ਵਧਣਾ ਵੀ ਲਾਜ਼ਮੀ ਹੈ। ਦਰਅਸਲ ਕਈ ਦਿਨਾਂ ਤੋਂ ਮਾਲਵੇ ’ਚ ਪਰਾਲੀ ਪ੍ਰਦੂਸ਼ਣ ਨੇ ਲੋਕਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਕਾਰਣ ਪੰਜਾਬ ਦੇ ਕਈ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਕਾਰਵਾਈ ਹੋ ਸਕਦੀ ਹੈ। ਮੌਸਮ ਵਿਭਾਗ ਨੇ 9 ਅਤੇ 10 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਮਾਮਲੇ ਵਿਚ ਪਰਾਲੀ ਸਾੜਨ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ ਜਿਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਕਰਕੇ ਸਿਹਤ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇ ਬਾਰਸ਼ ਪੈਂਦੀ ਹੈ ਤਾਂ ਅਸਮਾਨੀਂ ਚੜ੍ਹਿਆ ਗੁਬਾਰ ਉਤਰਨ ਦੀ ਸੰਭਾਵਨਾ ਹੈ ਜਿਸ ਕਰਕੇ ਲੋਕਾਂ ਨੂੰ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਸੰਦੀਪ ਸੰਨੀ ਬਾਰੇ ਹੋਇਆ ਵੱਡਾ ਖ਼ੁਲਾਸਾ

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਰੋਪੜ, ਹੁਸ਼ਿਆਰਪੁਰ ਅਤੇ ਪਟਿਆਲਾ ਵਿਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਸਰਦ ਰੁੱਤ ਦੌਰਾਨ ਧੁੰਦ ਦੀ ਸ਼ੁਰੂਆਤ ਵੀ 10 ਨਵੰਬਰ ਤੋਂ ਹੋ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 10 ਅਤੇ 11 ਨਵੰਬਰ ਨੂੰ ਸੰਘਣੀ ਧੁੰਦ ਪੈਣ ਦਾ ਕਿਆਸ ਲਾਇਆ ਹੈ ਜਿਸ ਨਾਲ ਸੜਕੀ ਆਵਾਜਾਈ ਵਿਚ ਵੀ ਮੁਸ਼ਕਲਾਂ ਆ ਸਕਦੀਆਂ ਹਨ। ਪੰਜਾਬ ਦੇ ਜ਼ਿਲ੍ਹਾ ਬਰਨਾਲਾ, ਫਤਹਿਗੜ੍ਹ ਸਾਹਿਬ, ਮੁਹਾਲੀ, ਰੋਪੜ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਨਵਾਂ ਸ਼ਹਿਰ, ਕਪੂਰਥਲਾ, ਲੁਧਿਆਣਾ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਬਲੈਕਲਿਸਟ ਕੀਤੇ ਇਹ ਵਾਹਨ, ਹੋਵੇਗੀ ਸਖ਼ਤ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News