''ਮਗਨਰੇਗਾ'' ਮੁਲਾਜ਼ਮਾਂ ਨੂੰ ਸਰਕਾਰ ਦੀ ਆਖਰੀ ਚਿਤਾਵਨੀ
Friday, Sep 27, 2019 - 02:24 PM (IST)

ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਕੰਮਕਾਰ ਦੇਖਦੇ ਮਗਨਰੇਗਾ ਮੁਲਾਜ਼ਮ, ਜੋ ਕਿ ਪਿਛਲੇ 10 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਹਨ, ਉਨ੍ਹਾਂ ਨੂੰ ਸਰਕਾਰ ਨੇ ਆਖਰੀ ਚਿਤਾਵਨੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਇਹ ਹੁਕਮਜਾਰੀ ਕੀਤੇ ਗਏ ਹਨ ਕਿ ਮਗਨਰੇਗਾ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਕਾਰਨ ਪਿੰਡਾਂ 'ਚ ਵਿਕਾਸ ਕਾਰਜ ਠੱਪ ਪਏ ਹਨ, ਜਿਸ ਕਾਰਨ ਮਗਨਰੇਗਾ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ 24 ਘੰਟੇ ਦੇ ਅੰਦਰ-ਅੰਦਰ ਡਿਊਟੀ 'ਤੇ ਹਾਜ਼ਰ ਹੋਣ ਅਤੇ ਜੇਕਰ ਉਹ ਡਿਊਟੀ 'ਤੇ ਨਹੀਂ ਆਉਣਗੇ ਤਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਹਟਾ ਕੇ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਪੰਚਾਇਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਬਲਾਕ ਪੰਚਾਇਤ ਦਫ਼ਤਰਾਂ ਦੇ ਅਧਿਕਾਰੀਆਂ ਵਲੋਂ ਮਗਨਰੇਗਾ ਮੁਲਾਜ਼ਮਾਂ ਨੂੰ ਇਸ ਸਬੰਧੀ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ। ਦੂਜੇ ਪਾਸੇ ਹੜਤਾਲ 'ਤੇ ਗਏ ਮਗਨਰੇਗਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਬੇਜ਼ਿੱਦ ਹਨ ਅਤੇ ਉਨ੍ਹਾਂ ਵਲੋਂ ਜ਼ਿਲਾਪੱਧਰ 'ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।