ਦੁੱਧ ਉਤਪਾਦਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਮੁੜ ਵਧਾਈਆਂ ਖ਼ਰੀਦ ਕੀਮਤਾਂ

05/24/2022 9:22:38 PM

ਚੰਡੀਗੜ੍ਹ (ਬਿਊਰੋ) : ਫੀਡ ਦੇ ਭਾਅ ’ਚ ਹੋਏ ਵਾਧੇ ਕਾਰਨ ਪੰਜਾਬ ਦੇ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਦੀ ਮਾੜੀ ਵਿੱਤੀ ਹਾਲਤ ਨੂੰ ਧਿਆਨ ’ਚ ਰੱਖਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਧ ਦੇ ਖਰੀਦ ਭਾਅ ’ਚ 35 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਹੋਰ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਵੀ ਇਹ ਭਾਅ 20 ਰੁਪਏ ਵਧਾਇਆ ਗਿਆ ਸੀ। ਇਸ ਤਰ੍ਹਾਂ ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ’ਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸ ਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ ’ਤੇ ਬਿਲਕੁਲ ਨਹੀਂ ਪਵੇਗਾ ਅਤੇ ਉਨ੍ਹਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ।

ਇਹ ਵੀ ਪੜ੍ਹੋ : ਸਾਬਕਾ ਸਿਹਤ ਮੰਤਰੀ ਸਿੰਗਲਾ ਮੋਹਾਲੀ ਅਦਾਲਤ ’ਚ ਪੇਸ਼, 3 ਦਿਨਾ ਰਿਮਾਂਡ ’ਤੇ ਭੇਜਿਆ

ਇਸ ਫੈਸਲੇ ਨਾਲ ਗਾਂ ਦੇ ਦੁੱਧ ’ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ’ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ। ਅੱਜ ਇਥੇ ਸਕੱਤਰੇਤ ’ਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ’ਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ’ਚ ਵਿਸ਼ੇਸ਼ ਮੁੱਖ ਸਕੱਤਰ (ਕੋਆਪ੍ਰੇਸ਼ਨ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਵਿੱਤ ਕੇ. ਏ. ਪੀ. ਸਿਨਹਾ ਅਤੇ ਮਿਲਕਫ਼ੈੱਡ ਦੇ ਐੱਮ. ਡੀ. ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ 

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ ਹੈ, ਜਿਸ ਕਰ ਕੇ ਇਹ ਫੈਸਲਾ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵੱਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ। ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈੱਡ ਪੰਜਾਬ ਵੱਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀਆਂ ਖਰੀਦ ਕੀਮਤਾਂ ’ਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 55 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ’ਚ ਹੀ ਕੁਲ 105 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

 


Manoj

Content Editor

Related News