ਪੰਜਾਬ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਦਿੱਤੀ ਵੱਡੀ ਸੌਗਾਤ, ਖ਼ਰੀਦ ਕੀਮਤਾਂ 'ਚ ਕੀਤਾ ਵਾਧਾ

Saturday, May 21, 2022 - 04:31 PM (IST)

ਪੰਜਾਬ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਦਿੱਤੀ ਵੱਡੀ ਸੌਗਾਤ, ਖ਼ਰੀਦ ਕੀਮਤਾਂ 'ਚ ਕੀਤਾ ਵਾਧਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀਆਂ ਖ਼ਰੀਦ ਕੀਮਤਾਂ 'ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਪੰਜਾਬ 'ਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖ਼ੁਰਾਕਾਂ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ 'ਚ ਹੋ ਰਹੇ ਵਾਧੇ ਕਾਰਨ ਕਾਫੀ ਮੁਸ਼ਕਲ ਪੈਦਾ ਹੋ ਰਹੀ ਹੈ। ਇਸ ਦੇ ਮੱਦੇਨਜ਼ਰ ਮਿਲਕਫੈੱਡ ਵੱਲੋਂ 21 ਮਈ ਤੋਂ ਦੁੱਧ ਦੇ ਖ਼ਰੀਦ ਭਾਅ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ। ਇਸ ਨਾਲ ਗਾਂ ਦੇ ਦੁੱਧ 'ਤੇ ਤਕਰੀਬਨ 1 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ 'ਤੇ 1.40 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ। 

ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ 'ਨਵਜੋਤ ਸਿੱਧੂ' ਨੇ ਨਹੀਂ ਖਾਧਾ ਖਾਣਾ, ਜਾਣੋ ਕਿਵੇਂ ਬੀਤੀ ਪਹਿਲੀ ਰਾਤ (ਵੀਡੀਓ)

ਇਸ ਫ਼ੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਦੁੱਧ ਉਤਪਾਦਕਾਂ ਅਤੇ ਖ਼ਪਤਕਾਰਾਂ ਦੇ ਹਿੱਤਾਂ ਲਈ ਹੋਰ ਵੀ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵੱਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖ਼ਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖ਼ਾਸ ਕਰਕੇ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ।

ਇਹ ਵੀ ਪੜ੍ਹੋ : ਕੈਦੀ ਨੰਬਰ..241383 'ਨਵਜੋਤ ਸਿੱਧੂ' ਦੀ ਨਵੀਂ ਪਛਾਣ, ਰੰਗੀਨ ਕੱਪੜਿਆਂ ਦੇ ਸ਼ੌਕੀਨ ਨੂੰ ਹੁਣ ਪਾਉਣੇ ਪੈਣਗੇ ਸਫ਼ੈਦ ਕੱਪੜੇ

ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਇਸ ਮੌਕੇ ਵੇਰਕਾ ਦੀਆਂ ਸਭਾਵਾਂ ਵਿੱਚ ਵੱਧ ਤੋਂ ਵੱਧ ਦੁੱਧ ਪਾ ਕੇ ਇਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਕਿ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮਿਲ ਸਕੇ ਅਤੇ ਵੱਧ ਮੁਨਾਫ਼ਾ ਹੋਵੇ ਤਾਂ ਜੋ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈੱਡ ਪੰਜਾਬ ਵੱਲੋਂ ਪਹਿਲਾਂ ਵੀ 1 ਮਾਰਚ, 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 20 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 70 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਕੇਂਦਰ ਸਰਕਾਰ MSP 'ਤੇ ਮੂੰਗੀ ਚੁੱਕਣ ਲਈ ਤਿਆਰ

ਉਨ੍ਹਾਂ ਦੱਸਿਆ ਕਿ ਦੁੱਧ ਉਤਪਾਦਕਾਂ ਤੋਂ ਖਰੀਦੇ ਗਏ ਉੱਤਮ ਗੁਣਵੱਤਾ ਦੇ ਦੁੱਧ ਨੂੰ ਵੱਖ-ਵੱਖ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ ਅਤੇ ਖ਼ਪਤਕਾਰਾਂ ਦੀ ਲੋੜ ਮੁਤਾਬਕ ਬਜ਼ਾਰ ਵਿੱਚ ਵੇਚਿਆ ਜਾਂਦਾ ਹੈ। ਇਸ ਤਰ੍ਹਾਂ ਪੈਦਾ ਹੋਏ ਮਾਲੀਏ ਦਾ ਤਕਰੀਬਨ 80 ਫ਼ੀਸਦੀ ਕੀਮਤ ਅਤੇ ਵੱਖ-ਵੱਖ ਸੇਵਾਵਾਂ, ਸਬਸਿਡੀ ਆਦਿ ਦੇ ਰੂਪ ਵਿੱਚ ਦੁੱਧ ਉਤਪਾਦਕਾਂ ਨੂੰ ਵਾਪਸ ਕਰ ਦਿੱਤਾ ਜਾਂਦਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News